ਮੁਫ਼ਤ ਸਿਹਤ ਬੀਮਾ ਯੋਜਨਾ ਪੰਜਾਬ ਸਰਕਾਰ ਦੀ ਇਤਿਹਾਸਕ ਪਹਿਲ : ਸੁਭਾਸ਼ ਸ਼ਰਮਾ
ਮੁਫ਼ਤ ਸਿਹਤ ਬੀਮਾ ਯੋਜਨਾ ਪੰਜਾਬ ਸਰਕਾਰ ਦੀ ਇਤਿਹਾਸਕ ਪਹਿਲ : ਸੁਭਾਸ਼ ਸ਼ਰਮਾ,
Publish Date: Thu, 15 Jan 2026 06:17 PM (IST)
Updated Date: Thu, 15 Jan 2026 06:18 PM (IST)

ਆਮ ਆਦਮੀ ਨੂੰ ਵੱਧ ਤੋਂ ਵੱਧ ਕਾਰਡ ਬਣਵਾਉਣ ਦੀ ਅਪੀਲ ਸੁਰਜੀਤ ਸਿੰਘ ਕੁਹਾੜ, ਪੰਜਾਬੀ ਜਾਗਰਣ, ਲਾਲੜੂ : ਪੰਜਾਬ ਵਾਟਰ ਐਂਡ ਸੀਵਰੇਜ ਬੋਰਡ ਦੇ ਵਾਈਸ ਚੇਅਰਮੈਨ ਤੇ ਸੀਨੀਅਰ ਆਪ ਆਗੂ ਸੁਭਾਸ਼ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਸਿਹਤ ਬੀਮਾ ਸਹੂਲਤ ਕਾਰਡ ਮੁਹੱਈਆ ਕਰਵਾਉਣ ਦੀ ਯੋਜਨਾ ਹਰ ਵਰਗ ਲਈ ਬੇਹੱਦ ਲਾਹੇਵੰਦ ਸਾਬਤ ਹੋਵੇਗੀ ਤੇ ਸਰਕਾਰ ਵੱਲੋਂ ਇਸ ਇਤਿਹਾਸਕ ਪਹਿਲ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸ ਲੋਕਹਿੱਤੀ ਯੋਜਨਾ ਤਹਿਤ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਲਈ ਪੰਜਾਬ ਦਾ ਵੋਟਰ ਹੋਣਾ ਲਾਜ਼ਮੀ ਕੀਤਾ ਗਿਆ ਹੈ, ਜਦਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਵੋਟਰ ਹੋਣ ਦੀ ਕੋਈ ਸ਼ਰਤ ਨਹੀਂ ਹੋਵੇਗੀ। ਸ੍ਰੀ ਸ਼ਰਮਾ ਨੇ ਦੱਸਿਆ ਕਿ ਇਹ ਸਿਹਤ ਬੀਮਾ ਕਾਰਡ ਬਣਾਉਣ ਦੀ ਜ਼ਿੰਮੇਵਾਰੀ ਪਾਰਟੀ ਵੱਲੋਂ ਨਿਯੁਕਤ ਵਲੰਟੀਅਰਾਂ ਨੂੰ ਸੌਪੀ ਗਈ ਹੈ। ਹਰ ਵਲੰਟੀਅਰ ਨੂੰ ਇਕ ਵਿਸ਼ੇਸ਼ ਮਸ਼ੀਨ ਦਿੱਤੀ ਜਾਵੇਗੀ, ਜਿਸ ਦੇ ਜ਼ਰੀਏ ਘਰ-ਘਰ ਜਾ ਕੇ ਲੋਕਾਂ ਦੇ ਕਾਰਡ ਬਣਾਏ ਜਾਣਗੇ ਤਾਂ ਜੋ ਆਮ ਲੋਕਾਂ ਨੂੰ ਕਿਸੇ ਦਫ਼ਤਰ ਦੇ ਚੱਕਰ ਨਾ ਲਗਾਉਣੇ ਪੈਣ ਅਤੇ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਇਹ ਯੋਜਨਾ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਮਨੀਸ਼ ਸਿਸੋਦੀਆ ਦੀ ਅਗਵਾਈ ਹੇਠ ਪੰਜਾਬ ਦੇ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਮੁੱਖ ਰੱਖ ਕੇ ਲਾਗੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਮਹਿੰਗੇ ਇਲਾਜ ਕਾਰਨ ਲਗਭਗ 80 ਫ਼ੀਸਦੀ ਲੋਕਾਂ ਨੂੰ ਆਪਣੀਆਂ ਜ਼ਮੀਨਾਂ ਜਾਂ ਘਰ ਵੇਚ ਕੇ ਇਲਾਜ ਕਰਾਉਣਾ ਪੈਂਦਾ ਸੀ, ਜਿਸ ਨਾਲ ਗਰੀਬ ਅਤੇ ਮੱਧ ਵਰਗ ਪੂਰੀ ਤਰ੍ਹਾਂ ਆਰਥਿਕ ਤੌਰ ਤੇ ਤਬਾਹ ਹੋ ਜਾਂਦਾ ਸੀ। ਭਗਵੰਤ ਮਾਨ ਸਰਕਾਰ ਦੀ ਇਹ ਸਿਹਤ ਬੀਮਾ ਯੋਜਨਾ ਹੁਣ ਉਨ੍ਹਾਂ ਪਰਿਵਾਰਾਂ ਲਈ ਵੱਡੀ ਰਾਹਤ ਬਣੇਗੀ ਅਤੇ ਕਿਸੇ ਨੂੰ ਵੀ ਇਲਾਜ ਲਈ ਆਪਣੀ ਜਾਇਦਾਦ ਵੇਚਣ ਦੀ ਲੋੜ ਨਹੀਂ ਪਵੇਗੀ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਸਾਲ 2022 ਤੋਂ ਬਾਅਦ ਲੋਕਹਿਤ ਵਿਚ ਕਈ ਇਤਿਹਾਸਕ ਫ਼ੈਸਲੇ ਲਏ ਹਨ। ਸਰਕਾਰ ਲਗਭਗ 19 ਟੋਲ ਪਲਾਜ਼ੇ ਬੰਦ ਕਰਕੇ ਆਮ ਲੋਕਾਂ ਨੂੰ ਵੱਡੀ ਆਰਥਿਕ ਰਾਹਤ ਦੇ ਚੁੱਕੀ ਹੈ। ਇਸਦੇ ਨਾਲ ਹੀ 80 ਫ਼ੀਸਦੀ ਘਰੇਲੂ ਖਪਤਕਾਰਾਂ ਨੂੰ ਮੁਫ਼ਤ ਬਿਜਲੀ ਦਾ ਲਾਭ ਦੇਣ ਵਿਚ ਸਰਕਾਰ ਸਫ਼ਲ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿਚ ਮੁਫ਼ਤ ਦਵਾਈਆਂ ਦੀ ਸਹੂਲਤ, ਆਮ ਆਦਮੀ ਕਲੀਨਿਕਾਂ ਦੀ ਸਥਾਪਨਾ ਰਾਹੀਂ ਗਰੀਬ ਅਤੇ ਮੱਧ ਵਰਗ ਨੂੰ ਸਿਹਤ ਸੇਵਾਵਾਂ ਘਰ ਦੇ ਨੇੜੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸਦੇ ਨਾਲ ਹੀ ਖੇਤੀਬਾੜੀ ਸੈਕਟਰ ਨੂੰ 8 ਘੰਟੇ ਦਿਨ ਦੇ ਸਮੇਂ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ, ਜਿਸ ਨਾਲ ਕਿਸਾਨਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਪੰਜਾਬ ਸਰਕਾਰ ਦੀ ਇਹ ਸਿਹਤ ਬੀਮਾ ਯੋਜਨਾ ਆਮ ਲੋਕਾਂ ਲਈ ਵਰਦਾਨ ਸਾਬਤ ਹੋਵੇਗੀ।