ਸਰਵਪੱਖੀ ਵਿਕਾਸ ਲਈ ਸਰਕਾਰ ਵਚਨਬੱਧ : ਮਾਲਵਿੰਦਰ ਕੰਗ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਸਰਕਾਰ : ਮਾਲਵਿੰਦਰ ਕੰਗ
Publish Date: Mon, 12 Oct 2026 08:20 PM (IST)
Updated Date: Mon, 12 Oct 2026 08:23 PM (IST)
ਰੋਹਿਤ ਗੁਪਤਾ, ਪੰਜਾਬੀ ਜਾਗਰਣ ਮਾਜਰੀ : “ਪਿੰਡਾਂ ਦਾ ਸਰਵਪੱਖੀ ਵਿਕਾਸ ਕਰਨਾ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ। ਪਿੰਡਾਂ ਵਿਚ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਨੇਪਰੇ ਚਾੜ੍ਹਿਆ ਜਾ ਰਿਹਾ ਹੈ, ਤਾਂ ਜੋ ਲੋਕਾਂ ਨੂੰ ਬਿਹਤਰ ਸਹੂਲਤਾਂ ਮਿਲਣ ਦੇ ਨਾਲ-ਨਾਲ ਨੌਜਵਾਨਾਂ ਅਤੇ ਬੱਚਿਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਦੇ ਮੌਕੇ ਮਿਲ ਸਕਣ।” ਇਹ ਪ੍ਰਗਟਾਵਾ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਨੇ ਮਾਜਰੀ ਨੇੜਲੇ ਪਿੰਡ ਚੰਦਪੁਰ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਉਣ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਪਿੰਡ ਦੇ ਵਿਕਾਸ ਨੂੰ ਧਿਆਨ ਵਿਚ ਰੱਖਦਿਆਂ ਟੋਭੇ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਬੱਚਿਆਂ ਦੇ ਖੇਡਣ ਅਤੇ ਨੌਜਵਾਨਾਂ ਨੂੰ ਖੇਡ ਗਤੀਵਿਧੀਆਂ ਨਾਲ ਜੋੜਨ ਲਈ ਖੇਡ ਮੈਦਾਨ ਤਿਆਰ ਕਰਨ ਸਮੇਤ ਹੋਰਨਾਂ ਵਿਕਾਸ ਕਾਰਜਾਂ ਦੀ ਵੀ ਸ਼ੁਰੂਆਤ ਕੀਤੀ ਗਈ ਹੈ। ਇਨ੍ਹਾਂ ਕੰਮਾਂ ਦੇ ਮੁਕੰਮਲ ਹੋਣ ਨਾਲ ਪਿੰਡ ਵਾਸੀਆਂ ਨੂੰ ਬਿਹਤਰ ਸਹੂਲਤਾਂ ਮਿਲਣਗੀਆਂ ਅਤੇ ਪਿੰਡ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤੀ ਮਿਲੇਗੀ। ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਲੋਕਾਂ ਦੀਆਂ ਲੋੜਾਂ ਅਤੇ ਸਥਾਨਕ ਸਮੱਸਿਆਵਾਂ ਨੂੰ ਧਿਆਨ ਵਿਚ ਰੱਖਣਾ ਬੇਹੱਦ ਜ਼ਰੂਰੀ ਹੈ। ਟੋਭਿਆਂ ਦਾ ਨਵੀਨੀਕਰਨ ਪਿੰਡਾਂ ਦੇ ਵਾਤਾਵਰਨ ਅਤੇ ਸਾਂਝੀਆਂ ਥਾਵਾਂ ਦੀ ਸੰਭਾਲ ਪੱਖੋਂ ਮਹੱਤਵਪੂਰਨ ਹੈ, ਜਦਕਿ ਖੇਡ ਮੈਦਾਨ ਬੱਚਿਆਂ ਅਤੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਉਤਸ਼ਾਹਤ ਕਰਦੇ ਹਨ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦਾ ਲਾਭ ਹਰ ਵਰਗ ਤੱਕ ਪਹੁੰਚਾਉਣ ਲਈ ਯਤਨ ਜਾਰੀ ਰਹਿਣਗੇ। ਉਨ੍ਹਾਂ ਪਿੰਡ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਵਿਕਾਸ ਕਾਰਜਾਂ ਵਿਚ ਸਹਿਯੋਗ ਦੇਣ ਅਤੇ ਤਿਆਰ ਹੋਣ ਵਾਲੀਆਂ ਸਾਂਝੀਆਂ ਸਹੂਲਤਾਂ ਦੀ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣ, ਤਾਂ ਜੋ ਇਨ੍ਹਾਂ ਦਾ ਲੰਬੇ ਸਮੇਂ ਤੱਕ ਲਾਭ ਲਿਆ ਜਾ ਸਕੇ। ਇਸ ਮੌਕੇ ਪਿੰਡ ਵਾਸੀਆਂ ਨੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਦਾ ਸਵਾਗਤ ਕਰਦਿਆਂ ਉਮੀਦ ਪ੍ਰਗਟਾਈ ਕਿ ਇਨ੍ਹਾਂ ਕੰਮਾਂ ਦੇ ਮੁਕੰਮਲ ਹੋਣ ਨਾਲ ਪਿੰਡ ਦੀਆਂ ਸਹੂਲਤਾਂ ਵਿਚ ਹੋਰ ਸੁਧਾਰ ਹੋਵੇਗਾ। ਇਸ ਮੌਕੇ ਪਰਮਿੰਦਰ ਸਿੰਘ ਗੋਲਡੀ ਹਲਕਾ ਇੰਚਾਰਜ, ਸਰਪੰਚ ਸ਼ੁਭਮ ਗਿਰੀ, ਬਿਕਰਮ ਸਿੰਘ, ਮਨਜੀਤ ਕੌਰ, ਰਾਜੇਸ਼ ਕੁਮਾਰ, ਨੰਬਰਦਾਰ ਤਿਲਕਰਾਜ, ਹਰਨੇਕ ਸਿੰਘ, ਅਸ਼ੋਕ ਕੁਮਾਰ, ਗੁਰਿੰਦਰ ਸਿੰਘ ਕਾਲੁ ਸਾਬਕਾ ਸਰਪੰਚ ਖਿਜ਼ਰਾਬਾਦ, ਜਤਿੰਦਰ ਰਾਣਾ, ਸਤਵਿੰਦਰ ਸਿੰਘ ਸਲੇਮਪੁਰ ਸਮੇਤ ਇਲਾਕੇ ਦੇ ਮੋਹਤਵਰ ਹਾਜ਼ਰ ਸਨ।