ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ : ਕੇਂਦਰ ਸਰਕਾਰ ਦੇਵੇਗੀ 254 ਕਰੋੜ ਰੁਪਏ; ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨੇ ਕੀਤਾ ਐਲਾਨ
ਪੰਜਾਬ ਦੀ ਧਰਤੀ 'ਤੇ ਪਹੁੰਚਣ 'ਤੇ ਸ਼ਿਵਰਾਜ ਸਿੰਘ ਚੌਹਾਨ ਨੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਆਉਂਦਿਆਂ ਹੀ ਉਨ੍ਹਾਂ ਦਾ ਹਿਰਦਾ ਸ਼ਰਧਾ ਅਤੇ ਖ਼ੁਸ਼ੀ ਨਾਲ ਭਰ ਜਾਂਦਾ ਹੈ। ਗੁਰੂ ਨਾਨਕ ਦੇਵ ਜੀ ਨੇ 'ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ' ਦਾ ਸੰਦੇਸ਼ ਦੇ ਕੇ ਮਿਹਨਤ ਕਰਨ, ਪਰਮਾਤਮਾ ਦਾ ਸਿਮਰਨ ਕਰਨ ਅਤੇ ਮਿਲ-ਜੁਲ ਕੇ ਖਾਣ ਦਾ ਰਾਹ ਦਿਖਾਇਆ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੀ ਸੇਵਾ ਦੇ ਉਦੇਸ਼ ਨਾਲ ਇੱਥੇ ਪਹੁੰਚੇ ਹਨ।
Publish Date: Tue, 17 Nov 2026 02:18 PM (IST)
Updated Date: Tue, 17 Nov 2026 02:20 PM (IST)
ਅਜੈ ਅਗਨੀਹੋਤਰੀ, ਮੁਹਾਲੀ : ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਅਤੇ ਵਾਤਾਵਰਨ ਦੀ ਸੰਭਾਲ ਵਿਚਾਲੇ ਸੰਤੁਲਨ ਕਾਇਮ ਕਰਨ ਲਈ ਕੇਂਦਰ ਸਰਕਾਰ ਹੁਣ ਕਿਸਾਨਾਂ ਨੂੰ ਆਧੁਨਿਕ ਖੇਤੀ ਤਕਨੀਕਾਂ ਨਾਲ ਜੋੜਨ 'ਤੇ ਜ਼ੋਰ ਦੇ ਰਹੀ ਹੈ। ਇਸੇ ਕੜੀ ਤਹਿਤ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਮੰਗਲਵਾਰ ਨੂੰ ਮੁਹਾਲੀ ਦੇ ਪਿੰਡ ਬਦਰਪੁਰ ਪਹੁੰਚੇ। ਇੱਥੇ ਕਰਵਾਏ ਗਏ 'ਖੇਤ ਬਚਾਓ ਅਭਿਆਨ' ਦੌਰਾਨ ਉਨ੍ਹਾਂ ਨੇ ਪੰਜਾਬ ਦੇ ਕਿਸਾਨਾਂ ਨੂੰ 254 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਮਨਜ਼ੂਰੀ ਪੱਤਰ ਦੇਣ ਦਾ ਐਲਾਨ ਕੀਤਾ। ਪ੍ਰੋਗਰਾਮ ਦੌਰਾਨ ਪਰਾਲੀ ਪ੍ਰਬੰਧਨ, ਆਧੁਨਿਕ ਮਸ਼ੀਨਾਂ ਅਤੇ ਗ੍ਰੀਨ ਅਮੋਨੀਆ ਦੀ ਵਰਤੋਂ ਨਾਲ ਖੇਤੀ ਦੀ ਤਸਵੀਰ ਬਦਲਣ ਬਾਰੇ ਚਰਚਾ ਕੀਤੀ ਗਈ।
ਕੇਂਦਰੀ ਮੰਤਰੀ ਨੇ ਕਿਸਾਨਾਂ ਅਤੇ ਸਵੈ-ਸਹਾਇਤਾ ਸਮੂਹਾਂ ਦੇ ਮੈਂਬਰਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਜਾਣੀਆਂ। ਉਨ੍ਹਾਂ ਕਿਹਾ ਕਿ ਕਿਸਾਨਾਂ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣ ਦੇ ਨਾਲ-ਨਾਲ ਖੇਤੀ ਦੀ ਲਾਗਤ ਘਟਾਉਣਾ ਅਤੇ ਉਨ੍ਹਾਂ ਦੀ ਆਮਦਨ ਵਧਾਉਣਾ ਸਰਕਾਰ ਦੀ ਤਰਜੀਹ ਹੈ। ਇਸ ਲਈ ਰਵਾਇਤੀ ਖੇਤੀ ਦੇ ਨਾਲ-ਨਾਲ ਨਵੀਆਂ ਤਕਨੀਕਾਂ ਵੀ ਅਪਣਾਉਣੀਆਂ ਪੈਣਗੀਆਂ।
ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਕੀਤਾ ਜ਼ਿਕਰ
ਪੰਜਾਬ ਦੀ ਧਰਤੀ 'ਤੇ ਪਹੁੰਚਣ 'ਤੇ ਸ਼ਿਵਰਾਜ ਸਿੰਘ ਚੌਹਾਨ ਨੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਆਉਂਦਿਆਂ ਹੀ ਉਨ੍ਹਾਂ ਦਾ ਹਿਰਦਾ ਸ਼ਰਧਾ ਅਤੇ ਖ਼ੁਸ਼ੀ ਨਾਲ ਭਰ ਜਾਂਦਾ ਹੈ। ਗੁਰੂ ਨਾਨਕ ਦੇਵ ਜੀ ਨੇ 'ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ' ਦਾ ਸੰਦੇਸ਼ ਦੇ ਕੇ ਮਿਹਨਤ ਕਰਨ, ਪਰਮਾਤਮਾ ਦਾ ਸਿਮਰਨ ਕਰਨ ਅਤੇ ਮਿਲ-ਜੁਲ ਕੇ ਖਾਣ ਦਾ ਰਾਹ ਦਿਖਾਇਆ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੀ ਸੇਵਾ ਦੇ ਉਦੇਸ਼ ਨਾਲ ਇੱਥੇ ਪਹੁੰਚੇ ਹਨ।
ਪਰਾਲੀ ਨੂੰ ਸਮੱਸਿਆ ਨਹੀਂ, ਕਮਾਈ ਦਾ ਸਾਧਨ ਬਣਾਉਣ 'ਤੇ ਜ਼ੋਰ
ਪ੍ਰੋਗਰਾਮ ਦੌਰਾਨ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਅਤੇ ਕਣਕ ਦੀ ਉੱਨਤ ਬਿਜਾਈ ਦੀਆਂ ਤਕਨੀਕਾਂ ਦਾ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਨੂੰ ਦੱਸਿਆ ਗਿਆ ਕਿ ਆਧੁਨਿਕ ਮਸ਼ੀਨਾਂ ਅਤੇ ਵਿਗਿਆਨਕ ਤਰੀਕਿਆਂ ਨਾਲ ਪਰਾਲੀ ਦਾ ਬਿਹਤਰ ਪ੍ਰਬੰਧਨ ਕੀਤਾ ਜਾ ਸਕਦਾ ਹੈ।
ਇਸ ਨਾਲ ਖੇਤਾਂ 'ਚ ਪਰਾਲੀ ਸਾੜਨ ਦੀ ਲੋੜ ਘਟੇਗੀ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਵਰਤੋਂ ਆਮਦਨ ਵਧਾਉਣ ਲਈ ਵੀ ਕੀਤੀ ਜਾ ਸਕੇਗੀ। ਸ਼ਿਵਰਾਜ ਨੇ ਸੂਰਜੀ ਊਰਜਾ ਨਾਲ ਗ੍ਰੀਨ ਅਮੋਨੀਆ ਤਿਆਰ ਕਰਨ ਦੀਆਂ ਸੰਭਾਵਨਾਵਾਂ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਅਜਿਹੀਆਂ ਤਕਨੀਕਾਂ ਨੂੰ ਉਤਸ਼ਾਹਿਤ ਕਰ ਕੇ ਰਸਾਇਣਕ ਖਾਦਾਂ 'ਤੇ ਨਿਰਭਰਤਾ ਘਟਾਉਣ ਅਤੇ ਵਾਤਾਵਰਨ ਦੀ ਸੰਭਾਲ ਵੱਲ ਅੱਗੇ ਵਧਿਆ ਜਾ ਸਕਦਾ ਹੈ।
ਪ੍ਰਦਰਸ਼ਨੀ 'ਚ ਦਿਖਾਈਆਂ ਖੇਤੀ ਦੀਆਂ ਨਵੀਆਂ ਤਕਨੀਕਾਂ
ਪ੍ਰੋਗਰਾਮ ਵਾਲੀ ਥਾਂ 'ਤੇ ਖੇਤੀਬਾੜੀ ਤਕਨੀਕਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ। ਇਸ 'ਚ ਆਧੁਨਿਕ ਖੇਤੀਬਾੜੀ ਉਪਕਰਨਾਂ, ਸਮਾਰਟ ਸਿੰਚਾਈ ਪ੍ਰਣਾਲੀ ਅਤੇ ਨਵੀਂ ਮਸ਼ੀਨਰੀ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ। ਮਾਹਿਰਾਂ ਨੇ ਮਸ਼ੀਨਾਂ ਦੀ ਵਰਤੋਂ ਨਾਲ ਖੇਤੀ 'ਚ ਸਮੇਂ ਅਤੇ ਮਿਹਨਤ ਦੀ ਬੱਚਤ ਕਰਨ ਦੇ ਤਰੀਕੇ ਸਮਝਾਏ। ਅਖੀਰ 'ਚ ਕੇਂਦਰੀ ਮੰਤਰੀ ਨੇ ਕਿਸਾਨਾਂ ਨੂੰ 'ਖੇਤ ਬਚਾਓ ਅਭਿਆਨ' ਨੂੰ ਜਨ ਅੰਦੋਲਨ ਬਣਾਉਣ ਅਤੇ ਟਿਕਾਊ ਖੇਤੀ ਦੀਆਂ ਤਕਨੀਕਾਂ ਅਪਣਾਉਣ ਦੀ ਅਪੀਲ ਕੀਤੀ।