ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਸਰਕਾਰ ਨੇ ਵੀਰਵਾਰ ਨੂੰ ਇਕ ਅਹਿਮ ਫ਼ੈਸਲਾ ਲੈਂਦੇ ਹੋਏ ਪੰਜਾਬ ਰਾਜ ਦੀਆਂ ਵੋਲਵੋ ਬੱਸਾਂ ਵਿਚ ਯਾਤਰੀਆਂ ਨੂੰ ਹੁਣ ਪੀਣ ਵਾਲੇ ਪਾਣੀ ਦੀ ਬੋਤਲ ਮੁਹੱਈਆ ਕਰਵਾਉਣ ਦਾ ਫ਼ੈਸਲਾ ਲਿਆ ਹੈ। ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਦੀ ਸਹੂਲਤ ਲਈ ਪੰਜਾਬ ਰਾਜ ਤੋਂ ਦਿੱਲੀ ਹਵਾਈ ਅੱਡੇ ਲਈ ਸ਼ੁਰੂ ਕੀਤੀ ਗਈ ਵੋਲਵੋ ਬੱਸ ਸਰਵਿਸ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਰੂਟ ਉੱਤੇ ਵੋਲਵੋ ਬੱਸ ਪ੍ਰਤੀ ਕਿਲੋਮੀਟਰ 100 ਰੁਪਏ ਦੇ ਕਰੀਬ ਹਾਸਲ ਕਰ ਰਹੀ ਹੈ।

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੂਬੇ ਵਿਚ ਬੱਸਾਂ ਦੇ ਟਾਇਮ ਟੇਬਲ ਨੂੰ ਇੰਨ-ਬਿੰਨ ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ ਅਤੇ ਇਸ ਵਿਚ ਕਿਸੇ ਵੀ ਤਰ੍ਹਾਂ ਦੀ ਛੇੜਛਾੜ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਟਾਇਮ ਟੇਬਲ ਦੇ ਲਾਗੂ ਹੋਣ ਨਾਲ ਬੱਸ ਸੇਵਾ ਵਿਚ ਦਿਨ ਪ੍ਰਤੀ ਦਿਨ ਸੁਧਾਰ ਹੋ ਰਿਹਾ ਹੈ ਅਤੇ ਨਾਲ ਹੀ ਗ਼ੈਰ-ਕਾਨੂੰਨੀ ਤੌਰ 'ਤੇ ਕੁਝ ਲੋਕਾਂ ਵੱਲੋਂ ਚਲਾਈ ਜਾ ਰਹੀ ਬੱਸ ਸੇਵਾ ਨੂੰ ਵੀ ਠੱਲ੍ਹ ਪਈ ਹੈ।

ਉਨ੍ਹਾਂ ਕਿਹਾ ਕਿ ਜਨਰਲ ਮੈਨੇਜਰ (ਜੀਐੱਮ) ਨੂੰ ਹਦਾਇਤ ਕੀਤੀ ਕਿ ਉਹ ਪ੍ਰਤੀ ਕਿਲੋਮੀਟਰ ਮਾਈਲੇਜ ਵਿਚ ਹੋਰ ਸੁਧਾਰ ਲਿਆਉਣ ਦੇ ਨਾਲ-ਨਾਲ ਸੂਬੇ ਵਿਚ ਸਰਕਾਰੀ ਬੱਸਾਂ ਵਿਚੋਂ ਤੇਲ ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਪਾਇਲਟ ਪ੍ਰਰਾਜੈਕਟ ਸ਼ੁਰੂ ਕੀਤਾ ਜਾਵੇ। ਇਸ ਦੇ ਨਾਲ ਹੀ ਸੂਬੇ ਵਿਚ ਵੀਟੀਐੱਸ ਸਿਸਟਮ ਨੂੰ ਵੀ ਤੈਅ ਸਮੇਂ 'ਤੇ ਲਾਗੂ ਕਰਨ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਤਾਂ ਕਿ ਸੂਬੇ ਵਿਚ ਗ਼ੈਰ-ਕਾਨੂੰਨੀ ਤੌਰ 'ਤੇ ਚੱਲ ਰਹੀਆਂ ਬੱਸਾਂ ਨੂੰ ਪੂਰੀ ਤਰ੍ਹਾਂ ਬੰਦ ਕੀਤਾ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਿ ਟਾਇਮ ਟੇਬਲ ਦੇ ਸਲੌਟ ਵਿਚ ਰੋਟੇਸ਼ਨ ਵਿਧੀ ਅਪਣਾਈ ਜਾਵੇ ਤਾਂ ਜੋ ਸਭ ਨੂੰ ਬਰਾਬਰ ਮੌਕੇ ਮਿਲ ਸਕਣ।

ਇਸ ਮੌਕੇ ਵਿਕਾਸ ਗਰਗ ਸਕੱਤਰ ਟਰਾਂਸਪੋਰਟ ਵਿਭਾਗ, ਪਰਦੀਪ ਸਭਰਵਾਲ, ਅਮਨਦੀਪ ਕੌਰ ਡਾਇਰੈਕਟਰ ਸਟੇਟ ਟਰਾਂਸਪੋਰਟ ਅਤੇ ਵਿਮਲ ਕੁਮਾਰ ਸੇਤੀਆ ਹਾਜ਼ਰ ਸਨ।