ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ ਦੀ ਹਾਲਤ ’ਚ ਸੁਧਾਰ ਕਰਨ ਦੀ ਮੰਗ
ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ ਦੀ ਹਾਲਤ ਵਿਚ ਸੁਧਾਰ ਕਰਨ ਦੀ ਮੰਗ
Publish Date: Fri, 28 Nov 2025 05:20 PM (IST)
Updated Date: Fri, 28 Nov 2025 05:23 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਗੁਰਦੁਆਰਾ ਯਾਦਗਾਰ ਸ਼ਹੀਦ ਭਾਈ ਜੈਤਾ ਜੀ ਦੇ ਸਾਬਕਾ ਪ੍ਰਧਾਨ ਈਸ਼ਰ ਸਿੰਘ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਪੱਤਰ ਲਿਖ ਕੇ ਮੰਗ ਕੀਤੀ ਗਈ ਹੈ ਕਿ ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ ਦੀ ਹਾਲਤ ਵਿਚ ਸੁਧਾਰ ਕੀਤਾ ਜਾਵੇ। ਉਨ੍ਹਾਂ ਲਿਖਿਆ ਹੈ ਕਿ ਇਸ ਗੁਰੂ-ਘਰ ਵਿਚ ਕਾਫ਼ੀ ਸੁਧਾਰਾਂ ਦੀ ਲੋੜ ਹੈ। ਪੱਤਰ ਵਿਚ ਕਿਹਾ ਗਿਆ ਹੈ ਕਿ ਸੰਗਤ ਦੀ ਵਰਤੋਂ ਲਈ ਫਲੱਸ਼ਾਂ ਦੀ ਦਿੱਖ ਬਹੁਤ ਮਾੜੀ ਹੈ। ਸਫ਼ੈਦੀ ਜਾਂ ਮਿਆਰੀ ਫਰਸ਼ ਤਾਂ ਦੂਰ ਦੀ ਗੱਲ ਹੈ। ਰੋਜ਼ਾਨਾ ਦਰਸ਼ਨਾਂ ਲਈ ਆਉਣ ਵਾਲੀ ਸੰਗਤ ਲਈ ਲੰਗਰ ਵੱਲ ਵੀ ਧਿਆਨ ਦੇਣ ਦੀ ਲੋੜ ਹੈ। ਪੱਤਰ ਵਿਚ ਕਿਹਾ ਗਿਆ ਹੈ ਕਿ ਕੁੱਝ ਦਿਨਾਂ ਪਿੱਛੋਂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਕੁਰਬਾਨੀ ਦੀ ਯਾਦ ਵਿਚ ਫ਼ਤਹਿਗੜ੍ਹ ਸਾਹਿਬ ਵਿਖੇ ਜੋੜ-ਮੇਲ ਹੋਣਾ ਹੈ ਅਤੇ ਗੁਰਦੁਆਰਾ ਸ੍ਰੀ ਪਰਿਵਾਰ ਵਿਛੋੜਾ ਸਾਹਿਬ ਵਿਖੇ ਵੀ ਸਭਾ ਭਰੇਗੀ, ਜਿਸ ਦੌਰਾਨ ਹਜ਼ਾਰਾਂ ਦੀ ਗਿਣਤੀ ਵਿਚ ਸੰਗਤ ਨਤਮਸਤਕ ਹੋਵੇਗੀ। ਇਸ ਲਈ ਇੱਥੇ ਤੁਰੰਤ ਲੋੜੀਂਦੇ ਕਦਮ ਚੁੱਕੇ ਜਾਣੇ ਚਾਹੀਦੇ ਹਨ। ਪੱਤਰ ਦਾ ਇਕ ਉਤਾਰਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵੀ ਭੇਜਿਆ ਗਿਆ ਹੈ।