ਜਸਟਿਸ ਹਰਪ੍ਰੀਤ ਸਿੰਘ ਬਰਾਰ ਦੀ ਬੈਂਚ ਨੇ ਇਹ ਹੁਕਮ ਸੁਰਿੰਦਰ ਸਿੰਘ ਅਤੇ ਹੋਰਾਂ ਨਾਲ ਸਬੰਧਤ ਪਟੀਸ਼ਨਾਂ ਦੀ ਸੁਣਵਾਈ ਦੌਰਾਨ ਦਿੱਤਾ। ਅਦਾਲਤ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਨਿਰਦੇਸ਼ ਦਿੱਤੇ ਕਿ ਹੁਕਮਾਂ ਅਨੁਸਾਰ ਸਾਰੇ ਯੋਗ ਪੈਨਸ਼ਨਰਾਂ ਨੂੰ ਦੇਣਯੋਗ ਲਾਭ ਯਕੀਨੀ ਬਣਾਏ ਜਾਣ ਅਤੇ ਇਸ ਸਬੰਧੀ ਤਿੰਨ ਮਹੀਨਿਆਂ ਦੇ ਅੰਦਰ ਜ਼ਿੰਮੇਵਾਰ ਅਧਿਕਾਰੀ ਦੇ ਹਲਫ਼ਨਾਮੇ ਰਾਹੀਂ ਪਾਲਣਾ ਰਿਪੋਰਟ ਅਦਾਲਤ ਵਿੱਚ ਪੇਸ਼ ਕੀਤੀ ਜਾਵੇ।

ਸਟੇਟ ਬਿਊਰੋ, ਜਾਗਰਣ ਚੰਡੀਗੜ੍ਹ : ਪੰਜਾਬ 'ਚ ਸਾਲਾਂ ਤੋਂ ਲੰਬਿਤ ਸੋਧੀ ਹੋਈ ਪੈਨਸ਼ਨ ਤੇ ਮਹਿੰਗਾਈ ਭੱਤੇ (DA) ਦੇ ਏਰੀਅਰ ਦੇ ਭੁਗਤਾਨ ਨੂੰ ਲੈ ਕੇ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਮਹੱਤਵਪੂਰਨ ਨਿਰਦੇਸ਼ ਜਾਰੀ ਕੀਤੇ ਹਨ। ਅਦਾਲਤ ਨੇ ਸਪੱਸ਼ਟ ਕਿਹਾ ਕਿ ਜਿਨ੍ਹਾਂ ਪੈਨਸ਼ਨਰਾਂ ਨੂੰ ਸੋਧੀ ਹੋਈ ਪੈਨਸ਼ਨ, ਛੁੱਟੀ ਦੀ ਨਕਦੀ (leave encashment) ਅਤੇ ਡੀਏ ਦੇ ਏਰੀਅਰ ਦਾ ਲਾਭ ਮਿਲਣਾ ਚਾਹੀਦਾ ਹੈ, ਉਨ੍ਹਾਂ ਨੂੰ ਇਹ ਲਾਭ ਕੇਵਲ ਪਟੀਸ਼ਨਕਰਤਾਵਾਂ ਤਕ ਸੀਮਤ ਨਾ ਰਹਿ ਕੇ ਰਾਜ ਦੇ ਸਾਰੇ ਯੋਗ ਪੈਨਸ਼ਨਰਾਂ ਨੂੰ ਦਿੱਤਾ ਜਾਵੇ।
ਜਸਟਿਸ ਹਰਪ੍ਰੀਤ ਸਿੰਘ ਬਰਾਰ ਦੀ ਬੈਂਚ ਨੇ ਇਹ ਹੁਕਮ ਸੁਰਿੰਦਰ ਸਿੰਘ ਅਤੇ ਹੋਰਾਂ ਨਾਲ ਸਬੰਧਤ ਪਟੀਸ਼ਨਾਂ ਦੀ ਸੁਣਵਾਈ ਦੌਰਾਨ ਦਿੱਤਾ। ਅਦਾਲਤ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਨਿਰਦੇਸ਼ ਦਿੱਤੇ ਕਿ ਹੁਕਮਾਂ ਅਨੁਸਾਰ ਸਾਰੇ ਯੋਗ ਪੈਨਸ਼ਨਰਾਂ ਨੂੰ ਦੇਣਯੋਗ ਲਾਭ ਯਕੀਨੀ ਬਣਾਏ ਜਾਣ ਅਤੇ ਇਸ ਸਬੰਧੀ ਤਿੰਨ ਮਹੀਨਿਆਂ ਦੇ ਅੰਦਰ ਜ਼ਿੰਮੇਵਾਰ ਅਧਿਕਾਰੀ ਦੇ ਹਲਫ਼ਨਾਮੇ ਰਾਹੀਂ ਪਾਲਣਾ ਰਿਪੋਰਟ ਅਦਾਲਤ 'ਚ ਪੇਸ਼ ਕੀਤੀ ਜਾਵੇ।
ਪਟੀਸ਼ਨਕਰਤਾਵਾਂ ਵੱਲੋਂ ਅਦਾਲਤ ਨੂੰ ਦੱਸਿਆ ਗਿਆ ਕਿ ਉਹ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਅਤੇ ਰਾਜ ਦੇ ਵੱਖ-ਵੱਖ ਬੋਰਡਾਂ ਅਤੇ ਨਿਗਮਾਂ ਤੋਂ ਸੇਵਾਮੁਕਤ ਪੈਨਸ਼ਨਰ ਹਨ। ਉਨ੍ਹਾਂ ਨੇ ਅਦਾਲਤ ਤੋਂ ਮੰਗ ਕੀਤੀ ਸੀ ਕਿ 1 ਜਨਵਰੀ 2016 ਤੋਂ 30 ਜੂਨ 2021 ਤਕ ਦੀ ਸੋਧੀ ਹੋਈ ਪੈਨਸ਼ਨ ਦੇ ਏਰੀਅਰ ਜਾਰੀ ਕੀਤੇ ਜਾਣ ਅਤੇ 1 ਜੁਲਾਈ 2015 ਤੋਂ ਕੇਂਦਰੀ ਪੈਟਰਨ ਅਨੁਸਾਰ ਸੋਧੇ ਹੋਏ ਡੀਏ ਦਾ ਭੁਗਤਾਨ ਕੀਤਾ ਜਾਵੇ। ਨਾਲ ਹੀ ਦੇਰੀ ਨਾਲ ਭੁਗਤਾਨ ਕਰਨ 'ਤੇ ਵਿਆਜ ਦੇਣ ਦੀ ਵੀ ਮੰਗ ਰੱਖੀ ਗਈ ਸੀ।
ਪਟੀਸ਼ਨਕਰਤਾਵਾਂ ਦੇ ਵਕੀਲਾਂ ਨੇ ਅਦਾਲਤ ਨੂੰ ਇਹ ਵੀ ਦੱਸਿਆ ਕਿ 2016 ਤੋਂ ਲੰਬਿਤ ਏਰੀਅਰ ਦੀ ਉਡੀਕ ਕਰਦੇ-ਕਰਦੇ ਹੁਣ ਤੱਕ 35 ਹਜ਼ਾਰ ਤੋਂ ਵੱਧ ਪੈਨਸ਼ਨਰਾਂ ਦਾ ਦੇਹਾਂਤ ਹੋ ਚੁੱਕਾ ਹੈ। ਵਧਦੀ ਉਮਰ ਵਿੱਚ ਡਾਕਟਰੀ ਖਰਚੇ ਅਤੇ ਮਹਿੰਗਾਈ ਕਾਰਨ ਪੈਨਸ਼ਨਰਾਂ 'ਤੇ ਆਰਥਿਕ ਦਬਾਅ ਵਧਦਾ ਜਾ ਰਿਹਾ ਹੈ, ਜਦੋਂ ਕਿ ਸਰਕਾਰ ਵੱਲੋਂ ਸੋਧੀਆਂ ਤਨਖਾਹਾਂ ਅਤੇ ਡੀਏ ਨੂੰ ਪਹਿਲਾਂ ਹੀ ਸਵੀਕਾਰ ਕੀਤਾ ਜਾ ਚੁੱਕਾ ਹੈ।
ਸੁਣਵਾਈ ਦੌਰਾਨ ਅਦਾਲਤ ਨੇ 6ਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਤੇ ਰਾਜ ਸਰਕਾਰ ਵੱਲੋਂ 2021 ਵਿੱਚ ਨੋਟੀਫਾਈ ਕੀਤੇ ਸੋਧੇ ਹੋਏ ਤਨਖਾਹ ਨਿਯਮਾਂ ਦਾ ਵੀ ਜ਼ਿਕਰ ਕੀਤਾ। ਅਦਾਲਤ ਨੇ ਕਿਹਾ ਕਿ ਜਦੋਂ ਸਰਕਾਰ ਨੇ ਸੋਧੀ ਹੋਈ ਪੈਨਸ਼ਨ ਅਤੇ ਡੀਏ ਨੂੰ ਲਾਗੂ ਕਰ ਦਿੱਤਾ ਹੈ, ਤਾਂ ਯੋਗ ਪੈਨਸ਼ਨਰਾਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਤੋਂ ਵਾਂਝਾ ਨਹੀਂ ਰੱਖਿਆ ਜਾ ਸਕਦਾ। ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਹੁਕਮਾਂ ਦੀ ਪਾਲਣਾ ਵਿੱਚ ਕੋਈ ਢਿੱਲ ਵਰਤੀ ਜਾਂਦੀ ਹੈ, ਤਾਂ ਪ੍ਰਭਾਵਿਤ ਪੈਨਸ਼ਨਰ ਅਦਾਲਤ ਦੀ ਮਾਣਹਾਨੀ ਦੀ ਕਾਰਵਾਈ ਲਈ ਮੁੜ ਅਦਾਲਤ ਦਾ ਦਰਵਾਜ਼ਾ ਖੜਕਾ ਸਕਦੇ ਹਨ।