ਸਰਕਾਰ ਸੂਬੇ ਦੀ ਅਫ਼ਸਰਸ਼ਾਹੀ ਨੂੰ ਅਗਵਾਈ ਦੇਣ ਦੇ ਯੋਗ ਨਹੀਂ : ਉਗਰਾਹਾਂ
ਸਰਕਾਰ ਸੂਬੇ ਦੀ ਅਫ਼ਸਰਸ਼ਾਹੀ ਨੂੰ ਅਗਵਾਈ ਦੇਣ ਦੇ ਯੋਗ ਨਹੀਂ : ਉਗਰਾਹਾਂ
Publish Date: Tue, 10 Feb 2026 08:18 PM (IST)
Updated Date: Wed, 11 Feb 2026 04:15 AM (IST)

ਫੋਟੋ ਕੈਪਸ਼ਨ : ਨਵ-ਵਿਆਹੀ ਜੋੜੀ ਨੂੰ ਅਸ਼ੀਰਵਾਦ ਦਿੰਦੇ ਹੋਏ ਜੋਗਿੰਦਰ ਸਿੰਘ ਉਗਰਾਹਾਂ ਤੇ ਹੋਰ। 20ਪੀ ਸੁਰਜੀਤ ਸਿੰਘ ਕੁਹਾੜ, ਪੰਜਾਬੀ ਜਾਗਰਣ, ਲਾਲੜੂ : ਪੰਜਾਬ ਸਰਕਾਰ ਸਮੇਤ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਚ ਸੂਬੇ ਦੀ ਮੌਜੂਦਾ ਅਫ਼ਸਰਸ਼ਾਹੀ ਨੂੰ ਅਗਵਾਈ ਦੇਣ ਦੀ ਯੋਗਤਾ ਨਹੀਂ ਹੈ, ਜਿਸ ਕਾਰਨ ਲਗਾਤਾਰ ਉਨ੍ਹਾਂ ਵੱਲੋਂ ਕਿਸਾਨ ਜਥੇਬੰਦੀਆਂ ਨਾਲ ਬੈਠਕਾਂ ’ਚ ਕੀਤੇ ਵਾਅਦੇ ਹਰ ਵਾਰ ਵਾਅਦਾ ਖ਼ਿਲਾਫ਼ੀ ਸਾਬਤ ਹੋ ਰਹੇ ਹਨ। ਰਾਜਸੀ ਸੂਝਬੂਝ ਤੋਂ ਕੋਰਾ ਹੋਣ ਕਾਰਨ ਪੰਜਾਬ ਵਰਗੀ ਸਟੇਟ ਨੂੰ ਚਲਾਉਣ ਦੀ ਸਮਝ ਨਹੀਂ ਹੈ ਤੇ ਹਰ ਪਾਸੇ ਅਰਾਜਕਤਾ ਦਾ ਮਾਹੌਲ ਹੈ ਅਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਸੂਬੇ ਵਿਚ ਸੰਘਰਸ਼ ਵਿੱਢੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਕੌਮੀ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਆਪਣੀ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਹੈਪੀ ਮਲਕਪੁਰ ਦੇ ਮੁੰਡੇ ਦੇ ਵਿਆਹ ਮੌਕੇ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਵਿਚ ਅਮਨ ਅਤੇ ਕਾਨੂੰਨ ਦੀ ਸਥਿਤੀ ਤਰਸਯੋਗ ਬਣੀ ਹੋਈ ਹੈ ਤੇ ਪੰਜਾਬ ਦੇ ਲੋਕਾਂ ਦਾ ਖ਼ਾਸ ਕਰਕੇ ਕਿਸਾਨਾਂ ਅਤੇ ਮਜ਼ਦੂਰਾਂ ਦਾ ਮੌਜੂਦਾ ਸਰਕਾਰ ਤੋਂ ਮੋਹ ਭੰਗ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਵੀਆਈਪੀ ਕਲਚਰ, ਭ੍ਰਿਸ਼ਟਾਚਾਰ ਅਤੇ ਪੰਜਾਬ ਨੂੰ ਖੁਸ਼ਹਾਲ ਕਰਨ ਦਾ ਵਾਅਦਾ ਕਰਕੇ ਸਰਕਾਰ ਬਣਾਈ ਸੀ,ਅੱਜ ਉਹ ਹਰ ਫਰੰਟ ਤੇ ਫੇਲ੍ਹ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੇ ਲੋਕਾਂ ਨੂੰ ਫਿਰਕਿਆਂ ਅਤੇ ਜਾਤਾਂ ਵਿਚ ਵੰਡ ਕੇ ਪਾੜਨ ਦਾ ਯਤਨ ਕਰ ਰਹੀ ਹੈ, ਪਰ ਪੰਜਾਬ ਦੇ ਲੋਕ ਆਪਸੀ ਭਾਈਚਾਰਕ ਸਾਂਝ ਵਿਚ ਵਿਸ਼ਵਾਸ ਰੱਖਦੇ ਹਨ। ਕੇਂਦਰ ਸਰਕਾਰ ਦੀ ਸਖ਼ਤ ਨੁਕਤਾਚਿਨੀ ਕਰਦੇ ਹੋਏ ਉਨ੍ਹਾਂ ਕਿਹਾ ਕਿ ਅਮਰੀਕਾ ਵਰਗੇ ਮੁਲਕ ਨਾਲ ਜ਼ੀਰੋ ਫ਼ੀਸਦੀ ਟੈਰਿਫ ਤੇ ਵਪਾਰ ਕਰਨਾ ਦੇਸ਼ ਦੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਹਿੱਤਾਂ ਵਿਚ ਨਹੀਂ ਹੈ, ਜਦਕਿ ਅਮਰੀਕਾ ਨੇ ਆਪਣਾ ਟੈਰਿਫ 50 ਫ਼ੀਸਦੀ ਤੋਂ 18 ਫ਼ੀਸਦੀ ਕਰ ਲਿਆ ਹੈ। ਇਸ ਸਬੰਧ ਵਿਚ ਕੇਂਦਰ ਸਰਕਾਰ ਨੂੰ ਵੀ ਆਪਣਾ ਪੱਖ ਮਜ਼ਬੂਤੀ ਨਾਲ ਰੱਖ ਕੇ ਯੋਗ ਟੈਰਿਫ ਲਗਾਉਣਾ ਚਾਹੀਦਾ ਹੈ ਤਾਂ ਜੋ ਦੇਸ਼ ਦੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕ ਸੁਰੱਖਿਅਤ ਰੱਖੇ ਜਾ ਸਕਣ। ਇਸ ਮੌਕੇ ਅਨੇਕਾਂ ਕਿਸਾਨ ਆਗੂ ਤੇ ਹੋਰ ਪਾਰਟੀਆਂ ਦੇ ਆਗੂ ਵੀ ਮੌਜੂਦ ਸਨ।