ਘੱਗਰ ਬੰਨ੍ਹ ਦੀ ਮੁਰੰਮਤ ਦਾ ਕੰਮ ਤੇਜ਼ੀ ਨਾਲ ਜਾਰੀ, ਵਿਧਾਇਕ ਰੰਧਾਵਾ ਨੇ ਕੀਤਾ ਨਿਰੀਖਣ
ਘੱਗਰ ਬੰਨ੍ਹ ਦੀ ਮੁਰੰਮਤ ਦਾ ਕੰਮ ਤੇਜ਼ੀ ਨਾਲ ਜਾਰੀ, ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕੀਤਾ ਨਿਰੀਖਣ
Publish Date: Thu, 26 Mar 2026 08:33 PM (IST)
Updated Date: Thu, 26 Mar 2026 08:38 PM (IST)

ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਬੀਤੇ ਸਾਲ ਹੋਈ ਮੀਂਹ ਕਾਰਨ ਘੱਗਰ ਦਰਿਆ ਦੇ ਬੰਨ੍ਹ ਨੂੰ ਹੋਏ ਨੁਕਸਾਨ ਕਾਰਨ ਮਜ਼ਬੂਤੀ ਲਈ ਪੰਜਾਬ ਸਰਕਾਰ ਵੱਲੋਂ ਕਾਰਵਾਈ ਕਰਦਿਆਂ ਕੰਮ ਨੂੰ ਜ਼ੋਰਾਂ-ਸ਼ੋਰਾਂ ਨਾਲ ਅੱਗੇ ਵਧਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਕਰਦਿਆਂ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਪੱਥਰ ਬੰਨ੍ਹ ਦੀ ਮਜ਼ਬੂਤੀ ਅਤੇ ਮੁਰੰਮਤ ਦਾ ਕੰਮ ਲਗਾਤਾਰ ਜਾਰੀ ਹੈ, ਤਾਂ ਜੋ ਭਵਿੱਖ ਵਿਚ ਕਿਸੇ ਵੀ ਤਰ੍ਹਾਂ ਦੇ ਖ਼ਤਰੇ ਨੂੰ ਟਾਲਿਆ ਜਾ ਸਕੇ। ਵਿਧਾਇਕ ਰੰਧਾਵਾ ਨੇ ਖ਼ੁਦ ਮੌਕੇ ’ਤੇ ਪਹੁੰਚ ਕੇ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਪੰਚਾਇਤ ਮੈਂਬਰਾਂ ਅਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਮੁਰੰਮਤ ਕਾਰਜ ਦੀ ਪ੍ਰਗਤੀ ਅਤੇ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੰਮ ਨੂੰ ਜਲਦ ਉੱਚ ਗੁਣਵੱਤਾ ਨਾਲ ਪੂਰਾ ਕੀਤਾ ਜਾਵੇ, ਤਾਂ ਜੋ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਵਚਨਬੱਧ ਹੈ ਅਤੇ ਅਜਿਹੀਆਂ ਸਥਿਤੀਆਂ ਵਿਚ ਕੋਈ ਵੀ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਨੇ ਇਹ ਵੀ ਯਕੀਨੀ ਬਣਾਇਆ ਕਿ ਬੰਨ੍ਹ ਦੀ ਮਜ਼ਬੂਤੀ ਲਈ ਲੱਗ ਰਹੇ ਪੱਥਰ ਅਤੇ ਹੋਰ ਸਮੱਗਰੀ ਉੱਚ ਮਿਆਰ ਦੀ ਹੋਵੇ, ਤਾਂ ਜੋ ਲੰਬੇ ਸਮੇਂ ਤੱਕ ਇਹ ਸੁਰੱਖਿਆ ਪ੍ਰਬੰਧ ਕਾਰਗਰ ਰਹੇ। ਇਸ ਦੌਰਾਨ ਪਿੰਡ ਦੀ ਪੰਚਾਇਤ ਅਤੇ ਸਥਾਨਕ ਵਾਸੀਆਂ ਵੱਲੋਂ ਪੰਜਾਬ ਸਰਕਾਰ ਅਤੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦਾ ਦਿਲੋਂ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤੀ ਗਈ ਤੁਰੰਤ ਕਾਰਵਾਈ ਨਾਲ ਉਨ੍ਹਾਂ ਨੂੰ ਵੱਡੀ ਰਾਹਤ ਮਿਲੀ ਹੈ ਅਤੇ ਉਹ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰ ਰਹੇ ਹਨ। ਪਿੰਡ ਵਾਸੀਆਂ ਨੇ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਰਿਹਾ ਹੈ, ਜੋ ਕਿ ਕਾਬਿਲ-ਏ-ਤਾਰੀਫ਼ ਹੈ। ਸਥਾਨਕ ਲੋਕਾਂ ਨੇ ਉਮੀਦ ਜਤਾਈ ਕਿ ਬੰਨ੍ਹ ਦੀ ਮੁਰੰਮਤ ਦੇ ਕੰਮ ਦੇ ਪੂਰਾ ਹੋਣ ਨਾਲ ਭਵਿੱਖ ਵਿਚ ਆਉਣ ਵਾਲੀਆਂ ਬਾਰਿਸ਼ਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਿਪਟਣ ਲਈ ਇਲਾਕਾ ਪੂਰੀ ਤਰ੍ਹਾਂ ਤਿਆਰ ਰਹੇਗਾ। ਪੰਜਾਬ ਸਰਕਾਰ ਵੱਲੋਂ ਜਾਰੀ ਇਹ ਉਪਰਾਲਾ ਇਲਾਕੇ ਦੇ ਲੋਕਾਂ ਦੀ ਸੁਰੱਖਿਆ ਅਤੇ ਸੁਖ-ਸਹੂਲਤਾਂ ਨੂੰ ਯਕੀਨੀ ਬਣਾਉਣ ਵੱਲ ਇਕ ਮਹੱਤਵਪੂਰਨ ਕਦਮ ਵਜੋਂ ਵੇਖਿਆ ਜਾ ਰਿਹਾ ਹੈ।