ਸਰਕਾਰੀ ਸਮਾਰਟ ਸਕੂਲ ਫੇਜ਼-6 ਨੂੰ ਮਿਲੇ ਦੋ ਟੱਚ ਪੈਨਲ
ਸਰਕਾਰੀ ਸਮਾਰਟ ਸਕੂਲ ਫੇਜ਼-6 ਨੂੰ ਮਿਲੇ ਦੋ ਟੱਚ ਪੈਨਲ,
Publish Date: Tue, 31 Mar 2026 08:45 PM (IST)
Updated Date: Wed, 01 Apr 2026 04:19 AM (IST)

ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਸਰਕਾਰ ਵਚਨਬੱਧ : ਆਰਪੀ ਸ਼ਰਮਾ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਇੱਥੋਂ ਦੇ ਸਰਕਾਰੀ ਸਮਾਰਟ ਸਕੂਲ ਫੇਜ਼-6 ਵਿਖੇ ਮਾਪੇ-ਅਧਿਆਪਕ ਮਿਲਣੀ ਦੌਰਾਨ ਸਾਬਕਾ ਕੌਂਸਲਰ ਆਰਪੀ ਸ਼ਰਮਾ ਵੱਲੋਂ ਪੰਜਾਬ ਸਰਕਾਰ ਵੱਲੋਂ ਭੇਜੇ ਗਏ ਦੋ ਆਧੁਨਿਕ ਟੱਚ ਪੈਨਲ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਗਏ। ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿਚ ਸਿੱਖਿਆ ਢਾਂਚੇ ਨੂੰ ਮਜ਼ਬੂਤ ਕਰਨ ਲਈ ਨਿਰੰਤਰ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਨਿੱਜੀ ਸਕੂਲਾਂ ਵਰਗੀਆਂ ਸਹੂਲਤਾਂ ਅਤੇ ਢੁਕਵਾਂ ਵਾਤਾਵਰਨ ਮੁਹੱਈਆ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਸ੍ਰੀ ਸ਼ਰਮਾ ਨੇ ਦੱਸਿਆ ਕਿ ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੁਹਾਲੀ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਸਕੂਲਾਂ ਨੂੰ ਕੁੱਲ 50 ਟੱਚ ਪੈਨਲ ਵੰਡੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਿੱਖਿਆ ਦੇ ਨਾਲ-ਨਾਲ ਹਲਕੇ ਵਿਚ ਵਿਕਾਸ ਕਾਰਜ ਵੀ ਤੇਜ਼ੀ ਨਾਲ ਚੱਲ ਰਹੇ ਹਨ, ਜਿਨ੍ਹਾਂ ਵਿਚ ਪਿੰਡਾਂ ਦੀਆਂ ਲਿੰਕ ਸੜਕਾਂ ਦੀ ਮੁਰੰਮਤ ਅਤੇ ਖੇਡ ਸਟੇਡੀਅਮਾਂ ਦੀ ਉਸਾਰੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਕੂਲਾਂ ਨੂੰ ਕਮਰਿਆਂ, ਫਰਨੀਚਰ ਅਤੇ ਹੋਰ ਸਹੂਲਤਾਂ ਲਈ ਗਰਾਂਟਾਂ ਦਿੱਤੀਆਂ ਜਾ ਰਹੀਆਂ ਹਨ। ਇਸ ਤੋਂ ਪਹਿਲਾਂ ਮੁੱਖ ਅਧਿਆਪਕ ਸ਼ੇਖਾ ਸ਼ਰਮਾ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ। ਇਸ ਮੌਕੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਮੁੱਖ ਅਧਿਆਪਕ ਹਰਪ੍ਰੀਤ ਸਿੰਘ ਸੋਢੀ, ਜਸਮੀਤ ਸਿੰਘ ਭੱਟ, ਕ੍ਰਿਪਾਲ ਸਿੰਘ, ਹਰਮਨ ਸਿੰਘ, ਬਲਦੇਵ ਰਾਏ ਸ਼ਰਮਾ, ਗੁਲਜ਼ਾਰ ਸਿੰਘ ਅਤੇ ਰਾਜ ਕੁਮਾਰ ਆਦਿ ਹਾਜ਼ਰ ਸਨ।