ਚੰਡੀਗੜ੍ਹ : ਆਮ ਆਦਮੀ ਪਾਰਟੀ ਦਾ ਕਾਫ਼ਿਲਾ ਪੰਜਾਬ ਵਿੱਚ ਹਰ ਰੋਜ਼ ਵਧਦਾ ਜਾ ਰਿਹਾ ਹੈ। ਹਰ ਰੋਜ ਪੰਜਾਬ ਦੇ ਕਾਬਲ ਤੇ ਪ੍ਰਸਿੱਧ ਲੋਕ ਆਪ ਵਿੱਚ ਸ਼ਾਮਲ ਹੋ ਰਹੇ ਹਨ। ਅੱਜ ਪਾਰਟੀ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਸਾਬਕਾ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ, ਅੰਤਰਰਾਸ਼ਟਰੀ ਦੌੜਾਕ ਤੇ ਆਰਮੀ ਮੈਨ ਹਰਮਿੰਦਰ ਸਿੰਘ ਅਤੇ ਸਮਾਜ ਸੇਵੀ ਬਲਜਿੰਦਰ ਸਿੰਘ ਢਿੱਲੋਂ ਪਾਰਟੀ ਵਿੱਚ ਸ਼ਾਮਲ ਹੋਏ। ਪਾਰਟੀ ਦੇ ਮੁੱਖ ਦਫ਼ਤਰ ਵਿੱਚ ਆਪ ਦੇ ਸੀਨੀਅਰ ਨੇਤਾ ਅਤੇ ਵਿਧਾਨ ਸਭਾ ਪੰਜਾਬ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਪਾਰਟੀ ਦੇ ਪੰਜਾਬ ਪ੍ਰਭਾਰੀ ਜਰਨੈਲ ਸਿੰਘ ਨੇ ਉਕਤ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ।

ਇਸ ਸਮੇਂ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਬਾਰੇ ਜਾਣਕਾਰੀ ਦਿੰਦਿਆਂ ਆਪ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਹਰਮਿੰਦਰ ਸਿੰਘ ਨੇ ਦੌੜ ਖੇਡ ਦੇ ਰਾਹੀਂ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ 'ਤੇ ਕਈ ਤਮਗੇ ਜਿੱਤੇ ਹਨ ਅਤੇ ਸਾਲ 2004 ਤੋਂ 2011 ਤੱਕ ਭਾਰਤੀ ਸੈਨਾ ਵਿੱਚ ਵੀ ਸੇਵਾਵਾਂ ਨਿਭਾਈਆਂ ਨੇ।

ਇਸ ਤੋਂ ਇਲਾਵਾ ਹਰਮਿੰਦਰ ਸਿੰਘ ਚਾਰ ਸਾਲਾਂ ਤੱਕ ਭਾਰਤੀ ਟੀਮ ਦੇ ਕੋਚ ਵੀ ਰਹਿ ਚੁੱਕੇ ਹਨ। ਵਰਣਨਯੋਗ ਹੈ ਕਿ ਹਰਮਿੰਦਰ ਸਿੰਘ ਰਾਸ਼ਟਰਮੰਡਲ ਖੇਡਾਂ ਵਿੱਚ ਮਿਲਖਾ ਸਿੰਘ ਤੋਂ ਬਾਅਦ ਤਮਗਾ ਜਿੱਤਣ ਵਾਲੇ ਭਾਰਤੀ ਖ਼ਿਡਾਰੀ ਹਨ। ਪਾਰਟੀ ਆਗੂ ਬਰਸਟ ਨੇ ਸਾਬਕਾ ਵਧੀਕ ਡਿਪਟੀ ਕਮਿਸ਼ਨਰ ਅਤੇ ਅੰਮ੍ਰਿਤਸਰ ਦੇ ਵਸਨੀਕ ਰਾਕੇਸ਼ ਕੁਮਾਰ ਬਾਰੇ ਦੱਸਿਆ ਕਿ ਉਹ ਲੰਮਾ ਸਮਾਂ ਸਰਕਾਰੀ ਨੌਕਰੀ ਵਿੱਚ ਸੇਵਾਵਾਂ ਨਿਭਾਉਂਦੇ ਰਹੇ ਹਨ। ਉਹ ਪੰਜਾਬ ਦੇ ਅਨੁਭਵੀ ਅਤੇ ਇਮਾਨਦਾਰ ਅਧਿਕਾਰੀ ਰਹੇ।

ਰਾਕੇਸ਼ ਕੁਮਾਰ ਸਿਵਲ ਸੇਵਾਵਾਂ ਵਿੱਚ ਜਾਣ ਤੋਂ ਪਹਿਲਾਂ ਸੱਤ ਸਾਲ ਤੱਕ ਅੰਗਰੇਜ਼ੀ ਦੇ ਪ੍ਰੋਫ਼ੈਸਰ ਵਜੋਂ ਵਿਦਿਅਰਥੀਆਂ ਨੂੰ ਸਿੱਖਿਆ ਪ੍ਰਦਾਨ ਕੀਤੀ। ਇਸੇ ਤਰਾਂ ਹਰਚੰਦ ਸਿੰਘ ਬਰਸਟ ਨੇ ਪਾਰਟੀ ਵਿੱਚ ਸ਼ਾਮਲ ਹੋਏ ਉਘੇ ਸਮਾਜਸੇਵੀ ਅਤੇ ਕਾਰੋਬਾਰੀ ਬਲਜਿੰਦਰ ਸਿੰਘ ਢਿੱਲੋਂ ਵੱਲੋਂ ਪਟਿਆਲਾ ਜ਼ਿਲੇ ਵਿੱਚ ਨਿਭਾਈਆਂ ਸਮਾਜ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ।

ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਦਾ ਸਵਾਗਤ ਕਰਦਿਆਂ ਦਿੱਲੀ ਤੋਂ ਵਿਧਾਇਕ ਤੇ ਪੰਜਾਬ ਦੇ ਪ੍ਰਭਾਰੀ ਜਰਨੈਲ ਸਿੰਘ ਨੇ ਕਿਹਾ ਕਿ ਉਨਾਂ ਦੀ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੇ ਵੱਡੀ ਗਿਣਤੀ ਵਿੱਚ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।

ਉਨ੍ਹਾਂ ਦੱਸਿਆ ਕਿ ਦਿੱਲੀ ਦੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਸਰਕਾਰ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਪਛਾਣ ਦਿੱਤੀ ਹੈ ਅਤੇ ਸਰਕਾਰੀ ਹਸਪਤਾਲਾਂ ਦੀ ਸਥਿਤੀ ਨੂੰ ਚੰਗਾ ਕਰਕੇ ਵਿਕਾਸ ਦਾ ਨਵਾਂ ਮਾਡਲ ਪੇਸ਼ ਕੀਤਾ ਹੈ। ਅੱਜ ਦਿੱਲੀ ਦੇ ਲੋਕ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਤੋਂ ਹਟਾ ਕੇ ਸਰਕਾਰੀ ਸਕੂਲਾਂ ਵਿੱਚ ਪੜਾ ਰਹੇ ਹਨ। ਇਸੇ ਤਰਾਂ ਦਿੱਲੀ ਦੇ ਲੋਕ ਹਰ ਬਿਮਾਰੀ ਦਾ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਇਲਜ ਕਰਵਾ ਕੇ ਖੁਸ਼ੀ ਮਹਿਸੂਸ ਕਰ ਰਹੇ ਹਨ। ਅਜਿਹੇ ਕੰਮਾਂ ਦਾ ਹੀ ਨਤੀਜਾ ਹੈ ਕਿ ਅੱਜ ਦੇਸ਼ ਅੰਦਰ ਅਰਵਿੰਦ ਕੇਜਰੀਵਾਲ ਇੱਕ ਚੰਗੇ ਅਤੇ ਲੋਕ ਸੇਵਕ ਨੇਤਾ ਵਜੋਂ ਜਾਣੇ ਜਾਂਦੇ ਹਨ।

ਇਸ ਸਮੇਂ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅੱਜ ਪੰਜਾਬ ਨੂੰ ਬਚਾਉਣ ਲਈ ਸੂਬੇ ਦੇ ਸਾਰੇ ਵਰਗਾਂ ਦੇ ਲੋਕ ਇੱਕਠੇ ਹੋ ਕੇ ਆਪ ਵਿੱਚ ਸ਼ਾਮਲ ਹੋ ਰਹੇ ਹਨ। ਉਨਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਸਵਾਲ ਕਰਦਿਆਂ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਕੈਪਟਨ ਨੇ ਜੋ ਵਾਅਦੇ ਲੋਕਾਂ ਨਾਲ ਕੀਤੇ ਸਨ,ਉ ਨ੍ਹਾਂ ਵਿਚੋਂ ਇੱਕ ਵੀ ਵਾਅਦਾ ਕੈਪਟਨ ਨੇ ਪੂਰਾ ਨਹੀਂ ਕੀਤਾ, ਸਗੋਂ ਕੈਪਟਨ ਨੇ ਝੂਠੇ ਵਾਅਦੇ ਕਰਕੇੇ ਪੰਜਾਬੀਆਂ ਨੂੰ ਧੋਖਾ ਦਿੱਤਾ ਹੈ।

ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੀ ਪੰਜਾਬ ਦਾ ਵਿਕਾਸ ਕਰ ਸਕਦੀ ਹੈ ਕਿਉਂਕਿ ਪਾਰਟੀ ਦੀਆਂ ਨੀਤੀਆਂ ਅਤੇ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਸਭ ਲੋਕ ਪ੍ਰਭਾਵਿਤ ਹੋ ਕੇ ਆਪ ਵਿੱਚ ਸ਼ਾਮਲ ਹੋ ਰਹੇ ਹਨ। ਆਗੂਆਂ ਨੇ ਕਿਹਾ ਉਹ ਸਭ ਮਿਲ ਕੇ ਪੰਜਾਬ ਦੇ ਲਈ ਕੰਮ ਕਰਨਗੇ ਅਤੇ ਭ੍ਰਿਸ਼ਟਾਚਾਰ ਮੁਕਤ, ਮਾਫੀਆ ਮੁਕਤ ਅਤੇ ਹਿੰਸਾ ਮੁਕਤ ਪੰਜਾਬ ਦਾ ਨਿਰਮਾਣ ਕਰਨਗੇ।

Posted By: Jagjit Singh