ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਸੂਬੇ ਭਰ ਦੀਆਂ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ਸੁਲਤਾਨਪੁਰ ਲੋਧੀ ਦੇ ਦਰਸ਼ਨ ਕਰਵਾਉਣ ਲਈ ਮੁਫਤ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ। ਅੱਜ ਇੱਥੇ ਇਸ ਸਬੰਧੀ ਸੈਰ ਸਪਾਟਾ ਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੈਰ ਸਪਾਟਾ ਤੇ ਸਭਿਆਚਾਰਕ ਮਾਮਲਿਆਂ ਤੇ ਟ੍ਰਾਸਪੋਰਟ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਚੰਨੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਹਿਲਕਦਮੀ 'ਤੇ ਸੈਰ ਸਪਾਟਾ ਤੇ ਸਭਿਆਚਾਰਕ ਮਾਮਲਿਆਂ ਵਿਭਾਗ, ਪੰਜਾਬ ਵਲੋਂ ਟ੍ਰਾਂਸਪੋਰਟ ਵਿਭਾਗ ਦੇ ਸਹਿਯੋਗ ਨਾਲ ਇਹ ਉਪਰਾਲਾ ਕੀਤਾ ਗਿਆ ਹੈ। ਇਸ ਫੈਸਲੇ ਤਹਿਤ 5 ਨਵੰਬਰ ਤੋਂ 12 ਨਵੰਬਰ ਤਕ ਹਰ ਰੋਜ਼ 1500 ਬੱਸਾਂ ਸੰਗਤਾਂ ਨੂੰ ਸੁਲਤਾਨਪੁਰ ਲੋਧੀ ਦਰਸ਼ਨਾਂ ਲਈ ਲੈ ਕੇ ਜਾਣਗੀਆਂ। ਉਨ੍ਹਾਂ ਦੱਸਿਆ ਕਿ ਕਿੱਥੋਂ ਕਿਹੜੀਆਂ ਬੱਸਾਂ ਨੇ ਕਿਸ ਦਿਨ ਜਾਣਾ ਹੈ, ਇਸ ਸਬੰਧੀ ਸਾਰਾ ਪ੍ਰੋਗਰਾਮ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੇ ਐੱਸਡੀਐੱਮ ਨੂੰ ਭੇਜ ਦਿੱਤਾ ਗਿਆ ਹੈ। ਸੂਬੇ ਭਰ ਦੇ ਵੱਧ ਤੋਂ ਵੱਧ ਲੋਕਾਂ ਨੂੰ ਦਰਸ਼ਨ ਕਰਵਾਉਣ ਲਈ ਹਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਤੇ ਸ਼ਹਿਰਾਂ ਦੇ ਅਨੁਸਾਰ ਬੱਸਾਂ ਅਲਾਟ ਕੀਤੀਆਂ ਗਈਆਂ ਹਨ।

ਚੰਨੀ ਨੇ ਦੱਸਿਆ ਕਿ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਬਾਰੇ ਜਾਣਕਾਰੀ ਦੇਣ ਲਈ ਸੈਰ ਸਪਾਟਾ ਤੇ ਸਭਿਆਚਾਰਕ ਮਾਮਲਿਆਂ ਵਿਭਾਗ ਵਲੋਂ ਇੱਕ ਟੋਲਫ੍ਰੀ ਹੈਲਪਲਾਈਨ ਸੇਵਾ ਵੀ ਸ਼ੁਰੂ ਕੀਤੀ ਗਈ ਹੈ। 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਕੋਈ ਵੀ ਜਾਣਕਾਰੀ ਹਾਸਿਲ ਕਰਨ ਲਈ ਟੋਲ ਫ੍ਰੀ ਨੰਬਰ 1800-180-0550 ਨੰਬਰ 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਹ ਟੋਲ ਫਰੀ ਨੰਬਰ 24 ਘੰਟੇ ਚਾਲੂ ਹੈ। ਇਸ ਮੌਕੇ ਸੈਰ ਸਪਾਟਾ ਤੇ ਸਭਿਆਚਾਰਕ ਮਾਮਲਿਆਂ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ, ਡਾਇਰੈਕਟਰ ਮਾਲਵਿੰਦਰ ਸਿੰਘ ਤੇ ਟ੍ਰਾਸਪੋਰਟ ਵਿਭਾਗ ਦੇ ਅਧਿਕਾਰੀ ਵੀ ਹਾਜ਼ਿਰ ਸਨ।

Posted By: Amita Verma