ਪੰਜਾਬੀ ਜਾਗਰਣ ਬਿਊਰੋ, ਚੰਡੀਗਡ਼੍ਹ : ਪੰਜਾਬ ਮੰਤਰੀ ਮੰਡਲ ਵੱਲੋਂ ਅੱਜ 15ਵੀਂ ਪੰਜਾਬ ਵਿਧਾਨ ਸਭਾ ਨੂੰ ਭੰਗ ਕਰਨ ਲਈ ਸੂਬੇ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਸਿਫ਼ਾਰਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਸਬੰਧੀ ਫੈਸਲਾ ਅੱਜ ਸਵੇਰੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਹੋਈ ਵਰਚੁਅਲ ਕੈਬਨਿਟ ਮੀਟਿੰਗ ਦੌਰਾਨ ਲਿਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਭਾਰਤ ਦੇ ਸੰਵਿਧਾਨ ਦੇ ਅਨੁਛੇਦ 174 ਦੀ ਧਾਰਾ (2) ਦੀ ਉਪ ਧਾਰਾ (ਬੀ) ਅਨੁਸਾਰ ਰਾਜ ਵਿਧਾਨ ਸਭਾ ਨੂੰ ਭੰਗ ਕਰਨ ਲਈ ਅਧਿਕਾਰਤ ਹਨ। ਇਹ ਕਦਮ ਇਕ ਸੰਵਿਧਾਨਕ ਜ਼ਰੂਰਤ ਵਜੋਂ ਹੁਣ 16ਵੀਂ ਪੰਜਾਬ ਵਿਧਾਨ ਸਭਾ ਦੇ ਗਠਨ ਲਈ ਰਾਹ ਪੱਧਰਾ ਕਰੇਗਾ।
ਮੀਟਿੰਗ ਦੇ ਅੰਤ ਵਿੱਚ ਮੁੱਖ ਮੰਤਰੀ ਨੇ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਵਿੱਚ ਸਰਬਪੱਖੀ ਵਿਕਾਸ ਅਤੇ ਅਮਨ-ਸ਼ਾਂਤੀ ਨੂੰ ਕਾਇਮ ਰੱਖਣ ਲਈ ਆਪਣੇ ਸਾਰੇ ਕੈਬਨਿਟ ਸਾਥੀਆਂ, ਅਧਿਕਾਰੀਆਂ, ਕਰਮਚਾਰੀਆਂ ਅਤੇ ਲੋਕਾਂ ਦਾ ਧੰਨਵਾਦ ਕੀਤਾ।
ਮੁੱਖ ਮੰਤਰੀ ਨੇ ਆਉਣ ਵਾਲੀ ਸਰਕਾਰ ਨੂੰ ਵੀ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਨਵੀਂ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰੀ ਦਿਆਨਤਦਾਰੀ ਨਾਲ ਅਮਲ ਵਿੱਚ ਲਿਆਵੇਗੀ। ਉਨ੍ਹਾਂ ਇਹ ਵੀ ਉਮੀਦ ਜਤਾਈ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਲਏ ਗਏ ਫੈਸਲਿਆਂ ਜਿਵੇਂ ਕਿ ਬਿਜਲੀ ਦਰਾਂ ਵਿੱਚ ਕਟੌਤੀ, ਤੇਲ 'ਤੇ ਵੈਟ ਘਟਾਉਣ ਤੋਂ ਇਲਾਵਾ ਰੇਤਾ-ਬੱਜਰੀ ਦੇ ਰੇਟ ਘਟਾਉਣ ਆਦਿ ਨੂੰ ਅਗਲੀ ਸਰਕਾਰ ਵੱਲੋਂ ਵੀ ਜਾਰੀ ਰੱਖਿਆ ਜਾਵੇਗਾ।
ਦੱਸਿਆ ਜਾ ਰਿਹਾ ਹੈ ਕਿ ਕੱਲ੍ਹ ਰਾਜਪਾਲ ਨੂੰ ਮਿਲਣ ਲਈ ਭਗਵੰਤ ਮਾਨ ਆਉਣਗੇ।
ਰਾਜਪਾਲ ਨੂੰ ਅਸਤੀਫ਼ਾ ਸੌਂਪਣ ਤੋਂ ਬਾਅਦ ਚੰਨੀ ਨੇ ਮੀਡੀਆ ਨਾਲ ਮੁਖਾਤਬ ਹੁੰਦੇ ਹੋਏ ਕਿ ਅਸੀਂ 111 ਦਿਨ ਜੋ ਕਾਰਜ ਕੀਤੇ, ਉਸ ਨੂੰ ਅਗਲੀ ਸਰਕਾਰ ਜਾਰੀ ਰੱਖੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਡੇ ਕੀਤੇ ਕੰਮਾਂ ਨੂੰ ਨਹੀਂ ਨਕਾਰਿਆ ਬਲਕਿ ਲੋਕ ਬਦਲਾਅ ਚਾਹੁੰਦੇ ਸੀ। ਇਸ ਲਈ ਉਨ੍ਹਾਂ ਬਦਲਾਅ ਨੂੰ ਵੋਟ ਪਾਈ ਹੈ ਤੇ ਸਾਨੂੰ ਲੋਕ ਫਤਵਾ ਮਨਜ਼ੂਰ ਹੈ। ਉਨ੍ਹਾਂ ਕਿਹਾ ਕਿ ਮੈਂ ਹਮੇਸ਼ਾਂ ਲੋਕਾਂ ਲਈ ਕੰਮ ਕਰਦਾ ਰਹਾਂਗਾ। ਇਸ ਲਈ ਮੈਨੂੰ ਮੁੱਖ ਮੰਤਰੀ ਦੇ ਅਹੁਦੇ ਦੀ ਲੋਡ਼ ਨਹੀਂ।
I have given my resignation to the Governor. He told me and the cabinet to continue until the new Government is sworn in. I accept the people's mandate: Outgoing Punjab CM Charanjit Singh Channi in Chandigarh#PunjabElections2022 pic.twitter.com/mZ4UHPEAzm
— ANI (@ANI) March 11, 2022
ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਪਾਰਟੀ ਦੇ ਸਾਰੇ ਦਿੱਗਜ ਆਗੂ ਚੋਣ ਹਾਰ ਗਏ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਹਾਰ ਗਏ ਹਨ। ਉਹ ਦੋ ਸੀਟਾਂ ਭਦੌੜ ਅਤੇ ਚਮਕੌਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਸਨ। ਇੱਥੇ ‘ਆਪ’ ਦੇ ਉਮੀਦਵਾਰ ਜੇਤੂ ਰਹੇ।
ਇਸ ਤੋਂ ਇਲਾਵਾ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਚੋਣ ਹਾਰ ਗਏ ਸਨ। ਸਿੱਧੂ ਨੂੰ ਵੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ ਹਰਾਇਆ ਸੀ। ਚੰਨੀ ਸਰਕਾਰ ਦੇ ਬਹੁਤੇ ਮੰਤਰੀ ਚੋਣਾਂ ਵਿੱਚ ਹਾਰ ਗਏ। ਉਪ ਮੁੱਖ ਮੰਤਰੀ ਓਪੀ ਸੋਨੀ ਨੂੰ ਵੀ ਹਾਰ ਦਾ ਸਾਹਮਣਾ ਕਰਨਾ ਪਿਆ।
ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਜ਼ਬਰਦਸਤ ਬਹੁਮਤ ਮਿਲਿਆ ਹੈ। ਪਾਰਟੀ ਨੇ ਕੁੱਲ 117 ਵਿਧਾਨ ਸਭਾ ਸੀਟਾਂ ਵਿੱਚੋਂ 92 ਸੀਟਾਂ ਜਿੱਤੀਆਂ, ਜਦਕਿ ਕਾਂਗਰਸ ਸਿਰਫ਼ 18 ਸੀਟਾਂ 'ਤੇ ਹੀ ਸਿਮਟ ਗਈ। ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੇ 77 ਸੀਟਾਂ ਜਿੱਤੀਆਂ ਸਨ। ਦੂਜੇ ਪਾਸੇ ਅਕਾਲੀ ਦਲ ਨੂੰ ਚਾਰ ਸੀਟਾਂ ਮਿਲੀਆਂ ਹਨ। ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਵੀ ਚੋਣ ਹਾਰ ਗਏ ਹਨ।
Posted By: Tejinder Thind