ਜੈ ਸਿੰਘ ਛਿੱਬਰ, ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਪੰਜ ਵਿਧਾਇਕ ਸ਼ਨਿਚਰਵਾਰ ਨੂੰ ਖੁੱਲ੍ਹ ਰਹੇ ਕਰਤਾਰਪੁਰ ਲਾਂਘੇ ਰਾਹੀਂ ਪਹਿਲੇ ਵਫ਼ਦ ਨਾਲ ਪਾਕਿਸਤਾਨ ਨਹੀਂ ਜਾ ਸਕਣਗੇ। ਪੰਜਾਬ ਵਿਧਾਨ ਸਭਾ 'ਚ ਆਪ ਦੀ ਡਿਪਟੀ ਲੀਡਰ ਸਰਬਜੀਤ ਕੌਰ ਮਾਣੂੰਕੇ, ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਸਿੰਘ ਪੰਡੋਰੀ, ਮਾਸਟਰ ਬਲਦੇਵ ਸਿੰਘ ਜੈਤੋ ਅਤੇ ਜਗਤਾਰ ਸਿੰਘ ਜੱਗਾ ਨੂੰ ਕਲੀਅਰੈਂਸ/ਵੀਜ਼ਾ ਨਹੀਂ ਮਿਲਿਆ ਹੈ। ਖ਼ਬਰ ਲਿਖੇ ਜਾਣ ਤਕ ਇਨ੍ਹਾਂ ਵਿਧਾਇਕਾਂ ਨੂੰ ਵੀਜ਼ਾ ਨਾ ਦਿੱਤੇ ਜਾਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਆਪ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਦੋਸ਼ ਲਾਇਆ ਕਿ ਇਕ ਸਾਜ਼ਿਸ਼ ਤਹਿਤ ਆਪ ਦੇ ਪੰਜ ਦਲਿਤ ਵਿਧਾਇਕਾਂ ਨੂੰ ਵਫ਼ਦ ਵਿਚ ਜਾਣ ਤੋਂ ਰੋਕਿਆ ਗਿਆ ਹੈ। ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਲੁਧਿਆਣਾ ਵੱਲੋਂ ਮੁੱਖ ਮੰਤਰੀ ਦੇ ਉਪ-ਮੁੱਖ ਸਕੱਤਰ ਨੂੰ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ, ਸਰਬਜੀਤ ਕੌਰ ਮਾਣੂੰਕੇ ਅਤੇ ਲੁਧਿਆਣਾ ਤੋਂ ਵਿਧਾਇਕ ਸੁਰਿੰਦਰ ਡਾਬਰ ਦਾ ਨਾਂ ਵੀਜ਼ਾ ਲਈ ਭੇਜਿਆ ਗਿਆ ਸੀ। ਪਰ, ਇਸ ਇੱਕੋ ਪੱਤਰ 'ਚੋਂ ਬੀਬੀ ਮਾਣੂੰਕੇ ਦਾ ਨਾਂ ਕੱਟ ਦਿੱਤਾ ਗਿਆ ਜਦੋਂ ਕਿ ਬਾਕੀ ਦੋਵੇਂ ਕਾਂਗਰਸੀ ਆਗੂਆਂ ਨੂੰ ਵੀਜ਼ਾ ਦੇ ਦਿੱਤਾ ਗਿਆ ਹੈ। ਸੰਧਵਾਂ ਨੇ ਦੋਸ਼ ਲਾਇਆ ਕਿ ਵਿਧਾਇਕਾਂ ਦੀ ਪੁਲਿਸ ਤੋਂ ਵੈਰੀਫਿਕੇਸ਼ਨ ਕਰਵਾਉਣਾ ਚੰਗੀ ਗੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਜਾਣ ਲਈ 'ਆਪ' ਦੇ ਵਿਧਾਇਕਾਂ ਨੂੰ ਕਿਉਂ ਛੱਡਿਆ ਗਿਆ ਜਾਂ ਕਿਸ ਪੱਧਰ 'ਤੇ ਕੁਤਾਹੀ ਹੋਈ ਹੈ, ਇਸਦੀ ਜਾਂਚ ਹੋਣੀ ਚਾਹੀਦੀ ਹੈ।

ਕੇਂਦਰੀ ਵਫ਼ਦ 'ਚ ਸ਼ਾਮਲ ਹੋਣਗੇ ਅਕਾਲੀ ਆਗੂ

ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਵਿਧਾਇਕਾਂ, ਆਗੂਆਂ ਨੇ ਖ਼ੁਦ ਵੀਜ਼ਾ ਲਈ ਅਪਲਾਈ ਕੀਤਾ ਹੈ। ਉਨ੍ਹਾਂ ਕਿਹਾ ਕਿ ਕਰਤਾਰਪੁਰ ਲਾਂਘੇ ਰਾਹੀਂ ਇਕ ਵਫ਼ਦ ਕੇਂਦਰ ਸਰਕਾਰ ਦਾ ਜਾ ਰਿਹਾ ਹੈ। ਅਕਾਲੀ ਦਲ ਦੇ ਆਗੂ, ਵਿਧਾਇਕ ਕੇਂਦਰ ਸਰਕਾਰ ਦੇ ਵਫ਼ਦ ਰਾਹੀਂ ਜਾ ਰਹੇ ਹਨ। ਉਨ੍ਹਾਂ ਦਾ ਪੰਜਾਬ ਸਰਕਾਰ ਦੇ ਵਫ਼ਦ ਨਾਲ ਕੋਈ ਲੈਣਾ ਦੇਣਾ ਨਹੀਂ ਹੈ।