ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਆ
ਗੁਰਦਰਸ਼ਨ ਸੈਣੀ ਵੱਲੋਂ ਗੁਰੂ ਸਾਹਿਬ ਦੇ ਦਰਸਾਏ ਮਾਰਗ 'ਤੇ ਚੱਲਣ ਦਾ ਸੱਦਾ
Publish Date: Mon, 02 Feb 2026 06:47 PM (IST)
Updated Date: Mon, 02 Feb 2026 06:49 PM (IST)

ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ ਡੇਰਾਬੱਸੀ : ਸ਼੍ਰੋਮਣੀ ਭਗਤ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿਚ ਕਰਵਾਏ ਗਏ ਧਾਰਮਿਕ ਸਮਾਗਮਾਂ ਵਿਚ ਸੀਨੀਅਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਨੇ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਗੁਰੂ ਘਰਾਂ ਵਿਚ ਹਾਜ਼ਰੀ ਭਰਦਿਆਂ ਗੁਰੂ ਜੀ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸੈਣੀ ਨੇ ਵਿਸ਼ੇਸ਼ ਤੌਰ ’ਤੇ ਜ਼ੀਰਕਪੁਰ, ਭਾਂਖਰਪੁਰ, ਬਸੌਲੀ, ਮੀਰਪੁਰ, ਬੀਜਣਪੁਰ ਅਤੇ ਖੇੜੀ ਗੁੱਜਰਾਂ ਸਮੇਤ ਕਈ ਹੋਰ ਪਿੰਡਾਂ ਵਿਚ ਜਾ ਕੇ ਮੰਦਰਾਂ ਅਤੇ ਗੁਰੂ ਘਰਾਂ ਵਿਚ ਨਤਮਸਤਕ ਹੋਣ ਉਪਰੰਤ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਸਾਨੂੰ ਪਰਮਾਤਮਾ ਨਾਲ ਜੋੜਨ ਦੇ ਨਾਲ-ਨਾਲ ਇੱਕ ਚੰਗੇ ਸਮਾਜ ਦੀ ਸਿਰਜਣਾ ਕਰਨ ਦਾ ਉਪਦੇਸ਼ ਦਿੰਦੀ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਫਲਸਫੇ ਤੋਂ ਸੇਧ ਲੈ ਕੇ ਸਮਾਜ ਵਿਚ ਆਪਸੀ ਭਾਈਚਾਰਾ ਮਜ਼ਬੂਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਜਾਤ-ਪਾਤ ਅਤੇ ਊਚ-ਨੀਚ ਦੇ ਭੇਦਭਾਵ ਨੂੰ ਮਿਟਾ ਕੇ ਮਨੁੱਖਤਾ ਦੀ ਬਰਾਬਰਤਾ ਦਾ ਹੋਕਾ ਦਿੱਤਾ ਸੀ, ਜਿਸ ’ਤੇ ਅੱਜ ਸਾਨੂੰ ਸਾਰਿਆਂ ਨੂੰ ਪਹਿਰਾ ਦੇਣ ਦੀ ਲੋੜ ਹੈ। ਇਸ ਮੌਕੇ ਵੱਖ-ਵੱਖ ਪਿੰਡਾਂ ਦੀਆਂ ਪ੍ਰਬੰਧਕ ਕਮੇਟੀਆਂ ਵੱਲੋਂ ਗੁਰਦਰਸ਼ਨ ਸਿੰਘ ਸੈਣੀ ਨੂੰ ਸਿਰਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਦੇ ਨਾਲ ਹਰਪ੍ਰੀਤ ਸਿੰਘ ਟਿੰਕੂ ਜ਼ਿਲ੍ਹਾ ਪ੍ਰਧਾਨ ਓਬੀਸੀ, ਪੁਸ਼ਪਿੰਦਰ ਮਹਿਤਾ, ਸੰਨਤ ਭਾਰਦਵਾਜ, ਇਲਾਕੇ ਦੇ ਕਈ ਪਤਵੰਤੇ ਅਤੇ ਪਾਰਟੀ ਵਰਕਰ ਵੀ ਮੌਜੂਦ ਸਨ।