ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਨੰਬਰਦਾਰਾਂ ਨੂੰ ਸਰਕਾਰ ਦਾ ਅਹਿਮ ਅੰਗ ਦੱਸਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੰਬਰਦਾਰਾਂ ਦਾ ਬਣਦਾ ਮਾਨ-ਸਨਮਾਨ ਬਹਾਲ ਕਰਨ ਲਈ ਵਚਨਬੱਧ ਹੈ।

ਅੱਜ ਇਥੇ ਵਿੱਤ ਤੇ ਯੋਜਨਾ ਭਵਨ ਵਿਖੇ ਨੰਬਰਦਾਰਾਂ ਦੀਆਂ ਯੂਨੀਅਨਾਂ ਨਾਲ ਖੁਸ਼ਗਵਾਰ ਮਾਹੌਲ ਵਿੱਚ ਹੋਈ ਮੀਟਿੰਗ ਦੌਰਾਨ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਜਾਇਜ਼ ਮੰਗਾਂ ‘ਤੇ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਚੀਮਾ ਨੇ ਯੂਨਿਅਨਾਂ ਦੇ ਨੁਮਾਇੰਦਿਆਂ ਨੂੰ ਯਕੀਨ ਦਿਵਾਇਆ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਸੁਹਿਰਦ ਹੈ।

ਨੰਬਰਦਾਰਾਂ ਦੀ ਸਹੂਲਤ ਲਈ ਵਿੱਤ ਮੰਤਰੀ ਨੇ ਚੰਡੀਗੜ੍ਹ ਵਿਖੇ ਕਿਸਾਨ ਭਵਨ ਵਿੱਚ ਉਨ੍ਹਾਂ ਲਈ ਕਮਰੇ ਰਾਖਵੇਂ ਕਰਨ, ਜ਼ਿਲ੍ਹਾ ਤੇ ਤਹਿਸੀਲ ਕੰਪਲੈਕਸਾਂ ਵਿੱਚ ਬੈਠਣ ਲਈ ਕਮਰੇ ਦੀ ਵਿਵਸਥਾ ਕਰਨ, ਜ਼ਿਲ੍ਹਾ ਪੱਧਰ ‘ਤੇ ਬਣਨ ਵਾਲੀਆਂ ਸ਼ਿਕਾਇਤ ਨਿਵਾਰਨ ਕਮੇਟੀਆਂ ਵਿੱਚ ਉਨ੍ਹਾਂ ਨੂੰ ਸ਼ਾਮਲ ਕਰਨ ਲਈ ਸਬੰਧਤ ਅਧਿਕਾਰੀਆਂ ਅਤੇ ਵਿਭਾਗਾਂ ਨੂੰ ਨਿਰਦੇਸ਼ ਜਾਰੀ ਕੀਤੇ। ਇਸ ਤੋਂ ਇਲਾਵਾ ਮਾਲ ਵਿਭਾਗ ਨੂੰ ਜ਼ਮੀਨਾਂ ਦੀ ਰਜਿਸਟਰੇਸ਼ਨ ਪ੍ਰਕ੍ਰਿਆ ਵਿੱਚ ਨੰਬਰਦਾਰਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਕਿਹਾ।

ਨੰਬਰਦਾਰਾਂ ਵੱਲੋਂ ਮਾਣ-ਭੱਤਾ ਵਧਾਉਣ ਸਬੰਧੀ ਕੀਤੀ ਮੰਗ ‘ਤੇ ਵਿੱਤ ਮੰਤਰੀ ਨੇ ਯੂਨੀਅਨ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਜਲਦੀ ਹੀ ਇਹ ਮੁੱਦਾ ਮੁੱਖ ਮੰਤਰੀ ਭਗਵੰਤ ਮਾਨ ਨਾਲ ਸਾਂਝਾ ਕਰਨਗੇ। ਉਨ੍ਹਾਂ ਕਿਹਾ ਕਿ ਇਸ ਮੰਗ ਦੇ ਵਿੱਤੀ ਪ੍ਰਭਾਵਾਂ ਨੂੰ ਵੀ ਵਾਚਿਆ ਜਾਵੇਗਾ ਤਾਂ ਜੋ ਯੋਗ ਫ਼ੈਸਲਾ ਲਿਆ ਜਾ ਸਕੇ। ਇਸ ਮੀਟਿੰਗ ਵਿੱਚ ਵਿਸ਼ੇਸ਼ ਸਕੱਤਰ ਖਰਚਾ ਮੁਹੰਮਦ ਤਇਅਬ ਵੀ ਹਾਜ਼ਰ ਸਨ।

Posted By: Jagjit Singh