ਸੀਵਰੇਜ ਦੇ ਪਾਣੀ ਨਾਲ ਬਿਮਾਰੀਆਂ ਫ਼ੈਲਣ ਦਾ ਖ਼ਦਸ਼ਾ
ਸੈਕਟਰ 78 ਦੀ ਮਾਰਕੀਟ 'ਚ ਸੀਵਰੇਜ ਦੇ ਗੰਦੇ ਪਾਣੀ ਨਾਲ ਬਿਮਾਰੀਆਂ ਫ਼ੈਲਣ ਦਾ ਖ਼ਦਸ਼ਾ
Publish Date: Tue, 31 Mar 2026 07:42 PM (IST)
Updated Date: Wed, 01 Apr 2026 04:16 AM (IST)

ਕੌਂਸਲਰ ਹਰਜੀਤ ਸਿੰਘ ਭੋਲੂ ਨੇ ਪ੍ਰਸ਼ਾਸਨ ਨੂੰ ਦਿੱਤੀ ਚਿਤਾਵਨੀ ਮਸਲਾ ਹੱਲ ਨਾ ਹੋਣ ਦੀ ਸੂਰਤ ’ਚ ਨਗਰ ਨਿਗਮ ਦਾ ਘਿਰਾਓ ਕਰਨ ਦਾ ਐਲਾਨ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਇੱਥੋਂ ਦੇ ਸੈਕਟਰ 78 ਦੀ ਗੁਰੂ ਨਾਨਕ ਸਵੀਟਸ ਵਾਲੀ ਮਾਰਕੀਟ ਵਿਚ ਪਿਛਲੇ ਇਕ ਮਹੀਨੇ ਤੋਂ ਸੀਵਰੇਜ ਜਾਮ ਹੋਣ ਕਾਰਨ ਦੁਕਾਨਦਾਰ ਅਤੇ ਖ਼ਰੀਦਦਾਰੀ ਕਰਨ ਆਉਂਦੇ ਸ਼ਹਿਰ ਵਾਸੀ ਡਾਢੇ ਤੰਗ ਪਰੇਸ਼ਾਨ ਹਨ। ਮਾਰਕੀਟ ਦੀ ਪਾਰਕਿੰਗ ਵਿਚ ਖੜ੍ਹੇ ਗੰਦੇ ਪਾਣੀ ’ਚੋਂ ਬਦਬੂ ਉੱਠਣ ਕਾਰਨ ਜਿੱਥੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਭਿਆਨਕ ਬਿਮਾਰੀਆਂ ਫ਼ੈਲਣ ਦਾ ਖ਼ਤਰਾ ਵੀ ਵੱਧ ਰਿਹਾ ਹੈ। ਇਸ ਸਬੰਧੀ ਕੌਂਸਲਰ ਹਰਜੀਤ ਸਿੰਘ ਭੋਲੂ ਬੈਦਵਾਨ ਨੇ ਦੱਸਿਆ ਕਿ ਸੀਵਰੇਜ ਦੇ ਗੰਦੇ ਪਾਣੀ ਦੀ ਇਸ ਗੰਭੀਰ ਸਮੱਸਿਆ ਬਾਰੇ ਉਹ ਕਈ ਵਾਰ ਨਗਰ ਨਿਗਮ ਦੇ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਦੇ ਚੁੱਕੇ ਹਨ ਅਤੇ ਬੈਠਕਾਂ ਦੌਰਾਨ ਵੀ ਹਾਊਸ ਵਿਚ ਜ਼ੋਰਾਂ-ਸ਼ੋਰਾਂ ਨਾਲ ਮੁੱਦਿਆਂ ਨੂੰ ਚੁੱਕਿਆ ਜਾਂਦਾ ਰਿਹਾ ਹੈ ਪਰ ਕੋਈ ਸੁਣਵਾਈ ਨਹੀਂ ਹੋ ਰਹੀ। ਉਨ੍ਹਾਂ ਦੱਸਿਆ ਕਿ ਪਿਛਲੇ ਹਫ਼ਤੇ ਵੀ ਉਨ੍ਹਾਂ ਨੇ ਸਬੰਧਤ ਜੇਈ ਨੂੰ ਵੀਡੀਓ ਭੇਜ ਕੇ ਹਾਲਾਤਾਂ ਤੋਂ ਜਾਣੂ ਕਰਵਾਇਆ ਸੀ ਪਰ ਜੇਈ ਵੱਲੋਂ ਟਾਲਮਟੋਲ ਕੀਤੀ ਜਾ ਰਹੀ ਹੈ। ਹੁਣ ਤੱਕ ਸੀਵਰੇਜ ਸਾਫ਼ ਕਰਨ ਵਾਲੀ ਇਕ ਵੀ ਮਸ਼ੀਨ ਮੌਕੇ ਤੇ ਨਹੀਂ ਭੇਜੀ ਗਈ। ਬਾਕਸ-- ਦੁਕਾਨਦਾਰਾਂ ਅਤੇ ਰਾਹਗੀਰਾਂ ਦੀਆਂ ਵਧੀਆਂ ਮੁਸ਼ਕਲਾਂ : ਕੌਂਸਲਰ ਹਰਜੀਤ ਸਿੰਘ ਭੋਲੂ ਨੇ ਨਿਗਮ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਇਸ ਸਮੱਸਿਆ ਦਾ ਜਲਦੀ ਅਤੇ ਪੱਕਾ ਹੱਲ ਨਾ ਕੀਤਾ ਗਿਆ, ਤਾਂ ਉਹ ਮਾਰਕੀਟ ਦੇ ਦੁਕਾਨਦਾਰਾਂ ਅਤੇ ਸ਼ਹਿਰ ਵਾਸੀਆਂ ਨੂੰ ਨਾਲ ਲੈ ਕੇ ਨਗਰ ਨਿਗਮ ਦਫ਼ਤਰ ਦਾ ਘਿਰਾਓ ਕਰਨ ਲਈ ਮਜ਼ਬੂਰ ਹੋਣਗੇ ਅਤੇ ਇਸ ਦੌਰਾਨ ਪੈਦਾ ਹੋਏ ਹਾਲਾਤਾਂ ਲਈ ਸਬੰਧਤ ਅਧਿਕਾਰੀ ਜ਼ਿੰਮੇਵਾਰ ਹੋਣਗੇ।