- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਣਐਲਾਨੇ ਬਿਜਲੀ ਕੱਟਾਂ ਖ਼ਿਲਾਫ਼ ਕਿਸਾਨਾਂ ਵੱਲੋਂ ਪਾਵਰਕੌਮ ਦਫ਼ਤਰ ਦੇ ਬਾਹਰ ਰੋਸ ਮੁਜ਼ਾਹਰਾ

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ
ਮੁਹਾਲੀ : ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਦੀ ਅਪੀਲ 'ਤੇ ਸੋਮਵਾਰ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਬਿਜਲੀ ਦੇ ਅਣਐਲਾਨੇ ਕੱਟਾਂ ਅਤੇ ਮਾੜੀ ਬਿਜਲੀ ਸਪਲਾਈ ਦੇ ਰੋਸ ਵਜੋਂ ਮੁਹਾਲੀ ਵਿਖੇ ਪਾਵਰਕੌਮ ਦੇ ਸੁਪਰਡੈਂਟ ਇੰਜੀਨੀਅਰ (ਐੱਸਈ) ਦੇ ਦਫ਼ਤਰ ਦੇ ਬਾਹਰ ਵਿਸ਼ਾਲ ਰੋਸ ਧਰਨਾ ਦਿੱਤਾ। ਕਿਸਾਨਾਂ ਨੇ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਵਰਕੌਮ ਮੈਨੇਜਮੈਂਟ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਰੋਸ ਪ੍ਰਦਰਸ਼ਨ ’ਚ ਹਿੱਸਾ ਲੈਣ ਲਈ ਕਿਸਾਨ ਯੂਨੀਅਨ (ਰਾਜੇਵਾਲ), ਕਿਸਾਨ ਯੂਨੀਅਨ (ਲੱਖੋਵਾਲ), ਕਿਸਾਨ ਯੂਨੀਅਨ (ਏਕਤਾ ਡਕੌਂਦਾ) ਅਤੇ ਕਿਸਾਨ ਯੂਨੀਅਨ (ਕਾਦੀਆ) ਦੇ ਮੈਂਬਰ ਅੱਜ ਸਵੇਰੇ 10 ਵਜੇ ਤੋਂ ਹੀ ਪਾਵਰਕੌਮ ਦੇ ਦਫ਼ਤਰ ਦੇ ਬਾਹਰ ਜੁੜਨੇ ਸ਼ੁਰੂ ਹੋ ਗਏ ਸਨ। ਦੁਪਹਿਰ 12 ਵਜੇ ਤੱਕ ਕਿਸਾਨਾਂ ਦਾ ਵੱਡਾ ਇਕੱਠ ਹੋ ਗਿਆ। ਪ੍ਰਦਰਸ਼ਨਕਾਰੀ ਕਿਸਾਨਾਂ ਨੇ ਹੱਥਾਂ ’ਚ ਕਿਸਾਨੀ ਝੰਡੇ ਫੜ ਕੇ ਪੰਜਾਬ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।
ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਯੂਨੀਅਨ (ਰਾਜੇਵਾਲ) ਦੇ ਸੂਬਾ ਸਕੱਤਰ ਪਰਮਦੀਪ ਸਿੰਘ ਬੈਦਵਾਨ, ਜ਼ਿਲ੍ਹਾ ਕਿਰਪਾਲ ਸਿੰਘ ਸਿਆਊ, ਕਿਸਾਨ ਯੂਨੀਅਨ (ਲੱਖੋਵਾਲ) ਦੇ ਮੁੱਖ ਬੁਲਾਰੇ ਨਛੱਤਰ ਸਿੰਘ ਬੈਦਵਾਨ ਤੇ ਬਲਾਕ ਪ੍ਰਧਾਨ ਦਰਸ਼ਨ ਸਿੰਘ ਦੁਰਾਲੀ, ਕਿਸਾਨ ਯੂਨੀਅਨ (ਕਾਦੀਆ) ਦੇ ਆਗੂ ਕੰਵਲਜੀਤ ਸਿੰਘ ਲਾਂਡਰਾਂ, ਕਿਸਾਨ ਯੂਨੀਅਨ (ਏਕਤਾ ਡਕੌਂਦਾ) ਦੇ ਆਗੂ ਗੁਰਪ੍ਰੀਤ ਸਿੰਘ ਸੇਖਨ ਮਾਜਰਾ ਅਤੇ ਹੋਰਨਾਂ ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਅਤੇ ਪਾਵਰਕੌਮ ਵੱਲੋਂ ਕੀਤੇ ਜਾ ਰਹੇ ਦਾਅਵਿਆਂ ਦੇ ਉਲਟ ਪਿੰਡਾਂ ਅਤੇ ਖੇਤੀ ਖੇਤਰ ਨੂੰ ਪੂਰੀ ਬਿਜਲੀ ਨਹੀਂ ਮਿਲ ਰਹੀ। ਕਿਸਾਨਾਂ ਦਾ ਕਹਿਣਾ ਹੈ ਕਿ ਦਿਨ-ਰਾਤ ਦੇ ਸਮੇਂ ਲੱਗ ਰਹੇ ਅਣਐਲਾਨੇ ਬਿਜਲੀ ਕੱਟਾਂ ਕਾਰਨ ਆਮ ਜਨ-ਜੀਵਨ ਦੇ ਨਾਲ-ਨਾਲ ਫ਼ਸਲਾਂ ਦਾ ਵੀ ਭਾਰੀ ਨੁਕਸਾਨ ਹੋ ਰਿਹਾ ਹੈ। ਕਿਸਾਨਾਂ ਨੇ ਮੰਗ ਕੀਤੀ ਕਿ ਖੇਤੀਬਾੜੀ ਸੈਕਟਰ ਲਈ ਘੱਟੋ-ਘੱਟ ਨਿਰਧਾਰਤ ਸਮੇਂ ਲਈ ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਸੜਕ ਕਿਨਾਰੇ ਅਤੇ ਖੇਤਾਂ ’ਚ ਸੜ ਰਹੇ ਟ੍ਰਾਂਸਫਾਰਮਰਾਂ ਨੂੰ ਤੁਰੰਤ ਬਦਲਿਆ ਜਾਵੇ ਅਤੇ ਢਿੱਲੀਆਂ ਤਾਰਾਂ ਨੂੰ ਠੀਕ ਕੀਤਾ ਜਾਵੇ ਤਾਂ ਜੋ ਬਿਜਲੀ ਸਪਲਾਈ ’ਚ ਕੋਈ ਦਿੱਕਤ ਨਾ ਆਵੇ ਅਤੇ ਹਾਦਸਿਆਂ ਨੂੰ ਠੱਲ੍ਹ ਪਾਈ ਜਾ ਸਕੇ।
ਕਿਸਾਨਾਂ ਦੇ ਧਰਨੇ ਦੀ ਗੰਭੀਰਤਾ ਨੂੰ ਦੇਖਦਿਆਂ ਪਾਵਰਕੌਮ ਦਫ਼ਤਰ ਦੇ ਬਾਹਰ ਪੁਲਿਸ ਬਲ ਤਾਇਨਾਤ ਕੀਤਾ ਗਿਆ। ਕਿਸਾਨਾਂ ਦੇ ਤਿੱਖੇ ਰੋਹ ਨੂੰ ਦੇਖਦਿਆਂ ਮੌਕੇ 'ਤੇ ਪਹੁੰਚੇ ਉੱਚ ਅਧਿਕਾਰੀਆਂ ਨੇ ਕਿਸਾਨ ਜਕੇਬੰਦੀਆਂ ਦੇ ਮੋਹਰੀ ਆਗੂਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਕੋਲੋਂ ਮੰਗ ਪੱਤਰ ਹਾਸਲ ਕੀਤਾ। ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਬਿਜਲੀ ਦੀ ਸਪਲਾਈ ’ਚ ਤੁਰੰਤ ਸੁਧਾਰ ਨਾ ਕੀਤਾ ਗਿਆ ਅਤੇ ਅਣਐਲਾਨੇ ਕੱਟ ਬੰਦ ਨਾ ਹੋਏ, ਤਾਂ ਇਹ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਦੀ ਹੋਵੇਗੀ। ਇਸ ਮੌਕੇ ਕੁਲਵੰਤ ਸਿੰਘ ਗਿੱਲ, ਜਸਵਿੰਦਰ ਸਿੰਘ ਕੰਡਾਲਾ, ਗੁਰਵਿੰਦਰ ਸਿੰਘ ਸਿਆਊ, ਹਰਜੀਤ ਸਿੰਘ ਸਿਆਊ, ਗੁਰਪ੍ਰੀਤ ਸਿੰਘ ਝਾਮਪੁਰ ਸਮੇਤ ਹੋਰਨ ਕਿਸਾਨ ਆਗੂਆਂ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ।