ਗਮਾਡਾ ਦੀ ਅਣ-ਅਧਿਕਾਰਤ ਕਾਲੋਨੀਆਂ ਵਿਰੁੱਧ ਵੱਡੀ ਕਾਰਵਾਈ
ਗਮਾਡਾ ਦੀ ਅਣ-ਅਧਿਕਾਰਤ ਕਾਲੋਨੀਆਂ ਵਿਰੁੱਧ ਵੱਡੀ ਕਾਰਵਾਈ,
Publish Date: Mon, 05 Jan 2026 08:20 PM (IST)
Updated Date: Mon, 05 Jan 2026 08:23 PM (IST)

- ਨਾਢਾ ਪਿੰਡ ਦੇ ਪ੍ਰਾਜੈਕਟ ਡਿਵੈਲਪਰਾਂ ਵਿਰੁੱਧ ਐੱਫ਼ਆਈਆਰ ਦਰਜ ਕਰਨ ਦੇ ਹੁਕਮ ਜੀਐੱਸ ਸੰਧੂ, ਪੰਜਾਬੀ ਜਾਗਰਣ ਐੱਸਏਐੱਸ ਨਗਰ : ਗ੍ਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ ਨੇ ਆਪਣੇ ਅਧਿਕਾਰ ਖੇਤਰ ਵਿਚ ਵਿਕਸਤ ਕੀਤੀ ਜਾ ਰਹੀ ਇਕ ਅਣ-ਅਧਿਕਾਰਤ ਕਾਲੋਨੀ ਵਿਰੁੱਧ ਸਖ਼ਤ ਰੁਖ਼ ਅਖਤਿਆਰ ਕਰਦਿਆਂ ਐੱਸਐੱਸਪੀ ਮੁਹਾਲੀ ਨੂੰ ਪ੍ਰਾਜੈਕਟ ਦੇ ਡਿਵੈਲਪਰਾਂ ਵਿਰੁੱਧ ਐੱਫਆਈਆਰ ਦਰਜ ਕਰਨ ਲਈ ਲਿਖਿਆ ਹੈ। ਇਹ ਕਾਰਵਾਈ ਨਿਯਮਾਂ ਦੀ ਉਲੰਘਣਾ ਕਰਕੇ ਉਸਾਰੀ ਸਰਗਰਮੀਆਂ ਕਰਨ ਅਤੇ ਲੋਕਾਂ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ ਰਾਹੀਂ ਪਲਾਟ ਵੇਚਣ ਦੇ ਦੋਸ਼ ਵਿਚ ਕੀਤੀ ਗਈ ਹੈ। ਬਿਨਾਂ ਪ੍ਰਵਾਨਗੀ ਵਿਕਸਤ ਕੀਤਾ ਜਾ ਰਿਹਾ ਸੀ ਪ੍ਰਾਜੈਕਟ : ਜ਼ਿਲ੍ਹਾ ਨਗਰ ਯੋਜਨਾਕਾਰ (ਰੈਗੂਲੇਟਰੀ) ਨੇ ਦੱਸਿਆ ਕਿ ਮੈਸਰਜ਼ ਵਰਲਡ ਵਾਈਡ ਇਮੀਗ੍ਰੇਸ਼ਨ ਕੰਸਲਟੈਂਸੀ ਸਰਵਿਸਿਜ਼ ਲਿਮਟਿਡ ਅਤੇ ਹੋਰਨਾਂ ਵੱਲੋਂ ਪਿੰਡ ਨਾਢਾ (ਸਬ-ਡਵੀਜ਼ਨ ਮਾਜਰੀ) ਵਿਖੇ ‘ਫੇਅਰਵੁੱਡ ਫਾਰਮਜ਼ ਐਂਡ ਇੰਪੀਰੀਅਲ ਗੋਲਫ ਗ੍ਰੀਨਜ਼’ ਦੇ ਨਾਮ ਹੇਠ ਇੱਕ ਅਣ-ਅਧਿਕਾਰਤ ਕਾਲੋਨੀ ਵਿਕਸਤ ਕੀਤੀ ਜਾ ਰਹੀ ਸੀ। ਜਾਂਚ ਦੌਰਾਨ ਪਾਇਆ ਗਿਆ ਕਿ ਡਿਵੈਲਪਰਾਂ ਕੋਲ ਅਥਾਰਟੀ ਤੋਂ ਲੁੜੀਂਦੀਆਂ ਪ੍ਰਵਾਨਗੀਆਂ ਨਹੀਂ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤਾ ਗਿਆ ਸੀ। ਨਿਯਮਾਂ ਦੀ ਉਲੰਘਣਾ ਅਤੇ ਗੁੰਮਰਾਹਕੁੰਨ ਦਾਅਵੇ : ਅਥਾਰਟੀ ਦੇ ਧਿਆਨ ਵਿਚ ਆਇਆ ਕਿ ਕੰਪਨੀ ਨੇ ਅਖਬਾਰਾਂ ਵਿਚ ਇਸ਼ਤਿਹਾਰ ਦੇ ਕੇ ਡਿਫੈਂਸ ਅਤੇ ਸਰਕਾਰੀ ਕਰਮਚਾਰੀਆਂ ਤੋਂ 100 ਪਲਾਟਾਂ ਦੀ ਅਲਾਟਮੈਂਟ ਲਈ ਅਰਜ਼ੀਆਂ ਮੰਗੀਆਂ ਸਨ। ਡਿਵੈਲਪਰਾਂ ਨੇ ਇਸ ਪ੍ਰਾਜੈਕਟ ਨੂੰ ਭਾਰਤ ਸਰਕਾਰ ਤੋਂ ਪ੍ਰਵਾਨਿਤ ਈਕੋ-ਟੂਰਿਜ਼ਮ ਪ੍ਰਾਜੈਕਟ ਹੋਣ ਦਾ ਦਾਅਵਾ ਕੀਤਾ ਸੀ। ਹਾਲਾਂਕਿ, ਗਮਾਡਾ ਦੀ ਜਾਂਚ ਵਿਚ ਇਹ ਦਾਅਵਾ ਗ਼ਲਤ ਪਾਇਆ ਗਿਆ ਅਤੇ ਇਹ ਪ੍ਰਾਜੈਕਟ ਦਿ ਨਿਊ ਕੈਪੀਟਲ (ਪੈਰੀਫੇਰੀ) ਕੰਟਰੋਲ ਐਕਟ, 1952 ਅਤੇ ਪੰਜਾਬ ਰੀਜਨਲ ਐਂਡ ਟਾਊਨ ਪਲੈਨਿੰਗ ਐਂਡ ਡਿਵੈਲਪਮੈਂਟ ਐਕਟ, 1995 ਦੀਆਂ ਵੱਖ-ਵੱਖ ਧਾਰਾਵਾਂ ਦੀ ਸਿੱਧੀ ਉਲੰਘਣਾ ਕਰ ਰਿਹਾ ਸੀ। ਪ੍ਰਸ਼ਾਸਨ ਦੀ ਜ਼ੀਰੋ ਟਾਲਰੈਂਸ ਨੀਤੀ : ਗਮਾਡਾ ਦੇ ਮੁੱਖ ਪ੍ਰਸ਼ਾਸਕ ਸਾਕਸ਼ੀ ਸਾਹਨੀ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਮਿਹਨਤ ਦੀ ਕਮਾਈ ਬਰਬਾਦ ਹੋਣ ਤੋਂ ਬਚਾਉਣ ਲਈ ਸਿਰਫ ਸਰਕਾਰ ਵੱਲੋਂ ਪ੍ਰਵਾਨਿਤ ਪ੍ਰਾਜੈਕਟਾਂ ਵਿਚ ਹੀ ਨਿਵੇਸ਼ ਕਰਨ। ਉਨ੍ਹਾਂ ਸਪੱਸ਼ਟ ਕੀਤਾ ਕਿ ਅਣ-ਅਧਿਕਾਰਤ ਪ੍ਰਾਜੈਕਟਾਂ ਵਿਰੁੱਧ ਪ੍ਰਸ਼ਾਸਨ ਦੀ ਜ਼ੀਰੋ ਟਾਲਰੈਂਸ ਨੀਤੀ ਹੈ ਅਤੇ ਅਜਿਹੀਆਂ ਟਾਊਨਸ਼ਿਪਾਂ ਵਿਰੁੱਧ ਨਿਯਮਿਤ ਕਾਰਵਾਈ ਜਾਰੀ ਰਹੇਗੀ।