- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰ ਕਾਨੂੰਨ ਵਿਵਸਥਾ ਕਾਇਮ ਰੱਖਣ ’ਚ ਫੇਲ੍ਹ : ਨਿਰਮੈਲ ਸਿੰਘ ਜੌਲਾ

ਸੁਰਜੀਤ ਸਿੰਘ ਕੁਹਾੜ, ਪੰਜਾਬੀ ਜਾਗਰਣ, ਲਾਲੜੂ : ਐੱਸਜੀਪੀਸੀ ਮੈਂਬਰ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਨਿਰਮੈਲ ਸਿੰਘ ਜੌਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਸੂਬੇ ਵਿਚ ਕਾਨੂੰਨ ਵਿਵਸਥਾ ਕਾਇਮ ਰੱਖਣ ਅਤੇ ਨਸ਼ਿਆਂ ’ਤੇ ਕਾਬੂ ਪਾਉਣ ਵਿਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਜਦੋਂ ਤੋਂ ‘ਆਪ’ ਸਰਕਾਰ ਸੱਤਾ ਵਿਚ ਆਈ ਹੈ, ਉਦੋਂ ਤੋਂ ਪੰਜਾਬ ’ਚ ਨਸ਼ਿਆਂ ਦਾ ਪ੍ਰਕੋਪ ਹੋਰ ਵਧਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨਸ਼ਿਆਂ ਦੀ ਦਲਦਲ ਵਿਚ ਫਸ ਕੇ ਆਪਣੀਆਂ ਜਾਨਾਂ ਗੁਆ ਰਹੀ ਹੈ, ਜਿਸ ਕਾਰਨ ਲੋਕਾਂ ਦੇ ਘਰਾਂ ਵਿਚ ਸੱਥਰ ਵਿਛ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਬਾਵਜੂਦ ਨਸ਼ਿਆਂ ਦੀ ਸਪਲਾਈ ’ਤੇ ਕੋਈ ਰੋਕ ਨਹੀਂ ਲਗਾ ਸਕੀ ਹੈ। ਸ. ਜੌਲਾ ਨੇ ਕਿਹਾ ਕਿ ਸੂਬੇ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਲਗਾਤਾਰ ਵਿਗੜ ਰਹੀ ਹੈ ਅਤੇ ਦਿਨ-ਦਿਹਾੜੇ ਗੋਲ਼ੀਆਂ ਚੱਲਣ ਦੀਆਂ ਘਟਨਾਵਾਂ ਵਿਚ ਲੋਕਾਂ ਦੀਆਂ ਜਾਨਾਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਵੱਧ ਰਹੇ ਰੁਝਾਨ ਕਾਰਨ ਲੋਕਾਂ ਵਿਚ ਚਿੰਤਾ ਦਾ ਮਾਹੌਲ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ’ਚ ਹਰ ਮਹੀਨੇ ਆਮ ਲੋਕਾਂ, ਸਰਪੰਚਾਂ ਅਤੇ ਸਿਆਸੀ ਕਾਰਕੁਨਾਂ ਨੂੰ ਗੋਲ਼ੀਆਂ ਦਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਸੁਧਾਰਨ ਅਤੇ ਨਸ਼ਿਆਂ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਲਈ ਠੋਸ ਕਦਮ ਚੁੱਕਣ ਦੀ ਲੋੜ ਹੈ।