ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦੀਵਾਨ ਹਾਲ ਦਾ ਲੈਂਟਰ ਪਾਇਆ
ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦੀਵਾਨ ਹਾਲ ਦਾ ਲੈਂਟਰ ਪਾਇਆ
Publish Date: Thu, 05 Mar 2026 06:56 PM (IST)
Updated Date: Thu, 05 Mar 2026 06:59 PM (IST)

ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਧੰਨ ਧੰਨ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬ੍ਰਹਮਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਆਸ਼ੀਰਵਾਦ ਸਦਕਾ ਦੀਵਾਨ ਹਾਲ ਦਾ ਲੈਂਟਰ ਪਾਇਆ ਗਿਆ। ਇਸ ਕਾਰਜ ਦੀ ਅਰੰਭਤਾ ਲਈ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਵਿਚ ਸੰਗਤ ਦੇ ਠਾਠਾਂ ਮਾਰਦੇ ਇਕੱਠ ਵਿਚ ਜੈਕਾਰਿਆਂ ਦੀ ਗੂੰਜ ਨਾਲ ਲੈਂਟਰ ਦੀ ਅਰੰਭਤਾ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਹਰਜਿੰਦਰ ਸਿੰਘ, ਸਤਵਿੰਦਰ ਸਿੰਘ ਸੋਢੀ ਨੇ ਦੱਸਿਆ ਕਿ ਆਧੁਨਿਕ ਸਹੂਲਤਾਂ ਵਾਲਾ ਇਹ ਦੀਵਾਨ ਹਾਲ ਬੇਸਮੇਂਟ ਸਮੇਤ 160 ਫੁੱਟ ਲੰਬਾਈ, 135 ਫੁੱਟ ਚੌੜਾਈ ਅਤੇ 35 ਫੁੱਟ ਉਚਾਈ ਵਾਲਾ ਬਣਵਾਇਆ ਜਾ ਰਿਹਾ ਹੈ। ਇਸ ਮੌਕੇ ਪ੍ਰਬੰਧਕ ਕਮੇਟੀ ਤੋਂ ਇਲਾਵਾ ਪਿੰਡ ਅਤੇ ਇਲਾਕੇ ਦੇ ਪਤਵੰਤੇ ਸੱਜਣ ਅਤੇ ਕਈ ਉਘੇ ਸਿਆਸੀ ਆਗੂ ਹਾਜ਼ਰ ਸਨ। ਮਿਠਾਈਆਂ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਆਧੁਨਿਕ ਸਹੂਲਤਾਂ ਵਾਲੀ 7 ਮੰਜ਼ਿਲਾ ਕਾਰ ਪਾਰਕਿੰਗ ਦੀ ਉਸਾਰੀ ਦੀ ਸੇਵਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਆਉਣ ਵਾਲੇ ਸਮੇਂ ਵਿਚ ਆਧੁਨਿਕ ਸਹੂਲਤਾਂ ਵਾਲੇ ਬਹੁਮੰਜ਼ਿਲੀ ਲੰਗਰ ਹਾਲ ਦੀ ਉਸਾਰੀ ਦਾ ਕੰਮ ਵੀ ਜਲਦ ਸ਼ੁਰੂ ਕਰਵਾਇਆ ਜਾ ਰਿਹਾ ਹੈ।