ਝੋਨੇ ਦੀ ਚੁਕਾਈ ਨਾ ਹੋਣ ਕਾਰਨ ਕਿਸਾਨ ਤੇ ਆੜ੍ਹਤੀ ਪਰੇਸ਼ਾਨ ਝੋਨੇ ਦੀ ਚੁਕਾਈ ਨਾ ਹੋਣ ਕਾਰਨ ਕਿਸਾਨ ਤੇ ਆੜ੍ਹਤੀ ਪਰੇਸ਼ਾਨ,
Publish Date: Fri, 16 Oct 2026 09:44 PM (IST)
Updated Date: Fri, 16 Oct 2026 09:45 PM (IST)
-ਮੀਂਹ ਕਾਰਨ ਝੋਨੇ ’ਚ ਨਮੀ ਵੱਧਣ ਦਾ ਖ਼ਤਰਾ, ਸਰਕਾਰ ਤੋਂ ਤੁਰੰਤ ਕਾਰਵਾਈ ਦੀ ਮੰਗ ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ ਡੇਰਾਬੱਸੀ : ਡੇਰਾਬੱਸੀ ਇਲਾਕੇ ਦੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਸਮੇਂ ਸਿਰ ਚੁਕਾਈ ਨਾ ਹੋਣ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੰਡੀਆਂ ਵਿਚ ਝੋਨੇ ਦੇ ਢੇਰ ਲੱਗੇ ਹੋਏ ਹਨ, ਜਦਕਿ ਮੀਂਹ ਕਾਰਨ ਫ਼ਸਲ ਵਿਚ ਨਮੀ ਵੱਧਣ ਦਾ ਖ਼ਤਰਾ ਵੀ ਬਣਿਆ ਹੋਇਆ ਹੈ। ਕਈ ਥਾਵਾਂ ’ਤੇ ਝੋਨੇ ਵਿਚ ਨਮੀ ਲਗਭਗ 21 ਫ਼ੀਸਦੀ ਤੱਕ ਪਹੁੰਚਣ ਦੀ ਗੱਲ ਸਾਹਮਣੇ ਆ ਰਹੀ ਹੈ, ਜਦਕਿ ਖ਼ਰੀਦ ਲਈ ਨਮੀ ਦੀ ਨਿਰਧਾਰਤ ਹੱਦ 17 ਫ਼ੀਸਦੀ ਹੈ। ਅਜਿਹੇ ਹਾਲਾਤ ਵਿਚ ਕਿਸਾਨਾਂ ਨੂੰ ਆਪਣੀ ਫ਼ਸਲ ਦੀ ਖ਼ਰੀਦ ਪ੍ਰਭਾਵਿਤ ਹੋਣ ਦਾ ਡਰ ਸਤਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਅਤੇ ਸੂਬਾ ਕਾਰਜਕਾਰਨੀ ਕਮੇਟੀ ਦੇ ਮੈਂਬਰ ਜਸ਼ਨਦੀਪ ਸਿੰਘ ਸੰਧੂ ਨੇ ਇਸ ਸਥਿਤੀ ਲਈ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਅਤੇ ਝੋਨੇ ਦੀ ਚੁਕਾਈ ਵਿਚ ਹੋ ਰਹੀ ਦੇਰੀ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਅਤੇ ਖ਼ਰੀਦ ਏਜੰਸੀਆਂ ਵੱਲੋਂ ਸਮੇਂ ਸਿਰ ਝੋਨੇ ਦੀ ਚੁਕਾਈ ਯਕੀਨੀ ਬਣਾਈ ਜਾਂਦੀ ਤਾਂ ਕਿਸਾਨਾਂ ਨੂੰ ਇਸ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪੈਂਦਾ। ਸੰਧੂ ਨੇ ਕਿਹਾ ਕਿ ਕਿਸਾਨਾਂ ਦੀ ਫ਼ਸਲ ਮੰਡੀਆਂ ਵਿਚ ਪਈ ਹੈ ਅਤੇ ਮੀਂਹ ਕਾਰਨ ਇਸ ’ਚ ਨਮੀ ਵੱਧ ਰਹੀ ਹੈ। ਜੇਕਰ ਨਿਰਧਾਰਤ ਹੱਦ ਤੋਂ ਵੱਧ ਨਮੀ ਹੋਣ ਕਾਰਨ ਕਿਸਾਨਾਂ ਦੀ ਫ਼ਸਲ ਖ਼ਰੀਦਣ ਤੋਂ ਇਨਕਾਰ ਕੀਤਾ ਜਾਂਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਕਿਸਾਨਾਂ ਸਿਰ ਕਿਉਂ ਪਾਈ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਦੇਰੀ ਦਾ ਖ਼ਮਿਆਜ਼ਾ ਕਿਸਾਨਾਂ ਨੂੰ ਨਹੀਂ ਭੁਗਤਣਾ ਚਾਹੀਦਾ। ਸਰਕਾਰ ਨੂੰ ਆਪਣੀ ਕਾਰਜਪ੍ਰਣਾਲੀ ਵਿਚ ਸੁਧਾਰ ਕਰਕੇ ਝੋਨੇ ਦੀ ਖ਼ਰੀਦ ਅਤੇ ਚੁਕਾਈ ਦੀ ਪ੍ਰਕਿਰਿਆ ਸੁਚਾਰੂ ਬਣਾਉਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਡੇਰਾਬੱਸੀ ਇਲਾਕੇ ਦੀਆਂ ਸਾਰੀਆਂ ਮੰਡੀਆਂ ਵਿਚੋਂ ਝੋਨੇ ਦੀ ਚੁਕਾਈ ਜੰਗੀ ਪੱਧਰ ’ਤੇ ਕਰਵਾਈ ਜਾਵੇ। ਮੀਂਹ ਕਾਰਨ ਨਮੀ ਵਧਣ ਨਾਲ ਪ੍ਰਭਾਵਿਤ ਫ਼ਸਲ ਦੇ ਮਾਮਲੇ ਵਿਚ ਕਿਸਾਨਾਂ ਨੂੰ ਰਾਹਤ ਦਿੱਤੀ ਜਾਵੇ ਅਤੇ ਖ਼ਰੀਦ ਪ੍ਰਕਿਰਿਆ ’ਚ ਆ ਰਹੀਆਂ ਰੁਕਾਵਟਾਂ ਨੂੰ ਤੁਰੰਤ ਦੂਰ ਕੀਤਾ ਜਾਵੇ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਤੁਰੰਤ ਕਦਮ ਚੁੱਕ ਕੇ ਕਿਸਾਨਾਂ ਦੀ ਫ਼ਸਲ ਦੀ ਸਮੇਂ ਸਿਰ ਖ਼ਰੀਦ, ਸਾਂਭ-ਸੰਭਾਲ ਅਤੇ ਚੁਕਾਈ ਯਕੀਨੀ ਬਣਾਈ ਜਾਵੇ, ਤਾਂ ਜੋ ਕਿਸਾਨਾਂ ਨੂੰ ਹੋਰ ਆਰਥਿਕ ਨੁਕਸਾਨ ਤੋਂ ਬਚਾਇਆ ਜਾ ਸਕੇ।