ਅਦਾਲਤਾਂ ਦਾ ਉਥੇ ਰੱਬ ਹੀ ਰਖਵਾਲਾ, ਜਿੱਥੇ ਮੁਲਾਕਾਤ ਹੀ ਬਣ ਜਾਣ ਜੱਜ...ਡੇਰਾ ਬਿਆਸ ਮੁਖੀ ਦੀ ਮਜੀਠੀਆ ਨਾਲ ਜੇਲ੍ਹ ’ਚ ਮੁਲਾਕਾਤ ’ਤੇ Cm Mann ਨੇ ਕੱਸਿਆ ਤਨਜ਼
ਦਰਅਸਲ ਸੋਮਵਾਰ ਨੂੰ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਸੀ ਜੋ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਨਾਭਾ ਜੇਲ੍ਹ ਵਿੱਚ ਬੰਦ ਹਨ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੋ ਮਹੱਤਵਪੂਰਨ ਨੁਕਤੇ ਉਠਾਏ ਸਨ। ਪਹਿਲਾ, ਉਨ੍ਹਾਂ ਨੇ ਮੁਲਾਕਾਤ ਨੂੰ ਇਕ ਰਿਸ਼ਤੇਦਾਰ ਨਾਲ ਮਿਲਣਾ ਦੱਸਿਆ। ਦੂਜਾ, ਉਨ੍ਹਾਂ ਨੇ ਮਜੀਠੀਆ ਵਿਰੁੱਧ ਸਰਕਾਰ ਦੇ ਦੋਸ਼ਾਂ ਨੂੰ ਝੂਠਾ ਦੱਸਿਆ ਸੀ।
Publish Date: Wed, 04 Feb 2026 10:16 AM (IST)
Updated Date: Wed, 04 Feb 2026 10:22 AM (IST)
ਸਟੇਟ ਬਿਊਰੋ, ਜਾਗਰਣ, ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਐਕਸ ਅਕਾਊਂਟ ’ਤੇ ਇਕ ਪੋਸਟ ਪਾ ਕੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ’ਤੇ ਤਨਜ਼ ਕੱਸਿਆ ਹੈ। ਉਨ੍ਹਾਂ ਲਿਖਿਆ ਹੈ, ‘ਕੱਲ੍ਹ ਬਣ ਜਾਣ, ਭਾਵੇਂ ਅੱਜ ਬਣ ਜਾਣ, ਅਦਾਲਤਾਂ ਦਾ ਉਥੇ ਰੱਬ ਹੀ ਰਾਖਾ, ਜਿੱਥੇ ਮੁਲਾਕਾਤੀ ਹੀ ਜੱਜ ਬਣ ਜਾਣ’। ਦਰਅਸਲ ਸੋਮਵਾਰ ਨੂੰ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਸੀ ਜੋ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਨਾਭਾ ਜੇਲ੍ਹ ਵਿੱਚ ਬੰਦ ਹਨ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੋ ਮਹੱਤਵਪੂਰਨ ਨੁਕਤੇ ਉਠਾਏ ਸਨ। ਪਹਿਲਾ, ਉਨ੍ਹਾਂ ਨੇ ਮੁਲਾਕਾਤ ਨੂੰ ਇਕ ਰਿਸ਼ਤੇਦਾਰ ਨਾਲ ਮਿਲਣਾ ਦੱਸਿਆ। ਦੂਜਾ, ਉਨ੍ਹਾਂ ਨੇ ਮਜੀਠੀਆ ਵਿਰੁੱਧ ਸਰਕਾਰ ਦੇ ਦੋਸ਼ਾਂ ਨੂੰ ਝੂਠਾ ਦੱਸਿਆ ਸੀ।
ਜ਼ਿਕਰਯੋਗ ਹੈ ਕਿ ਬਿਕਰਮ ਮਜੀਠੀਆ ਡੇਰਾ ਮੁਖੀ ਦੇ ਨਜ਼ਦੀਕੀ ਰਿਸ਼ਤੇਦਾਰ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਇਹ ਪੋਸਟ ਇਸ ਲਈ ਵੀ ਮਹੱਤਵਪੂਰਨ ਹੈ ਕਿਉਂਕਿ ਡੇਰਾ ਬਿਆਸ ਦਾ ਦੇਸ਼ ਭਰ ਵਿੱਚ ਮਜ਼ਬੂਤ ਆਧਾਰ ਹੈ ਅਤੇ ਵੱਡੀ ਗਿਣਤੀ ਵਿੱਚ ਉਨ੍ਹਾਂ ਦੇ ਪੈਰੋਕਾਰ ਹਨ।
ਦੂਜੇ ਪਾਸੇ ਮੁੱਖ ਮੰਤਰੀ ਵੱਲੋਂ ਪਾਈ ਗਈ ਪੋਸਟ ਦੀ ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਨੇ ਵੀ ਆਲੋਚਨਾ ਕੀਤੀ ਹੈ। ਪੰਜਾਬ ਭਾਜਪਾ ਮੁਖੀ ਸੁਨੀਲ ਜਾਖੜ ਨੇ ਮੁੱਖ ਮੰਤਰੀ ਨੂੰ ਟੈਗ ਕਰਦੇ ਹੋਏ ਆਪਣੇ ਅਕਾਊਂਟ ’ਤੇ ਲਿਖਿਆ, ‘ਸਾਧੂ ਬੋਲੇ ਸਹਿਜ ਸੁਭਾਅ, ਸਾਧੂ ਦਾ ਕਿਹਾ ਵਿਅਰਥ ਨਾ ਜਾਏ।’ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਮੁੱਖ ਮੰਤਰੀ ਦੀ ਪੋਸਟ ਦੁਖਦਾਈ ਹੈ। ਇਹ ਸਿੱਧੇ ਤੌਰ ’ਤੇ ਭਾਰਤ ਦੇ ਸੰਵਿਧਾਨ ਅਤੇ ਪਵਿੱਤਰ ਸੰਸਥਾਵਾਂ ਨੂੰ ਚੁਣੌਤੀ ਦੇਣ ਦੇ ਬਰਾਬਰ ਹੈ।