ਸਾਰੰਗਪੁਰ ਬੈਰੀਅਰ ’ਤੇ 22 ਪਿੰਡਾਂ ਦੇ ਕਿਸਾਨਾਂ ਦਾ ਪ੍ਰਦਰਸ਼ਨ
ਸਾਰੰਗਪੁਰ ਬੈਰੀਅਰ ’ਤੇ 22 ਪਿੰਡਾਂ ਦੇ ਕਿਸਾਨਾਂ ਦਾ ਪ੍ਰਦਰਸ਼ਨ, ਲੈਂਡ ਪੂਲਿੰਗ ਨੀਤੀ ਲਾਗੂ ਕਰਨ ਦੀ ਮੰਗ
Publish Date: Mon, 09 Mar 2026 09:25 PM (IST)
Updated Date: Mon, 09 Mar 2026 09:27 PM (IST)

- ਲੈਂਡ ਪੂਲਿੰਗ ਨੀਤੀ ਲਾਗੂ ਕਰਨ ਦੀ ਮੰਗ ਤਰੁਣ ਭਜਨੀ, ਪੰਜਾਬੀ ਜਾਗਰਣ ਚੰਡੀਗੜ੍ਹ : ਚੰਡੀਗੜ੍ਹ ਦੇ 22 ਪਿੰਡਾਂ ਦੇ ਕਿਸਾਨਾਂ ਨੇ ਸੋਮਵਾਰ ਨੂੰ ਸਾਰੰਗਪੁਰ ਬੈਰੀਅਰ ’ਤੇ ਚੰਡੀਗੜ੍ਹ ਪ੍ਰਸ਼ਾਸਨ ਵਿਰੁੱਧ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਦੌਰਾਨ ਲੈਂਡ ਪੂਲਿੰਗ ਨੀਤੀ, ਲਾਲ ਡੋਰਾ ਨੂੰ ਖ਼ਤਮ ਕਰਨ, ਪਿੰਡਾਂ ਦਾ ਵਾਰਡਾਂ ਵਿਚ ਏਕੀਕਰਨ ਕਰਨ ਦੀ ਮੰਗ ਕੀਤੀ ਗਈ। ਇਸ ਧਰਨੇ ਵਿਚ ਚੰਡੀਗੜ੍ਹ ਦੇ 500 ਤੋਂ ਵੱਧ ਕਿਸਾਨਾਂ ਨੇ ਹਿੱਸਾ ਲਿਆ। ਕਿਸਾਨਾਂ ਨੇ ਦੋਸ਼ ਲਗਾਇਆ ਕਿ ਨਿਗਮ ਵਿਚ ਚੰਡੀਗੜ੍ਹ ਦੇ ਸਾਰੇ ਪਿੰਡਾਂ ਨੂੰ ਚੰਡੀਗੜ੍ਹ ਵਿਚ ਸ਼ਾਮਲ ਕਰਨ ਦੇ ਬਾਵਜੂਦ ਖੇਤੀਬਾੜੀ ਜ਼ਮੀਨ ਲਈ ਨਾ ਤਾਂ ਲੈਂਡ ਪੂਲਿੰਗ ਨੀਤੀ ਲਾਗੂ ਕੀਤੀ ਗਈ ਹੈ ਅਤੇ ਨਾ ਹੀ ਜ਼ਮੀਨ ਵਰਤੋਂ ਨੀਤੀ ਵਿਚ ਤਬਦੀਲੀ ਕੀਤੀ ਗਈ ਹੈ। ਜੇਕਰ ਲੈਂਡ ਪੂਲਿੰਗ ਨੀਤੀ ਲਾਗੂ ਕੀਤੀ ਜਾਂਦੀ ਹੈ, ਤਾਂ ਲਾਲ ਡੋਰਾ ਸਕੀਮ ਖ਼ਤਮ ਕਰ ਦਿੱਤੀ ਜਾਵੇਗੀ, ਅਤੇ ਇਕ ਯੋਜਨਾਬੱਧ ਵਿਕਾਸ ਯਕੀਨੀ ਬਣਾਇਆ ਜਾਵੇਗਾ। ਪੇਡੂ ਵਿਕਾਸ ਮੰਚ ਦੇ ਪ੍ਰਧਾਨ ਸਤਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਚੰਡੀਗੜ੍ਹ ਦੇ ਕਿਸਾਨਾਂ ਦਾ ਰੋਸ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਦੇਖਿਆ ਜਾਵੇ ਤਾਂ ਚੰਡੀਗੜ੍ਹ ਵਸਿਆ ਤਾਂ ਕਿਸਾਨਾਂ ਦੀਆਂ ਜ਼ਮੀਨਾਂ ’ਤੇ ਹੀ ਹੈ। ਉਨ੍ਹਾਂ ਕਿਸਾਨਾਂ ਲਈ ਕੋਈ ਨੀਤੀ ਨਹੀਂ ਬਣਾਈ ਜਾ ਰਹੀ। ਉਸ ਸਮੇਂ ਜੇਕਰ ਕਿਸਾਨ ਇਕਜੁੱਟ ਹੋ ਜਾਂਦੇ ਅਤੇ ਪ੍ਰਸ਼ਾਸਨ ਨੂੰ ਜ਼ਮੀਨ ਨਾ ਦਿੰਦੇ ਫਿਰ ਚੰਡੀਗੜ੍ਹ ਸਰਕਾਰ ਕਿੱਥੇ ਬਣਾਉਂਦੀ। ਜਦੋਂਕਿ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਲਈ ਅਜਿਹੀਆਂ ਨੀਤੀਆਂ ਮੌਜੂਦ ਹਨ। ਇਸ ਮੌਕੇ ਕਿਸਾਨਾਂ ਨੇ ਮੰਗ ਕੀਤੀ ਕਿ ਉਨ੍ਹਾਂ ਨੂੰ ਵੀ ਪੰਜਾਬ ਅਤੇ ਹਰਿਆਣਾ ਦੀ ਤਰਜ਼ ’ਤੇ ਲੈਂਡ ਪੂਲਿੰਗ ਸਕੀਮ ਵਿਚ ਲਿਆਂਦਾ ਜਾਣਾ ਚਾਹੀਦਾ ਹੈ। ਇਸ ਮੌਕੇ ਗ੍ਰਾਮ ਸੰਘਰਸ਼ ਮੋਰਚੇ ਦੇ ਸਰਪ੍ਰਸਤ ਸਾਧੂ ਸਿੰਘ, ਸੁਰਜੀਤ ਸਿੰਘ ਢਿੱਲੋਂ, ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ, ਪ੍ਰਧਾਨ ਹਰਭਜਨ ਸਿੰਘ ਕਜਹੇੜੀ, ਸਾਬਕਾ ਸਰਪੰਚ ਜੀਤ ਸਿੰਘ ਬਹਿਲਾਣਾ, ਚੰਡੀਗੜ੍ਹ ਗੁਰਦੁਆਰਾ ਐਸੋਸੀਏਸ਼ਨ ਦੇ ਪ੍ਰਧਾਨ ਤਾਰਾ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਸ਼ਾਮਲ ਹੋਏ।