ਸਾਬਕਾ ਡਿਪਟੀ ਮੇਅਰ ਨੇ ਚੋਣ ਕਮਿਸ਼ਨ ਦੀ ਕਾਰਗੁਜ਼ਾਰੀ ’ਤੇ ਚੁੱਕੇ ਸਵਾਲ ਸਾਬਕਾ ਡਿਪਟੀ ਮੇਅਰ ਨੇ ਚੋਣ ਕਮਿਸ਼ਨ ਦੀ ਕਾਰਗੁਜ਼ਾਰੀ ’ਤੇ ਚੁੱਕੇ ਸਵਾਲ
Publish Date: Thu, 24 Sep 2026 05:43 PM (IST)
Updated Date: Thu, 24 Sep 2026 05:45 PM (IST)
-ਪੰਜਾਬ ’ਚ ਐੱਸਆਈਆਰ ਤੁਰੰਤ ਰੱਦ ਕਰਨ ਦੀ ਮੰਗ ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ ਮੁਹਾਲੀ : ਮੁਹਾਲੀ ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰਾਈ ਨਾਲ ਸਮੀਖਿਆ (ਐਸਆਈਆਰ) ਦੀ ਪ੍ਰਕਿਰਿਆ ਨੂੰ ਲੈ ਕੇ ਚੋਣ ਕਮਿਸ਼ਨ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਵੋਟਰ ਸੂਚੀਆਂ ਦੀ ਸਮੀਖਿਆ ਦੇ ਨਾਂ ’ਤੇ ਵੱਡੀ ਗਿਣਤੀ ’ਚ ਲੋਕਾਂ ਦੇ ਵੋਟ ਦੇ ਅਧਿਕਾਰ ਨੂੰ ਪ੍ਰਭਾਵਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ’ਚ ਲੋਕਤੰਤਰ ਦੀ ਰੱਖਿਆ ਲਈ ਪਿਛਲੀਆਂ ਪੀੜ੍ਹੀਆਂ ਨੇ ਕੁਰਬਾਨੀਆਂ ਦਿੱਤੀਆਂ ਹਨ ਅਤੇ ਚੋਣ ਪ੍ਰਕਿਰਿਆ ਵਿੱਚ ਲੋਕਾਂ ਦਾ ਭਰੋਸਾ ਸਭ ਤੋਂ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਜੇਕਰ ਚੋਣ ਪ੍ਰਕਿਰਿਆ ਬਾਰੇ ਲੋਕਾਂ ਦਾ ਭਰੋਸਾ ਕਮਜ਼ੋਰ ਹੁੰਦਾ ਹੈ ਤਾਂ ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਚੋਣ ਕਮਿਸ਼ਨ ਦੇ ਮੈਂਬਰਾਂ ਵਿਚਕਾਰ ਉੱਠੇ ਮਤਭੇਦਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਸ ਮਾਮਲੇ ਨਾਲ ਜੁੜੇ ਦਸਤਾਵੇਜ਼ ਅਤੇ ਇਤਰਾਜ਼ ਜਨਤਕ ਕੀਤੇ ਜਾਣੇ ਚਾਹੀਦੇ ਹਨ, ਤਾਂ ਜੋ ਲੋਕਾਂ ਨੂੰ ਪੂਰੀ ਜਾਣਕਾਰੀ ਮਿਲ ਸਕੇ। ਉਨ੍ਹਾਂ ਰਾਸ਼ਟਰਪਤੀ ਅਤੇ ਸੁਪਰੀਮ ਕੋਰਟ ਤੋਂ ਵੀ ਇਸ ਮਾਮਲੇ ’ਚ ਨਿੱਜੀ ਦਖ਼ਲ ਦੇਣ ਦੀ ਮੰਗ ਕੀਤੀ। ਪੱਛਮੀ ਬੰਗਾਲ ’ਚ ਵੋਟਰ ਸੂਚੀਆਂ ਨਾਲ ਜੁੜੇ ਵਿਵਾਦ ਦਾ ਹਵਾਲਾ ਦਿੰਦਿਆਂ ਕੁਲਜੀਤ ਬੇਦੀ ਨੇ ਕਿਹਾ ਕਿ ਉਨ੍ਹਾਂ ਨੂੰ ਖਦਸ਼ਾ ਹੈ ਕਿ ਪੰਜਾਬ ’ਚ ਵੀ ਇਸੇ ਤਰ੍ਹਾਂ ਦੀ ਸਥਿਤੀ ਪੈਦਾ ਹੋ ਸਕਦੀ ਹੈ। ਜੇਕਰ ਕਿਸੇ ਵੋਟਰ ਦੀ ਵੋਟ ਬਾਰੇ ਇਤਰਾਜ਼ ਜਾਂ ਨੋਟਿਸ ਜਾਰੀ ਕੀਤਾ ਜਾਂਦਾ ਹੈ ਤਾਂ ਉਸ ਦੇ ਆਧਾਰ ਅਤੇ ਸਬੰਧਤ ਜਾਣਕਾਰੀ ਨੂੰ ਪਾਰਦਰਸ਼ੀ ਢੰਗ ਨਾਲ ਸਾਹਮਣੇ ਲਿਆਂਦਾ ਜਾਣਾ ਚਾਹੀਦਾ ਹੈ। ਮੁਹਾਲੀ ਦਾ ਜ਼ਿਕਰ ਕਰਦਿਆਂ ਸਾਬਕਾ ਡਿਪਟੀ ਮੇਅਰ ਨੇ ਦਾਅਵਾ ਕੀਤਾ ਕਿ ਇੱਥੇ ਵੀ ਵੱਡੀ ਗਿਣਤੀ ’ਚ ਵੋਟਾਂ ਨੂੰ ਸੂਚੀ ਵਿੱਚੋਂ ਹਟਾਉਣ ਜਾਂ ਮੈਪਿੰਗ ਨਾਲ ਜੁੜੀਆਂ ਗੜਬੜੀਆਂ ਸਾਹਮਣੇ ਆਈਆਂ ਹਨ। ਉਨ੍ਹਾਂ ਕਿਹਾ ਕਿ ਕਈ ਅਜਿਹੇ ਲੋਕ ਹਨ ਜੋ ਪਿਛਲੀਆਂ ਚੋਣਾਂ ਵਿੱਚ ਵੋਟ ਪਾ ਚੁੱਕੇ ਹਨ, ਪਰ ਹੁਣ ਉਨ੍ਹਾਂ ਦੀਆਂ ਵੋਟਾਂ ’ਤੇ ‘ਲਾਜ਼ੀਕਲ ਡਿਸਕ੍ਰੈਪੈਂਸੀ’ ਵਰਗੇ ਕਾਰਨਾਂ ਦੇ ਆਧਾਰ ’ਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਨੂੰ ਵੋਟਰ ਸੂਚੀ ਨਾਲ ਸਬੰਧਤ ਨੋਟਿਸ ਦਿੱਤੇ ਗਏ ਹਨ, ਉਨ੍ਹਾਂ ਬਾਰੇ ਪਾਰਦਰਸ਼ੀ ਜਾਣਕਾਰੀ ਸਾਹਮਣੇ ਆਉਣੀ ਚਾਹੀਦੀ ਹੈ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਕਿਸੇ ਵਿਅਕਤੀ ਦਾ ਵੋਟ ਦਾ ਅਧਿਕਾਰ ਖ਼ਤਮ ਕੀਤਾ ਜਾਂਦਾ ਹੈ ਤਾਂ ਉਸ ਦੇ ਪਿੱਛੇ ਕਾਰਨ ਅਤੇ ਪ੍ਰਕਿਰਿਆ ਲੋਕਾਂ ਦੇ ਸਾਹਮਣੇ ਸਪੱਸ਼ਟ ਹੋਣੀ ਚਾਹੀਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਪ੍ਰਕਿਰਿਆ ਨਾਲ ਭਾਜਪਾ ਨੂੰ ਸਿਆਸੀ ਲਾਭ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਬੇਦੀ ਨੇ ਮੰਗ ਕੀਤੀ ਕਿ ਪੰਜਾਬ ’ਚ ਚੱਲ ਰਹੀ ਐਸਆਈਆਰ ਪ੍ਰਕਿਰਿਆ ਨੂੰ ਤੁਰੰਤ ਰੋਕਿਆ ਜਾਂ ਰੱਦ ਕੀਤਾ ਜਾਵੇ ਅਤੇ ਵੋਟਰ ਸੂਚੀਆਂ ਨਾਲ ਸਬੰਧਤ ਸਾਰੇ ਇਤਰਾਜ਼ਾਂ, ਨੋਟਿਸਾਂ ਅਤੇ ਫ਼ੈਸਲਿਆਂ ਦੀ ਪੂਰੀ ਪਾਰਦਰਸ਼ਤਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ’ਚ ਲੋਕਾਂ ਦਾ ਭਰੋਸਾ ਕਾਇਮ ਰੱਖਣ ਲਈ ਸਰਕਾਰ ਅਤੇ ਚੋਣ ਕਮਿਸ਼ਨ ਨੂੰ ਸਪੱਸ਼ਟ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਸੁਪਰੀਮ ਕੋਰਟ ਤੋਂ ਵੀ ਇਸ ਮਾਮਲੇ ਦਾ ਨੋਟਿਸ ਲੈਣ ਅਤੇ ਵੋਟਰਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਲੋੜੀਂਦੇ ਕਦਮ ਚੁੱਕਣ ਦੀ ਅਪੀਲ ਕੀਤੀ।