ਗੁਰਬਾਣੀ ਕੀਰਤਨ ਤੇ ਕਥਾ-ਵਿਚਾਰ ਨਾਲ ਮਨਾਇਆ ਪਹਿਲਾ ਪ੍ਰਕਾਸ਼ ਪੁਰਬ ਗੁਰਬਾਣੀ ਕੀਰਤਨ ਤੇ ਕਥਾ-ਵਿਚਾਰ ਨਾਲ ਮਨਾਇਆ ਪਹਿਲਾ ਪ੍ਰਕਾਸ਼ ਪੁਰਬ
Publish Date: Sun, 20 Sep 2026 09:13 PM (IST)
Updated Date: Mon, 21 Sep 2026 04:12 AM (IST)
ਮਹਿਰਾ, ਪੰਜਾਬੀ ਜਾਗਰਣ, ਖਰੜ : ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਖਰੜ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਸਮਾਗਮ ਵਿਚ ਵੱਡੀ ਗਿਣਤੀ ’ਚ ਸੰਗਤ ਨੇ ਸ਼ਮੂਲੀਅਤ ਕੀਤੀ। ਸਮਾਗਮ ਦੀ ਸ਼ੁਰੂਆਤ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਨਾਲ ਹੋਈ। 26 ਜੂਨ ਤੋਂ ਸੰਗਤੀ ਰੂਪ ਵਿਚ ਆਰੰਭ ਕੀਤੇ ਗਏ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ 20 ਸਤੰਬਰ ਨੂੰ ਸੰਗਤ ਦੀ ਹਾਜ਼ਰੀ ਵਿਚ ਪਾਏ ਗਏ। ਇਸ ਉਪਰੰਤ ਗੁਰਮਤਿ ਸਮਾਗਮ ਦੌਰਾਨ ਭਾਈ ਗੁਰਸੇਵਕ ਸਿੰਘ ਦੇ ਕੀਰਤਨੀ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸ ਮੌਕੇ ਭਾਈ ਗੁਰਵਿੰਦਰ ਸਿੰਘ, ਹੈੱਡ ਗ੍ਰੰਥੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਬਾਰੇ ਕਥਾ-ਵਿਚਾਰ ਸਾਂਝੇ ਕੀਤੇ ਗਏ। ਉਪਰੰਤ ਭਾਈ ਇੰਦਰਜੀਤ ਸਿੰਘ, ਹਜ਼ੂਰੀ ਰਾਗੀ ਜਥਾ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ, ਮੁਹਾਲੀ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਸਹਿਜ ਪਾਠ ਸਾਹਿਬ ਵਿਚ ਸੰਗਤੀ ਰੂਪ ’ਚ ਭਾਗ ਲੈਣ ਵਾਲੀ ਸੰਗਤ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਕੀਰਤਨੀ ਜਥਿਆਂ ਅਤੇ ਸਮਾਗਮ ਦੀ ਸੇਵਾ ਵਿਚ ਯੋਗਦਾਨ ਪਾਉਣ ਵਾਲੇ ਸੇਵਾਦਾਰਾਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਮਾਗਮ ਦੀ ਸਮਾਪਤੀ ਉਪਰੰਤ ਸੰਗਤ ਲਈ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਇਸ ਮੌਕੇ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਸੁਰਮੁਖ ਸਿੰਘ, ਜਨਰਲ ਸਕੱਤਰ ਭਾਈ ਜਸਬੀਰ ਸਿੰਘ, ਸਤਪਾਲ ਸਿੰਘ, ਸਵਰਨ ਸਿੰਘ ਜੰਡਪੁਰੀ, ਮਲਕੀਅਤ ਸਿੰਘ, ਜਸਵੰਤ ਸਿੰਘ, ਪਿਆਰਾ ਸਿੰਘ, ਬਲਦੇਵ ਸਿੰਘ, ਸੁਰਜੀਤ ਸਿੰਘ, ਮਨਦੀਪ ਸਿੰਘ, ਜਥੇਦਾਰ ਜਰਨੈਲ ਸਿੰਘ, ਭਾਈ ਕਰਮਜੀਤ ਸਿੰਘ ਖ਼ਾਲਸਾ, ਹਰਭਜਨ ਸਿੰਘ, ਅਵਤਾਰ ਸਿੰਘ ਸੈਪਲਾ, ਸੀਤਲ ਸਿੰਘ, ਭਾਈ ਹਰਜੀਤ ਸਿੰਘ ਸਮੇਤ ਵੱਡੀ ਗਿਣਤੀ ’ਚ ਸੰਗਤ ਹਾਜ਼ਰ ਸਨ।