ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ ਰੱਦ, ਹੁਣ ਕਰਨਾ ਪਵੇਗਾ ਹਾਈ ਕੋਰਟ ਦਾ ਰੁਖ਼
ਹੁਣ ਮੁਲਜ਼ਮ ਸੁਖਦੇਵ ਸਿੰਘ ਭੁੱਲਰ ਨੂੰ ਰਾਹਤ ਲੈਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰਨੀ ਪਵੇਗੀ। ਲਾਲਜੀਤ ਸਿੰਘ ਭੁੱਲਰ ਇਸ ਮਾਮਲੇ ਵਿਚ ਪਹਿਲਾਂ ਹੀ ਫਤਾਹਪੁਰ ਜੇਲ੍ਹ ਵਿਚ ਬੰਦ ਹੈ।
Publish Date: Thu, 23 Apr 2026 10:45 AM (IST)
Updated Date: Thu, 23 Apr 2026 10:49 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸੈਸ਼ਨ ਜੱਜ ਜਤਿੰਦਰ ਕੌਰ ਦੀ ਅਦਾਲਤ ਨੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਮੁਲਜ਼ਮ ਨੇ ਇਹ ਅਰਜ਼ੀ ਕੁਝ ਦਿਨ ਪਹਿਲਾਂ ਖੁਦਕੁਸ਼ੀ ਕਰਨ ਵਾਲੇ ਗੋਦਾਮ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੇ ਮਾਮਲੇ ਵਿਚ ਦਾਇਰ ਕੀਤੀ ਸੀ। ਹੁਣ ਮੁਲਜ਼ਮ ਸੁਖਦੇਵ ਸਿੰਘ ਭੁੱਲਰ ਨੂੰ ਰਾਹਤ ਲੈਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰਨੀ ਪਵੇਗੀ। ਲਾਲਜੀਤ ਸਿੰਘ ਭੁੱਲਰ ਇਸ ਮਾਮਲੇ ਵਿਚ ਪਹਿਲਾਂ ਹੀ ਫਤਾਹਪੁਰ ਜੇਲ੍ਹ ਵਿਚ ਬੰਦ ਹੈ। ਜਾਣਕਾਰੀ ਅਨੁਸਾਰ ਲਾਲਜੀਤ ਸਿੰਘ ਭੁੱਲਰ, ਜੋ ਉਸ ਸਮੇਂ 'ਆਪ' ਸਰਕਾਰ ਵਿਚ ਮੰਤਰੀ ਸਨ, ਨੇ ਟੈਂਡਰ ਦੀ ਵੰਡ ਨੂੰ ਲੈ ਕੇ ਗੋਦਾਮ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਨੂੰ ਤੰਗ-ਪ੍ਰੇਸ਼ਾਨ ਕੀਤਾ। 13 ਮਾਰਚ ਨੂੰ ਮੈਨੇਜਰ ਨੂੰ ਉਸ ਦੇ ਘਰ ਬੁਲਾਇਆ ਗਿਆ, ਕੁੱਟਿਆ ਗਿਆ ਅਤੇ ਬੁਰੀ ਤਰ੍ਹਾਂ ਜ਼ਲੀਲ ਕੀਤਾ ਗਿਆ। ਇਸ ਤੋਂ ਬਾਅਦ ਉਸ ਨੂੰ ਧਮਕੀਆਂ ਦਿੱਤੀਆਂ ਗਈਆਂ ਅਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ। 21 ਮਾਰਚ ਨੂੰ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ, ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਅਤੇ ਪੀਏ ਦਿਲਬਾਗ ਸਿੰਘ ਗਿੱਲ ਤੋਂ ਦੁਖੀ ਹੋ ਕੇ ਖੁਦਕੁਸ਼ੀ ਕਰ ਲਈ। ਇਸ ਤੋਂ ਬਾਅਦ ਰਣਜੀਤ ਐਵੀਨਿਊ ਪੁਲਿਸ ਥਾਣੇ ਨੇ ਮੁਲਜ਼ਮਾਂ ਵਿਰੁੱਧ ਖੁਦਕੁਸ਼ੀ ਲਈ ਉਕਸਾਉਣ ਦਾ ਕੇਸ ਦਰਜ ਕੀਤਾ। ਵਿਰੋਧੀ ਧਿਰ ਦੇ ਦਬਾਅ ਹੇਠ ਪੁਲਿਸ ਨੇ ਐਫਆਈਆਰ ਦਰਜ ਕੀਤੀ ਅਤੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕਰ ਲਿਆ ਸੀ।