ਨਵੇਂ ਸੈਕਟਰਾਂ ਦੇ ਨਾਲ-ਨਾਲ ਪੁਰਾਣੇ ਸੈਕਟਰਾਂ ’ਚ ਵੀ ਬੁਨਿਆਦੀ ਸਹੂਲਤਾਂ ਦੇਵੇ ਗਮਾਡਾ ਨਵੇਂ ਸੈਕਟਰਾਂ ਦੇ ਨਾਲ-ਨਾਲ ਪੁਰਾਣੇ ਸੈਕਟਰਾਂ ’ਚ ਵੀ ਬੁਨਿਆਦੀ ਸਹੂਲਤਾਂ ਦੇਵੇ ਗਮਾਡਾ
Publish Date: Thu, 01 Oct 2026 06:20 PM (IST)
Updated Date: Thu, 01 Oct 2026 06:22 PM (IST)
-ਬੂਥ ਮਾਰਕੀਟ ਸੈਕਟਰ-88 ਦੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ ਦੀ ਗੁਹਾਰ ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ ਮੁਹਾਲੀ : ਮੁਹਾਲੀ ਦੇ ਸੈਕਟਰ-88 ਪਾਕੇਟ-ਸੀ ਦੀ ਬੂਥ ਮਾਰਕੀਟ ਦੇ ਦੁਕਾਨਦਾਰਾਂ ਅਤੇ ਛੋਟੇ ਨਿਵੇਸ਼ਕਾਂ ਨੇ ਮਾਰਕੀਟ ’ਚ ਬੁਨਿਆਦੀ ਸਹੂਲਤਾਂ ਦੀ ਘਾਟ ਸਬੰਧੀ ਵਾਰਡ ਨੰ. 41 ਦੀ ਕੌਂਸਲਰ ਗੁਰਪ੍ਰੀਤ ਕੌਰ ਉੱਭਾ ਨੂੰ ਮੰਗ ਪੱਤਰ ਦੇ ਕੇ ਸਾਰਾ ਮਾਮਲਾ ਉਨ੍ਹਾਂ ਦੇ ਧਿਆਨ ’ਚ ਲਿਆਂਦਾ ਅਤੇ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੀ ਗੁਹਾਰ ਲਗਾਈ। ਦੁਕਾਨਦਾਰਾਂ ਨੇ ਦੱਸਿਆ ਕਿ ਮਾਰਕੀਟ ’ਚ ਪਬਲਿਕ ਟਾਇਲਟ ਦੀ ਸਹੂਲਤ ਨਹੀਂ ਹੈ, ਜਿਸ ਕਾਰਨ ਦੁਕਾਨਦਾਰਾਂ, ਗਾਹਕਾਂ ਅਤੇ ਖਾਸ ਕਰਕੇ ਔਰਤਾਂ ਤੇ ਬੱਚਿਆ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਤੋਂ ਇਲਾਵਾ ਪਾਣੀ ਦੀ ਸਪਲਾਈ ਅਤੇ ਸਟਰੀਟ ਲਾਈਟਾਂ ਤੇ ਸੀਵਰੇਜ ਸਿਸਟਮ ਦੀਆਂ ਸਮੱਸਿਆਵਾਂ ਵੀ ਮਾਰਕੀਟ ਦੇ ਕੰਮਕਾਜ ਅਤੇ ਸੁਰੱਖਿਆ ਨੂੰ ਪ੍ਰਭਾਵਿਤ ਕਰ ਰਹੀਆਂ ਹਨ। ਗੁਰਪ੍ਰੀਤ ਕੌਰ ਉੱਭਾ ਨੇ ਕਿਹਾ ਕਿ ਮੁਹਾਲੀ ਦੇ ਪੁਰਾਣੇ ਸੈਕਟਰਾਂ ’ਚ ਵੱਡੀ ਗਿਣਤੀ ’ਚ ਲੋਕ ਲੰਬੇ ਸਮੇਂ ਤੋਂ ਰਹਿ ਰਹੇ ਹਨ ਅਤੇ ਇਨ੍ਹਾਂ ਖੇਤਰਾਂ ’ਚ ਦੁਕਾਨਦਾਰਾਂ ਤੇ ਛੋਟੇ ਨਿਵੇਸ਼ਕਾਂ ਨੇ ਆਪਣੀ ਸਖ਼ਤ ਮਿਹਨਤ ਅਤੇ ਪੂੰਜੀ ਲਗਾ ਕੇ ਕਾਰੋਬਾਰ ਖੜ੍ਹੇ ਕੀਤੇ ਹਨ। ਇਸ ਲਈ ਉਨ੍ਹਾਂ ਨੂੰ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਨਹੀਂ ਰੱਖਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਗਮਾਡਾ ਵੱਲੋਂ ਨਵੇਂ ਸੈਕਟਰਾਂ ਨੂੰ ਵਿਕਸਿਤ ਕਰਨ ਦੇ ਨਾਲ-ਨਾਲ ਪੁਰਾਣੇ ਸੈਕਟਰਾਂ ਦੀਆਂ ਬੁਨਿਆਦੀ ਲੋੜਾਂ ਵੱਲ ਵੀ ਬਰਾਬਰ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਪੁਰਾਣੀਆਂ ਮਾਰਕੀਟਾਂ ’ਚ ਪਬਲਿਕ ਪਖ਼ਾਨੇ, ਪੀਣ ਵਾਲਾ ਪਾਣੀ, ਸਫ਼ਾਈ, ਸਟਰੀਟ ਲਾਈਟਾਂ, ਸੜਕਾਂ, ਪਾਰਕਿੰਗ, ਸੀਵਰੇਜ ਸਿਸਟਮ ਅਤੇ ਹੋਰ ਜ਼ਰੂਰੀ ਸਹੂਲਤਾਂ ਨੂੰ ਯਕੀਨੀ ਬਣਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਿਵੇਸ਼ਕ ਅਤੇ ਦੁਕਾਨਦਾਰ ਮੁਹਾਲੀ ਦੀ ਆਰਥਿਕਤਾ ’ਚ ਯੋਗਦਾਨ ਪਾ ਰਹੇ ਹਨ। ਸਰਕਾਰੀ ਏਜੰਸੀਆਂ ਨੂੰ ਉਨ੍ਹਾਂ ਦੀਆਂ ਜਾਇਜ਼ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਇਸ ਮੌਕੇ ਭਾਜਪਾ ਆਗੂ ਹਰਦੇਵ ਸਿੰਘ ਉੱਭਾ ਨੇ ਗਮਾਡਾ ਅਤੇ ਸਬੰਧਤ ਵਿਭਾਗਾਂ ਤੋਂ ਮੰਗ ਕੀਤੀ ਕਿ ਸੈਕਟਰ-88 ਪਾਕੇਟ-ਸੀ ਬੂਥ ਮਾਰਕੀਟ ਦਾ ਮੌਕਾ ਮੁਆਇਨਾ ਕਰਕੇ ਮੌਜੂਦਾ ਹਾਲਾਤਾਂ ਦਾ ਜਾਇਜ਼ਾ ਲਿਆ ਜਾਵੇ ਅਤੇ ਮਾਰਕੀਟ ਵਿਚ ਪਬਲਿਕ ਟਾਇਲਟ, ਪਾਣੀ ਦੀ ਸਪਲਾਈ, ਸਟਰੀਟ ਲਾਈਟਾਂ, ਸੀਵਰੇਜ ਅਤੇ ਹੋਰ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ। ਉਨ੍ਹਾਂ ਕਿਹਾ ਸੈਕਟਰ-88 ਦੀ ਮਾਰਕੀਟ ’ਚ ਸੀਵਰੇਜ ਦੀ ਬਹੁਤ ਗੰਭੀਰ ਸਮੱਸਿਆ ਹੈ, ਜਿਸ ਨੂੰ ਹੱਲ ਕਰਨ ਲਈ ਗਮਾਡਾ ਦੇ ਅਧਿਕਾਰੀ ਤੇ ਕਰਮਚਾਰੀ ਫੇਲ੍ਹ ਸਾਬਿਤ ਹੋ ਰਹੇ ਹਨ। ਉਨ੍ਹਾਂ ਦੇ ਕੰਨ ’ਤੇ ਜੂੰ ਨਹੀਂ ਸਰਕ ਰਹੀ। ਉਨ੍ਹਾਂ ਕਿਹਾ ਕਿ ਸਥਾਨਕ ਵਸਨੀਕਾਂ ਅਤੇ ਦੁਕਾਨਦਾਰਾਂ ਅਤੇ ਨਿਵੇਸ਼ਕਾਂ ਦੀਆਂ ਜਾਇਜ਼ ਸਮੱਸਿਆਵਾਂ ਨੂੰ ਸਬੰਧਤ ਵਿਭਾਗਾਂ ਤੱਕ ਪਹੁੰਚਾ ਕੇ ਉਨ੍ਹਾਂ ਦੇ ਸਥਾਈ ਹੱਲ ਲਈ ਯਤਨ ਕੀਤੇ ਜਾਣਗੇ।