ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਅਫਸਰ ਡਾ. ਗਗਨਦੀਪ ਸਿੰਘ ਰੰਧਾਵਾ ਦਾ ਪੋਸਟ ਮਾਰਟਮ ਪੀ ਜੀ ਆਈ ਜਾਂ ਫਿਰ ਏਮਜ਼ ਦੇ ਡਾਕਟਰਾਂ ਦੀ ਟੀਮ ਤੋਂ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਭੁੱਲਰ ਦੇ ਪਿਤਾ, ਨਿੱਜੀ ਸਹਾਇਕ ਅਤੇ ਉਹਨਾਂ ਅਫਸਰਾਂ ਦੇ ਖ਼ਿਲਾਫ਼ ਵੀ ਕਾਰਵਾਈ ਮੰਗੀ ਹੈ, ਜਿਨ੍ਹਾਂ ਨੇ ਰੰਧਾਵਾ ਦੀਆਂ ਅਪੀਲਾਂ ’ਤੇ ਸੁਣਵਾਈ ਨਹੀਂ ਕੀਤੀ।

ਪੰਜਾਬੀ ਜਾਗਰਣ, ਬਿਊਰੋ, ਚੰਡੀਗੜ੍ਹ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਅਫਸਰ ਡਾ. ਗਗਨਦੀਪ ਸਿੰਘ ਰੰਧਾਵਾ ਦਾ ਪੋਸਟ ਮਾਰਟਮ ਪੀ ਜੀ ਆਈ ਜਾਂ ਫਿਰ ਏਮਜ਼ ਦੇ ਡਾਕਟਰਾਂ ਦੀ ਟੀਮ ਤੋਂ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਭੁੱਲਰ ਦੇ ਪਿਤਾ, ਨਿੱਜੀ ਸਹਾਇਕ ਅਤੇ ਉਹਨਾਂ ਅਫਸਰਾਂ ਦੇ ਖ਼ਿਲਾਫ਼ ਵੀ ਕਾਰਵਾਈ ਮੰਗੀ ਹੈ, ਜਿਨ੍ਹਾਂ ਨੇ ਰੰਧਾਵਾ ਦੀਆਂ ਅਪੀਲਾਂ ’ਤੇ ਸੁਣਵਾਈ ਨਹੀਂ ਕੀਤੀ।
ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਵਿਰੋਧੀ ਧਿਰ ਦੇ ਸਾਰੇ ਆਗੂਆਂ, ਕਿਸਾਨ ਸੰਗਠਨਾਂ ਅਤੇ ਵੇਅਰ ਹਾਊਸਿੰਗ ਕਾਰਪੋਰੇਸ਼ਨ ਯੂਨੀਅਨ ਦਾ ਧੰਨਵਾਦ ਕੀਤਾ ਜਿਹਨਾਂ ਨੇ ਇਕਜੁੱਟ ਹੋ ਕੇ ਮੁਜ਼ਾਹਰਾ ਕੀਤਾ, ਜਿਸ ਸਦਕਾ ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ਸੰਭਵ ਹੋਈ ਹੈ। ਮਜੀਠੀਆ ਨੇ ਕਿਹਾ ਕਿ ਕੇਸ ਸਿਰਫ ਡਾ. ਰੰਧਾਵਾ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਤੇ ਉਹਨਾਂ ਦੀ ਕੁੱਟਮਾਰ ਨਾਲ ਸਬੰਧਤ ਨਹੀਂ ਹੈ, ਉਹਨਾਂ ਕਿਹਾ ਕਿ ਇਸ ਮਾਮਲੇ ਵਿਚ ਲਾਲਜੀਤ ਭੁੱਲਰ ਤੇ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਦਾ ਵਿਆਪਕ ਭ੍ਰਿਸ਼ਟਾਚਾਰ ਵੀ ਸ਼ਾਮਲ ਹੈ।
ਉਹਨਾਂ ਕਿਹਾ ਕਿ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਅਤੇ ਵੇਅਰ ਹਾਊਸਿੰਗ ਦੇ ਐਮ ਡੀ ਗੌਤਮ ਜੈਨ ਤੇ ਮੁੱਖ ਸਕੱਤਰ ਕੇ ਏ ਪੀ ਸਿਨਹਾ ਜਿਹਨਾਂ ਨੇ ਅਫਸਰਾਂ ਦੀਆਂ ਵਾਰ-ਵਾਰ ਕੀਤੀਆਂ ਅਪੀਲਾਂ ’ਤੇ ਗੌਰ ਨਹੀਂ ਕੀਤੀ, ਦੀ ਵੀ ਜਾਂਚ ਹੋਣੀ ਚਾਹੀਦੀ ਹੈ ਤੇ ਇਸੇ ਵਾਸਤੇ ਸੀ ਬੀ ਆਈ ਜਾਂਚ ਜ਼ਰੂਰੀ ਹੈ।