ਜ਼ੀਰਕਪੁਰ ’ਚ ਬਿਲਡਰ ਦੇ ਦਫ਼ਤਰ ’ਤੇ ਤਾਬੜਤੋੜ ਫਾਇਰਿੰਗ, ਇਲਾਕੇ 'ਚ ਮਚੀ ਤਰਥੱਲੀ; ਪੁਲਿਸ ਨੇ ਸ਼ੁਰੂ ਕੀਤੀ ਜਾਂਚ
ਬਿਲਡਰ ਅਮਿਤ ਦੁਆ ਅਨੁਸਾਰ, ਉਨ੍ਹਾਂ ਨੂੰ ਪਿਛਲੇ ਲਗਪਗ ਇੱਕ ਸਾਲ ਤੋਂ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ। ਇੰਨਾ ਹੀ ਨਹੀਂ, ਹਮਲਾਵਰਾਂ ਵੱਲੋਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਲਗਾਤਾਰ ਧਮਕਾਇਆ ਜਾ ਰਿਹਾ ਸੀ।
Publish Date: Fri, 21 Aug 2026 12:47 PM (IST)
Updated Date: Fri, 21 Aug 2026 12:49 PM (IST)
ਅਮਰਜੀਤ ਸਿੰਘ, ਪੰਜਾਬੀ ਜਾਗਰਣ, ਮੁਹਾਲੀ। ਮੁਹਾਲੀ ਦੇ ਜ਼ੀਰਕਪੁਰ 'ਚ ਇੱਕ ਵੱਡੀ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਇੱਕ ਬਿਲਡਰ ਦੇ ਦਫ਼ਤਰ ’ਤੇ ਸ਼ੁੱਕਰਵਾਰ ਸਵੇਰੇ ਅਣਪਛਾਤੇ ਹਮਲਾਵਰਾਂ ਵੱਲੋਂ ਤਾਬੜਤੋੜ ਫਾਇਰਿੰਗ ਕੀਤੀ ਗਈ। ਜਾਣਕਾਰੀ ਅਨੁਸਾਰ ਦੋ ਹਥਿਆਰਬੰਦ ਬਦਮਾਸ਼ ਪ੍ਰੋਜੈਕਟ ਦੇ ਮੁੱਖ ਗੇਟ ’ਤੇ ਪਹੁੰਚੇ ਅਤੇ ਤਿੰਨ ਗੋਲੀਆਂ ਚਲਾ ਕੇ ਮੌਕੇ ਤੋਂ ਫਰਾਰ ਹੋ ਗਏ। ਇਸ ਘਟਨਾ ਤੋਂ ਬਾਅਦ ਇਲਾਕੇ ’ਚ ਭਾਰੀ ਦਹਿਸ਼ਤ ਅਤੇ ਤਰਥੱਲੀ ਦਾ ਮਾਹੌਲ ਬਣ ਗਿਆ ਹੈ।
ਜਾਨੋਂ ਮਾਰਨ ਦੀਆਂ ਮਿਲ ਰਹੀਆਂ ਸਨ ਧਮਕੀਆਂ
ਬਿਲਡਰ ਅਮਿਤ ਦੁਆ ਅਨੁਸਾਰ, ਉਨ੍ਹਾਂ ਨੂੰ ਪਿਛਲੇ ਲਗਪਗ ਇੱਕ ਸਾਲ ਤੋਂ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ। ਇੰਨਾ ਹੀ ਨਹੀਂ, ਹਮਲਾਵਰਾਂ ਵੱਲੋਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਲਗਾਤਾਰ ਧਮਕਾਇਆ ਜਾ ਰਿਹਾ ਸੀ।
ਸੀ.ਸੀ.ਟੀ.ਵੀ. ਫੁਟੇਜ ਖੰਗਾਲ ਰਹੀ ਪੁਲਿਸ
ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ।
ਹਰ ਪਹਿਲੂ ਤੋਂ ਜਾਂਚ ਜਾਰੀ
ਫਾਇਰਿੰਗ ਦੇ ਪਿੱਛੇ ਪੁਰਾਣੀ ਧਮਕੀ, ਪ੍ਰਾਪਰਟੀ ਵਿਵਾਦ ਜਾਂ ਕਿਸੇ ਹੋਰ ਆਪਸੀ ਰੰਜਿਸ਼ ਦੀ ਸੰਭਾਵਨਾ ਨੂੰ ਧਿਆਨ 'ਚ ਰੱਖਦਿਆਂ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।