‘ਬਦਲੇਗਾ ਪੰਜਾਬ ਦਾ ਸਮਾਂ’ ਮੁਹਿੰਮ ਨਾਲ ਗੁਰਦਰਸ਼ਨ ਸਿੰਘ ਸੈਣੀ ਨੇ ਵਿੱਢੀ ਨਵੀਂ ਪਹਿਲ ਬਦਲੇਗਾ ਪੰਜਾਬ ਦਾ ਸਮਾਂ' ਮੁਹਿੰਮ ਨਾਲ ਗੁਰਦਰਸ਼ਨ ਸਿੰਘ ਸੈਣੀ ਨੇ ਵਿੱਢੀ ਨਵੀਂ ਪਹਿਲ,
Publish Date: Sat, 14 Nov 2026 07:09 PM (IST)
Updated Date: Sat, 14 Nov 2026 07:12 PM (IST)
-ਦੁਕਾਨਦਾਰਾਂ ਤੇ ਛੋਟੇ ਕਾਰੋਬਾਰੀਆਂ ਨੂੰ ਘੜੀਆਂ ਵੰਡ ਕੇ ਪੰਜਾਬ ’ਚ ਬਦਲਾਅ ਦਾ ਦਿੱਤਾ ਸੰਦੇਸ਼ ਇਕਬਾਲ ਸਿੰਘ, ਪੰਜਾਬੀ ਜਾਗਰਣ ਡੇਰਾਬੱਸੀ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਓਬੀਸੀ ਮੋਰਚਾ ਦੇ ਮੀਤ ਪ੍ਰਧਾਨ ਅਤੇ ਹਲਕਾ ਡੇਰਾਬੱਸੀ ਦੇ ਸੇਵਾਦਾਰ ਗੁਰਦਰਸ਼ਨ ਸਿੰਘ ਸੈਣੀ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਬਦਲੇਗਾ ਪੰਜਾਬ ਦਾ ਸਮਾਂ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਤਹਿਤ ਉਨ੍ਹਾਂ ਨੇ ਅਮਲਾਲਾ, ਚੰਡਿਆਲਾ, ਕਾਰਕੌਰ, ਜਨੇਤਪੁਰ, ਮਹਿਮਦਪੁਰ, ਬਰੌਲੀ ਪੰਜਗਰਾਮੀ ਸਮੇਤ ਵੱਖ-ਵੱਖ ਪਿੰਡਾਂ ਚ ਪਹੁੰਚ ਕੇ ਦੁਕਾਨਦਾਰਾਂ, ਡੇਅਰੀ ਮਾਲਕਾਂ, ਡਾਕਟਰਾਂ ਅਤੇ ਛੋਟੇ ਕਾਰੋਬਾਰੀਆਂ ਨੂੰ ਘੜੀਆਂ ਭੇਟ ਕੀਤੀਆਂ। ਇਸ ਮੌਕੇ ਜ਼ਿਲ੍ਹਾ ਓਬੀਸੀ ਮੋਰਚਾ ਦੇ ਪ੍ਰਧਾਨ ਹਰਪ੍ਰੀਤ ਸਿੰਘ ਸੈਣੀ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਇਸ ਮੁਹਿੰਮ ਦਾ ਮੁੱਖ ਉਦੇਸ਼ ਘੜੀ ਰਾਹੀਂ ਲੋਕਾਂ ਨੂੰ ਸਮੇਂ ਦੀ ਅਹਿਮੀਅਤ ਦਾ ਅਹਿਸਾਸ ਕਰਵਾਉਂਦਿਆਂ ਪੰਜਾਬ ’ਚ ਬਦਲਾਅ ਦੇ ਸੰਦੇਸ਼ ਨਾਲ ਜੋੜਨਾ ਹੈ। ਇਸ ਮੌਕੇ ਗੁਰਦਰਸ਼ਨ ਸਿੰਘ ਸੈਣੀ ਨੇ ਕਿਹਾ ਕਿ ਘੜੀ ਸਿਰਫ਼ ਸਮਾਂ ਦੱਸਣ ਦਾ ਸਾਧਨ ਨਹੀਂ ਸਗੋਂ ਇਹ ਆਉਣ ਵਾਲੇ ਸਮੇਂ ਦੀਆਂ ਉਮੀਦਾਂ ਅਤੇ ਨਵੇਂ ਬਦਲਾਅ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਅਤੇ ਕਾਰਗੁਜ਼ਾਰੀ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਵਰਗਾਂ ਦੇ ਲੋਕ ਭਾਜਪਾ ਨਾਲ ਜੁੜ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ’ਚ ਵੀ ਭਾਜਪਾ ਦੀ ਸਰਕਾਰ ਬਣਨ ਨਾਲ ਸੂਬੇ ਦੇ ਵਿਕਾਸ ਅਤੇ ਲੋਕਾਂ ਦੀਆਂ ਉਮੀਦਾਂ ਨੂੰ ਨਵੀਂ ਦਿਸ਼ਾ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਪਾਰੀਆਂ, ਛੋਟੇ ਦੁਕਾਨਦਾਰਾਂ, ਕਿਸਾਨਾਂ, ਨੌਜਵਾਨਾਂ ਅਤੇ ਹਰ ਵਰਗ ਦੀਆਂ ਉਮੀਦਾਂ ਨੂੰ ਧਿਆਨ ’ਚ ਰੱਖ ਕੇ ਲੋਕਾਂ ਤੱਕ ਪਹੁੰਚ ਬਣਾਈ ਜਾ ਰਹੀ ਹੈ। ਇਸ ਮੁਹਿੰਮ ਰਾਹੀਂ ਹਰ ਪਿੰਡ ਅਤੇ ਹਰ ਵਰਗ ਤੱਕ ਇਹ ਸੰਦੇਸ਼ ਪਹੁੰਚਾਉਣ ਦਾ ਯਤਨ ਕੀਤਾ ਜਾ ਰਿਹਾ ਹੈ ਕਿ ਪੰਜਾਬ ਦੇ ਭਵਿੱਖ ਬਾਰੇ ਚਰਚਾ ਅਤੇ ਲੋਕਾਂ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ। ਇਸ ਮੌਕੇ ਪ੍ਰਦੀਪ ਪਾਲ ਸਿੰਘ, ਮੇਜਰ ਸਿੰਘ, ਢੇਰੂ ਲੰਬੜਦਾਰ ਸਮੇਤ ਹੋਰ ਪਤਵੰਤੇ ਵੀ ਮੌਜ਼ੂਦ ਸਨ।