ਕਿਸਾਨ ਜਥੇਬੰਦੀਆਂ ਨੇ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ ਪਰਵਿੰਦਰ ਸਿੰਘ ਝੋਟਾ ਕਤਲ ਮਾਮਲਾ : ਕਿਸਾਨ ਜਥੇਬੰਦੀਆਂ ਨੇ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ,,
Publish Date: Mon, 19 Oct 2026 06:00 PM (IST)
Updated Date: Mon, 19 Oct 2026 06:03 PM (IST)
ਪਰਵਿੰਦਰ ਸਿੰਘ ਝੋਟਾ ਕਤਲ ਮਾਮਲਾ : ਆਗੂਆਂ ਨੇ ਵੀ ਸਰਕਾਰ ਤੋਂ ਜਵਾਬਦੇਹੀ ਮੰਗੀ ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ ਡੇਰਾਬੱਸੀ : ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਡੇਰਾਬੱਸੀ ਵਿਚ ਵੱਖ-ਵੱਖ ਕਿਸਾਨ ਜਥੇਬੰਦੀਆਂ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਨੁਮਾਇੰਦਿਆਂ ਨੇ ਪੰਜਾਬ ਸਰਕਾਰ ਤੋਂ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ। ਪਰਵਿੰਦਰ ਸਿੰਘ ਝੋਟਾ ਐਕਸ਼ਨ ਕਮੇਟੀ ਦੇ ਸੱਦੇ ’ਤੇ ਕਿਸਾਨ ਜਥੇਬੰਦੀਆਂ ਨੇ ਹਲਕਾ ਵਿਧਾਇਕ ਦੀ ਰਿਹਾਇਸ਼ ਦਾ ਘਿਰਾਓ ਕਰਦਿਆਂ ਵਿਰੋਧ ਪੱਤਰ ਦਿੱਤਾ ਅਤੇ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਉਠਾਈ। ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਅਤੇ ਸੂਬਾ ਕਾਰਜਕਾਰਨੀ ਕਮੇਟੀ ਦੇ ਮੈਂਬਰ ਜਸ਼ਨਦੀਪ ਸਿੰਘ ਸੰਧੂ, ਭੁਪਿੰਦਰ ਸਿੰਘ ਸੁੰਡਰਾ ਅਤੇ ਦਮਨਜੀਤ ਸਿੰਘ ਜ਼ੀਰਕਪੁਰ, ਬਲਜੀਤ ਸਿੰਘ ਭਾਂਖਰਪੁਰ ਤੋਂ ਇਲਾਵਾ ਕਿਸਾਨ ਯੂਨੀਅਨ ਡੱਲੇਵਾਲ ਨਾਲ ਸਬੰਧਤ ਜਸਵਿੰਦਰ ਸਿੰਘ ਟਿਵਾਣਾ ਨੇ ਵੀ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ’ਚ ਇਨਸਾਫ਼ ਦੀ ਮੰਗ ਕੀਤੀ। ਐਕਸ਼ਨ ਕਮੇਟੀ ਵੱਲੋਂ ਪੰਜਾਬ ਭਰ ਵਿਚ ਸੱਤਾਧਾਰੀ ਪਾਰਟੀ ਦੇ ਵਿਧਾਇਕਾਂ ਅਤੇ ਮੰਤਰੀਆਂ ਦੀਆਂ ਰਿਹਾਇਸ਼ਾਂ ਅੱਗੇ ਲਾਹਨਤ ਪੱਤਰ ਦੇਣ ਦਾ ਸੱਦਾ ਦਿੱਤਾ ਗਿਆ ਸੀ। ਇਸੇ ਤਹਿਤ ਡੇਰਾਬੱਸੀ ਵਿਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਜ਼ਮਹੂਰੀ ਕਿਸਾਨ ਸਭਾ ਅਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂਆਂ ਤੇ ਕਾਰਕੁਨਾਂ ਨੇ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਦੌਰਾਨ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਹਲਕਾ ਵਿਧਾਇਕ ਦੇ ਰਿਹਾਇਸ਼ ’ਤੇ ਮੌਜੂਦ ਨਾ ਹੋਣ ਦੀ ਜਾਣਕਾਰੀ ਦੇਣ ਤੋਂ ਬਾਅਦ ਜਥੇਬੰਦੀਆਂ ਨੇ ਰੋਸ ਜ਼ਾਹਰ ਕਰਦਿਆਂ ਨਾਅਰੇਬਾਜ਼ੀ ਕੀਤੀ। ਇਸ ਉਪਰੰਤ ਵਿਧਾਇਕ ਦੇ ਸਿਆਸੀ ਸਲਾਹਕਾਰ ਰਾਹੁਲ ਕੌਸ਼ਿਕ ਨੇ ਜਥੇਬੰਦੀਆਂ ਵੱਲੋਂ ਦਿੱਤਾ ਵਿਰੋਧ ਪੱਤਰ ਪ੍ਰਾਪਤ ਕੀਤਾ। ਆਗੂਆਂ ਨੇ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਐਕਸ਼ਨ ਕਮੇਟੀ ਦੀਆਂ ਮੁੱਖ ਮੰਗਾਂ ਵਿਚ ਮੁੱਖ ਮੰਤਰੀ ਅਤੇ ਪੰਜਾਬ ਦੇ ਡੀਜੀਪੀ ਦੇ ਅਸਤੀਫ਼ੇ, ਪੋਸਟਮਾਰਟਮ ਪੀਜੀਆਈ ਚੰਡੀਗੜ੍ਹ ਤੋਂ ਕਰਵਾਉਣ, ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਅਤੇ ਸਬੰਧਤ ਐੱਸਐੱਚਓ, ਡੀਐੱਸਪੀ ਤੇ ਡਰੱਗ ਇੰਸਪੈਕਟਰ ਨੂੰ ਬਰਖ਼ਾਸਤ ਕਰਨ ਦੀ ਮੰਗ ਸ਼ਾਮਲ ਹੈ। ਇਸ ਤੋਂ ਇਲਾਵਾ, ਘਟਨਾ ਵਾਲੀ ਦੁਕਾਨ ਵਿਚ ਪਰਵਿੰਦਰ ਸਿੰਘ ਝੋਟਾ ਦਾ ਬੁੱਤ ਸਥਾਪਤ ਕਰਨ ਦੀ ਮੰਗ ਵੀ ਰੱਖੀ ਗਈ। ਇਸ ਮੌਕੇ ਰਣਜੀਤ ਸਿੰਘ ਰਾਣਾ ਭਗਵਾਨਪੁਰ, ਜਗਤਾਰ ਸਿੰਘ, ਨਿੱਕਾ ਸਿੰਘ ਝਾਰਮੜੀ, ਗੁਰਪਾਲ ਸਿੰਘ, ਧਰਮ ਸਿੰਘ ਦੱਪਰ, ਲਖਵਿੰਦਰ ਸਿੰਘ ਹੈਪੀ, ਜਸਵੰਤ ਸਿੰਘ ਕੁਰਲੀ, ਭਿੰਦਰ ਖੇੜੀ ਜੱਟਾਂ, ਲਖਵਿੰਦਰ ਸਿੰਘ ਲੱਖੀ ਸਾਧਾਪੁਰ, ਅਤਿੰਦਰ ਸਿੰਘ, ਮਨਜੀਤ ਸਿੰਘ ਜਲਾਲਪੁਰ, ਮਨਦੀਪ ਸਿੰਘ ਬੜਾਨਾ, ਗੁਰਬਿੰਦਰ ਸਿੰਘ, ਸੁਰਜਣ ਸਿੰਘ, ਜਸਵਿੰਦਰ ਸਿੰਘ ਅਤੇ ਬਿਜਲੀ ਕਾਮਿਆਂ ਦੇ ਆਗੂ ਏਕਮ ਸਿੱਧੂ ਸਮੇਤ ਹੋਰ ਕਾਰਕੁਨ ਹਾਜ਼ਰ ਸਨ।