‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਸ਼ਾਨਦਾਰ ਆਗ਼ਾਜ਼ ‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਸ਼ਾਨਦਾਰ ਆਗ਼ਾਜ਼
Publish Date: Sat, 12 Sep 2026 09:19 PM (IST)
Updated Date: Sun, 13 Sep 2026 04:08 AM (IST)
ਫੋਟੋ ਕੈਪਸ਼ਨ ; ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਪ੍ਰੋਗਰਾਮ ਦੌਰਾਨ ਪਤਵੰਤਿਆਂ ਦਾ ਸਨਮਾਨ ਕਰਦੇ ਹੋਏ। 30ਪੀ ਸ੍ਰੀ ਗਣੇਸ਼, ਪੰਜਾਬੀ ਜਾਗਰਣ, ਕੁਰਾਲੀ : ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ 4’ ਤਹਿਤ ਬਲਾਕ ਪੱਧਰੀ ਖੇਡ ਮੁਕਾਬਲਿਆਂ ਦਾ ਸ਼ਾਨਦਾਰ ਆਗ਼ਾਜ਼ ਹੋਇਆ। ਇਸ ਮੌਕੇ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਸ਼ਿਰਕਤ ਕਰਦਿਆਂ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਪੰਜਾਬ ਸਰਕਾਰ ਦਾ ਇਕ ਸ਼ਲਾਘਾਯੋਗ ਉਪਰਾਲਾ ਹੈ, ਜਿਸ ਰਾਹੀਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਨਾਲ-ਨਾਲ ਉਭਰ ਰਹੀਆਂ ਖੇਡ ਪ੍ਰਤਿਭਾਵਾਂ ਨੂੰ ਆਪਣੀ ਕਾਬਲੀਅਤ ਦਿਖਾਉਣ ਅਤੇ ਅੱਗੇ ਵਧਣ ਲਈ ਮੰਚ ਪ੍ਰਦਾਨ ਕੀਤਾ ਜਾ ਰਿਹਾ ਹੈ। ਬਲਾਕ ਪੱਧਰੀ ਮੁਕਾਬਲਿਆਂ ਦੌਰਾਨ ਕਬੱਡੀ, ਵਾਲੀਬਾਲ, ਫੁੱਟਬਾਲ, ਖੋ-ਖੋ, ਐਥਲੈਟਿਕਸ ਅਤੇ ਕ੍ਰਿਕਟ (ਟੈਨਿਸ ਬਾਲ) ਸਮੇਤ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਖਿਡਾਰੀਆਂ ਨੇ ਵੱਡੀ ਗਿਣਤੀ ’ਚ ਉਤਸ਼ਾਹ ਨਾਲ ਭਾਗ ਲਿਆ। ਵਾਲੀਬਾਲ ਦੇ ਅੰਡਰ-14 ਵਰਗ ਵਿਚ ਬਲਾਕ ਮਾਜਰੀ ਦੀ ਕੁਰਾਲੀ ਟੀਮ ਨੇ ਪਹਿਲਾ ਸਥਾਨ, ਖਿਜ਼ਰਾਬਾਦ ਦੀ ਟੀਮ ਨੇ ਦੂਜਾ ਸਥਾਨ ਅਤੇ ਰਤਵਾੜਾ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ-14 ਲੜਕਿਆਂ ਦੇ ਮੁਕਾਬਲਿਆਂ ਵਿਚ ਪਿੰਡ ਰਤਵਾੜਾ ਦੀ ਟੀਮ ਨੇ ਪਹਿਲਾ, ਪਿੰਡ ਮੁੱਲਾਂਪੁਰ ਗਰੀਬਦਾਸ ਦੀ ਟੀਮ ਨੇ ਦੂਜਾ ਅਤੇ ਪਿੰਡ ਮੁੰਧੋਂ ਸੰਗਤੀਆਂ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਚੇਅਰਮੈਨ ਗੋਲਡੀ ਨੇ ਦੱਸਿਆ ਕਿ ਬਲਾਕ ਪੱਧਰ ’ਤੇ ਜੇਤੂ ਰਹਿਣ ਵਾਲੀਆਂ ਟੀਮਾਂ ਅਗਲੇ ਪੜਾਅ ਵਿਚ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਭਾਗ ਲੈਣਗੀਆਂ। ਜ਼ਿਲ੍ਹਾ ਪੱਧਰ ’ਤੇ ਜੇਤੂ ਰਹਿਣ ਵਾਲੀਆਂ ਟੀਮਾਂ ਨੂੰ ਰਾਜ ਪੱਧਰੀ ਮੁਕਾਬਲਿਆਂ ਵਿਚ ਭਾਗ ਲੈਣ ਦਾ ਮੌਕਾ ਮਿਲੇਗਾ। ਰਾਜ ਪੱਧਰ ’ਤੇ ਜੇਤੂ ਰਹਿਣ ਵਾਲੀਆਂ ਟੀਮਾਂ ਨੂੰ ਸਰਕਾਰ ਵੱਲੋਂ ਇਨਾਮੀ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ। ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਲ ਕਰਨ ਵਾਲੇ ਨੂੰ 10,000 ਰੁਪਏ, ਦੂਜਾ ਸਥਾਨ ਹਾਸਲ ਕਰਨ ਵਾਲੇ ਨੂੰ 7,000 ਰੁਪਏ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਨੂੰ 5,000 ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਜ਼ਿਲ੍ਹਾ ਖੇਡ ਅਫ਼ਸਰ ਸ੍ਰੀਮਤੀ ਉਮੇਸ਼ਵਰੀ ਸ਼ਰਮਾ ਵੱਲੋਂ ਵੱਖ-ਵੱਖ ਬਲਾਕਾਂ ਵਿਚ ਪਹੁੰਚ ਕੇ ਚੱਲ ਰਹੇ ਖੇਡ ਮੁਕਾਬਲਿਆਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਕਿਹਾ ਕਿ ਅਜਿਹੇ ਖੇਡ ਮੁਕਾਬਲੇ ਨੌਜਵਾਨਾਂ ਵਿਚ ਖੇਡ ਭਾਵਨਾ, ਅਨੁਸ਼ਾਸਨ ਅਤੇ ਤੰਦਰੁਸਤ ਜੀਵਨ ਸ਼ੈਲੀ ਨੂੰ ਉਤਸ਼ਾਹਤ ਕਰਨ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੇ ਖੇਡ ਵਿਭਾਗ ਵੱਲੋਂ ਇਨ੍ਹਾਂ ਮੁਕਾਬਲਿਆਂ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ।