ਗੁਰਦਰਸ਼ਨ ਸੈਣੀ ਦੀ ਕੇਂਦਰੀ ਮੰਤਰੀ ਰਵਨੀਤ ਬਿੱਟੂ ਨਾਲ ਅਹਿਮ ਮੁਲਾਕਾਤ
ਗੁਰਦਰਸ਼ਨ ਸੈਣੀ ਦੀ ਕੇਂਦਰੀ ਮੰਤਰੀ ਰਵਨੀਤ ਬਿੱਟੂ ਨਾਲ ਅਹਿਮ ਮੁਲਾਕਾਤ :
Publish Date: Fri, 16 Jan 2026 05:15 PM (IST)
Updated Date: Fri, 16 Jan 2026 05:18 PM (IST)

ਪੁਲ਼ ਅਤੇ ਰੇਲਵੇ ਸਟੇਸ਼ਨ ਬਣਾਉਣ ਤੇ ਹੋਈ ਚਰਚਾ ਇਕਬਾਲ ਸਿੰਘ, ਪੰਜਾਬੀ ਜਾਗਰਣ, ਡੇਰਾਬੱਸੀ : ਹਲਕਾ ਡੇਰਾਬੱਸੀ ਦੇ ਵਿਕਾਸ ਅਤੇ ਲੋਕਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਸ਼ੁੱਕਰਵਾਰ ਨੂੰ ਇਕ ਅਹਿਮ ਕਦਮ ਚੁੱਕਿਆ ਗਿਆ ਹੈ। ਹਲਕੇ ਦੇ ਸੀਨੀਅਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਨੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਇਲਾਕੇ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਪ੍ਰਮੁੱਖਤਾ ਨਾਲ ਚੁੱਕਿਆ। ਸ੍ਰੀ ਸੈਣੀ ਵੱਲੋਂ ਇਸ ਮੁਲਾਕਾਤ ਦੌਰਾਨ ਦੋ ਮੁੱਖ ਮੁੱਦੇ ਕੇਂਦਰੀ ਮੰਤਰੀ ਦੇ ਧਿਆਨ ਵਿਚ ਲਿਆਂਦੇ ਗਏ। ਉਨ੍ਹਾਂ ਨੇ ਦੱਸਿਆ ਕਿ ਡੇਰਾਬੱਸੀ ਇਲਾਕੇ ਵਿਚ ਈਸਾਪੁਰ ਰੇਲਵੇ ਫਾਟਕ ਬੰਦ ਹੋਣ ਕਾਰਨ ਰਾਹਗੀਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇੱਥੇ ਅਕਸਰ ਲੱਗਦੇ ਲੰਬੇ ਜਾਮ ਕਾਰਨ ਪੰਜ ਗ੍ਰਾਮੀ ਅਤੇ ਦਰਜਨਾਂ ਹੋਰ ਪਿੰਡਾਂ ਦੀ ਆਵਾਜਾਈ ਪ੍ਰਭਾਵਿਤ ਹੁੰਦੀ ਹੈ। ਉਨ੍ਹਾਂ ਮੰਗ ਕੀਤੀ ਕਿ ਇੱਥੇ ਜਲਦ ਤੋਂ ਜਲਦ ਇਕ ਰੇਲਵੇ ਓਵਰਬ੍ਰਿਜ ਬਣਾਇਆ ਜਾਵੇ ਤਾਂ ਜੋ ਲੋਕਾਂ ਦਾ ਸਫ਼ਰ ਸੁਖਾਲਾ ਹੋ ਸਕੇ। ਇਸ ਤੋਂ ਇਲਾਵਾ ਇਲਾਕੇ ਦੇ ਵਪਾਰਕ ਅਤੇ ਉਦਯੋਗਿਕ ਵਿਸਥਾਰ ਨੂੰ ਦੇਖਦੇ ਹੋਏ ਸ੍ਰੀ ਸੈਣੀ ਨੇ ਡੇਰਾਬੱਸੀ ਵਿਖੇ ਇਕ ਨਵਾਂ ਰੇਲਵੇ ਸਟੇਸ਼ਨ ਬਣਾਉਣ ਦੀ ਪੁਰਜ਼ੋਰ ਮੰਗ ਰੱਖੀ, ਜਿਸ ਨਾਲ ਹਜ਼ਾਰਾਂ ਲੋਕਾਂ ਨੂੰ ਸਿੱਧਾ ਫਾਇਦਾ ਮਿਲੇਗਾ। ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਗੁਰਦਰਸ਼ਨ ਸਿੰਘ ਸੈਣੀ ਦੀਆਂ ਮੰਗਾਂ ਨੂੰ ਬੜੇ ਧਿਆਨ ਨਾਲ ਸੁਣਿਆ। ਉਨ੍ਹਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਡੇਰਾਬੱਸੀ ਦੇ ਲੋਕਾਂ ਦੀਆਂ ਇਨ੍ਹਾਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਕੇਂਦਰ ਸਰਕਾਰ ਅੱਗੇ ਰੱਖਣਗੇ ਅਤੇ ਜਲਦ ਹੀ ਇਸ ਸਬੰਧੀ ਠੋਸ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਬੈਠਕ ਦੌਰਾਨ ਪੰਜਾਬ ਵਿਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਵੀ ਵਿਸਥਾਰਪੂਰਵਕ ਚਰਚਾ ਹੋਈ। ਮੰਤਰੀ ਰਵਨੀਤ ਬਿੱਟੂ ਨੇ ਸੂਬੇ ਵਿਚ ਕੇਂਦਰ ਸਰਕਾਰ ਵਲੋਂ ਲਿਆਂਦੇ ਜਾ ਰਹੇ ਡਿਵੈਲਪਮੈਂਟ ਪ੍ਰੋਜੈਕਟਾਂ ਬਾਰੇ ਚਾਨਣ ਪਾਇਆ ਅਤੇ ਭਰੋਸਾ ਦਿੱਤਾ ਕਿ ਪੰਜਾਬ ਦੀ ਤਰੱਕੀ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਸ ਮੌਕੇ ਹਰਦੀਪ ਸਿੰਘ, ਹਰਪ੍ਰੀਤ ਸਿੰਘ ਟਿੰਕੂ , ਸਨਅਤ ਭਾਰਦਵਾਜ, ਅਰਜੁਨ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।