ਜਨਰਲ ਵਰਗ ਵੱਲੋਂ ਮਾਇਆਵਤੀ ਦੇ ਬਿਆਨ ਦੀ ਸ਼ਲਾਘਾ : ਆਗੂ
ਜਨਰਲ ਵਰਗ ਵੱਲੋਂ ਮਾਇਆਵਤੀ ਦੇ ਬਿਆਨ ਦੀ ਸ਼ਲਾਘਾ
Publish Date: Mon, 02 Feb 2026 08:17 PM (IST)
Updated Date: Mon, 02 Feb 2026 08:19 PM (IST)

ਗੁਰਮੀਤ ਸਿੰਘ ਸ਼ਾਹੀ, ਪੰਜਾਬੀ ਜਾਗਰਣ ਐੱਸਏਐੱਸ ਨਗਰ : ਜਨਰਲ ਵਰਗ ਦੇ ਰਾਜਨੀਤਿਕ ਵਿੰਗ ਦੇ ਸੂਬਾਈ ਆਗੂਆਂ ਬਲਵੀਰ ਸਿੰਘ ਫੁੱਗਲਾਣਾ, ਜਸਵੀਰ ਸਿੰਘ ਗੜਾਂਗ, ਅਵਤਾਰ ਸਿੰਘ, ਹਰਚੰਦ ਸਿੰਘ, ਹਰਮਿੰਦਰ ਸਿੰਘ ਸੋਹੀ, ਭਿੰਦਰ ਬਡਲਾ, ਜਗਦੀਸ਼ ਸਿੰਗਲਾ ਅਤੇ ਸੁਰਿੰਦਰ ਕੁਮਾਰ ਸੈਣੀ ਨੇ ਬਹੁਜਨ ਸਮਾਜ ਪਾਰਟੀ ਦੀ ਕਨਵੀਨਰ ਦੇ ਉਸ ਬਿਆਨ ਦੀ ਸ਼ਲਾਘਾ ਕੀਤੀ ਹੈ, ਜਿਸ ਵਿਚ ਮਾਇਆਵਤੀ ਨੇ ਯੂਜੀਸੀ ਦੇ ਨਵੇਂ ਨਿਯਮਾਂ ਸਬੰਧੀ ਮਾਣਯੋਗ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਸਹੀ ਠਹਿਰਾਇਆ ਹੈ। ਇਹੋ ਜਿਹੇ ਲੀਡਰਾਂ ਦੀ ਸਮਾਜ ਨੂੰ ਲੋੜ ਹੈ। ਜਿਹੜੇ ਕਿ ਸਾਰੇ ਵਰਗਾਂ ਦੇ ਲੋਕਾਂ ਨੂੰ ਬਰਾਬਰ ਸਮਝਦੇ ਹਨ। ਆਗੂਆਂ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਵੋਟਰ ਬਹੁਤ ਸੂਝਵਾਨ ਹੋ ਗਿਆ ਹੈ, ਉਹ ਜਾਤੀਵਾਦ ਫ਼ੈਲਾਉਣ ਵਾਲੀਆਂ ਪਾਰਟੀਆਂ ਨੂੰ ਕਦੇ ਵੀ ਪ੍ਰਵਾਨ ਨਹੀਂ ਕਰੇਗਾ। ਰਾਹੁਲ ਗਾਂਧੀ ਹਮੇਸ਼ਾ ਹੀ ਜਾਤੀ ਜਨਗਣਨਾ ਦਾ ਢੰਡੋਰਾ ਪਿੱਟਦੇ ਰਹਿੰਦੇ ਹਨ, ਜਦਕਿ ਸਮਾਜ ਵਿਚ ਆਰਥਿਕ ਸਰਵੇ ਕਰਵਾਉਣ ਦੀ ਲੋੜ ਹੈ ਤਾਂ ਕਿ ਰਾਖਵਾਂਕਰਨ ਅਤੇ ਹੋਰ ਸਹੂਲਤਾਂ ਗ਼ਰੀਬਾਂ ਨੂੰ ਦਿੱਤੀਆਂ ਜਾ ਸਕਣ, ਭਾਵੇਂ ਉਹ ਕਿਸੇ ਵੀ ਜਾਤੀ ਨਾਲ ਸਬੰਧ ਰੱਖਦੇ ਹੋਣ। ਜੇਕਰ ਰਾਖਵੇਂਕਰਨ ਦਾ ਆਧਾਰ ਆਰਥਿਕ ਤੌਰ ’ਤੇ ਦਿੱਤਾ ਜਾਵੇ ਤਾਂ ਅਨੁਸੂਚਿਤ ਜਾਤੀ ਦੇ ਗ਼ਰੀਬਾਂ ਨੂੰ ਵੀ ਫ਼ਾਇਦਾ ਹੋਵੇਗਾ ਕਿਉਂਕਿ ਅਨੁਸੂਚਿਤ ਜਾਤੀ ਦੇ ਅਮੀਰ ਲੋਕ ਹੀ ਵਾਰ-ਵਾਰ ਅਤੇ ਪੀੜ੍ਹੀ ਦਰ ਪੀੜ੍ਹੀ ਰਾਖਵੇਂਕਰਨ ਦਾ ਲਾਭ ਲੈਂਦੇ ਆ ਰਹੇ ਹਨ, ਜਦਕਿ ਅਜਿਹੀਆਂ ਸਹੂਲਤਾਂ ਦੀ ਲੋੜ ਗ਼ਰੀਬ ਲੋਕਾਂ ਨੂੰ ਹੈ। ਆਗੂਆਂ ਨੇ ਇਹ ਵੀ ਕਿਹਾ ਕਿ ਜਾਤੀ ਭੇਦਭਾਵ ਖ਼ਤਮ ਕਰਨ ਲਈ ਜਾਤੀ ਆਧਾਰ ’ਤੇ ਸਹੂਲਤਾਂ ਨੂੰ ਬੰਦ ਕਰਨਾ ਸਮੇਂ ਦੀ ਲੋੜ ਹੈ। ਆਗੂਆਂ ਨੇ ਕੇਂਦਰ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਐੱਸਸੀ, ਐੱਸਟੀ ਐਕਟ ਨੂੰ ਅਤੇ ਯੂਜੀਸੀ ਦੇ ਨਿਯਮਾਂ ਵਿਚ ਬਦਲਾਅ ਨੂੰ ਵੀ ਮੁੱਢੋਂ ਰੱਦ ਕਰ ਦੇਣਾ ਚਾਹੀਦਾ ਹੈ। ਆਗੂਆਂ ਨੇ ਰਾਜਨੀਤਿਕ ਪਾਰਟੀਆਂ ਨੂੰ ਵੀ ਚਿਤਾਵਨੀ ਦਿੱਤੀ ਹੈ ਕਿ ਜਿਹੜੀ ਵੀ ਪਾਰਟੀ ਜਾਤੀਵਾਦ ਦਾ ਪੱਤਾ ਖੇਡਣ ਦੀ ਕੋਸ਼ਿਸ਼ ਕਰੇਗੀ, ਉਸ ਪਾਰਟੀ ਦਾ ਪੰਜਾਬ ਵਿਚ ਜ਼ਬਰਦਸਤ ਵਿਰੋਧ ਕੀਤਾ ਜਾਵੇਗਾ।