ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਪ੍ਰਭਾਤ ਫੇਰੀ ਅਤੇ ਗੁਰਮਤਿ ਸਮਾਗਮ ਕਰਵਾਇਆ
ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਦਾ ਆਯੋਜਨ
Publish Date: Tue, 02 Dec 2025 07:18 PM (IST)
Updated Date: Tue, 02 Dec 2025 07:20 PM (IST)

ਜੀਐੱਸ ਸੰਧੂ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬੁੱਢਾ ਦਲ ਦੇ ਸੱਤਵੇਂ ਜਥੇਦਾਰ ਅਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਧੰਨ ਧੰਨ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿਚ ਵਿਸ਼ਾਲ ਪ੍ਰਭਾਤ ਫੇਰੀ ਦਾ ਆਯੋਜਨ ਕੀਤਾ ਗਿਆ। ਇਹ ਪ੍ਰਭਾਤ ਫੇਰੀ ਨਿਤਨੇਮ ਦੀ ਅਰਦਾਸ ਉਪਰੰਤ ਸਵੇਰੇ 5:30 ਵਜੇ ਅਰੰਭ ਹੋ ਕੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਦੇ ਅਸਥਾਨ ਹੰਸਾਲੀ ਖੇੜਾ (ਫ਼ਤਹਿਗੜ੍ਹ ਸਾਹਿਬ) ਵਿਖੇ ਸਮਾਪਤ ਹੋਈ। ਇਸ ਪ੍ਰਭਾਤ ਫੇਰੀ ਵਿਚ ਇਲਾਕੇ ਦੀਆਂ ਕਈ ਉੱਘੀਆਂ ਸ਼ਖ਼ਸੀਅਤਾਂ ਵਿਸ਼ੇਸ਼ ਤੌਰ ’ਤੇ ਪਹੁੰਚੀਆਂ ਹੋਈਆਂ ਸਨ। ਪ੍ਰਭਾਤ ਫੇਰੀ ਵਿਚ ਸੰਗਤ ਬੱਸਾਂ, ਕਾਰਾਂ, ਟਰੱਕਾਂ, ਟਰੈਕਟਰ-ਟਰਾਲੀਆਂ, ਸਕੂਟਰਾਂ, ਮੋਟਰਸਾਈਕਲਾਂ ਰਾਹੀਂ ਸ਼ਾਮਲ ਹੋ ਕੇ ਧੰਨ ਧੰਨ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਹੀ ਸੀ। ਇਸ ਪ੍ਰਭਾਤ ਫੇਰੀ ਵਿਚ ਕੀਰਤਨੀ ਜਥੇ ਕੀਰਤਨ ਕਰਕੇ ਸੰਗਤਾਂ ਨੂੰ ਹਰਿ ਜਸ ਸਰਵਣ ਕਰਵਾ ਰਹੇ ਸਨ। ਰਸਤੇ ਵਿਚ ਸੰਗਤਾਂ ਵੱਲੋਂ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਇਹ ਪ੍ਰਭਾਤ ਫੇਰੀ ਸਵੇਰੇ 8 ਵਜੇ ਦੇ ਕਰੀਬ ਹੰਸਾਲੀ ਸਾਹਿਬ ਪੁੱਜੀ। ਸੰਤ ਬਾਬਾ ਪਰਮਜੀਤ ਸਿੰਘ ਜੀ ਹੰਸਾਲੀ ਵਾਲਿਆਂ ਨੇ ਉਚੇਚੇ ਤੌਰ ’ਤੇ ਪ੍ਰਭਾਤ ਫੇਰੀ ਵਿਚ ਆਉਣ ਵਾਲੀਆਂ ਸੰਗਤਾਂ ਦੇ ਦਰਸ਼ਨ ਕੀਤੇ। ਇਸ ਦਿਨ ਧੰਨ ਧੰਨ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬਾਬਾ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿਚ ਪਹਿਲੇ ਦਿਨ ਦੇ ਗੁਰਮਤਿ ਸਗਾਗਮ ਵਿਚ ਬੀਬੀ ਦਲੇਰ ਕੌਰ ਖ਼ਾਲਸਾ ਨਕੋਦਰ ਵਾਲੀਆਂ ਬੀਬੀਆਂ ਦਾ ਇੰਟਰਨੈਸ਼ਨਲ ਢਾਡੀ ਜਥੇ ਨੇ ਧੰਨ ਧੰਨ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦਾ ਜੀਵਨ ਬ੍ਰਿਤਾਂਤ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ ਵਿਚ ਵਿਸਥਾਰ ਸਹਿਤ ਸਰਵਣ ਕਰਵਾਇਆ। ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਆਪਣੇ ਪ੍ਰਵਚਨਾ ਰਾਹੀਂ ਬਾਬਾ ਜੀ ਦੁਆਰਾ ਦੇਸ਼ ਦੀ ਆਜ਼ਾਦੀ ਲਈ ਅੰਗਰੇਜ਼ਾਂ ਨਾਲ ਲੜੀ ਜੰਗ ਵਿਚ ਇਸ ਅਸਥਾਨ ’ਤੇ ਹਜ਼ਾਰਾਂ ਸਿੰਘਾਂ ਸਮੇਤ ਪ੍ਰਾਪਤ ਕੀਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ। ਇਸ ਤੋਂ ਇਲਾਵਾ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਸ਼ੁਭਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਜੀ ਅੰਮ੍ਰਿਤਸਰ ਸਾਹਿਬ ਜੀ, ਭਾਈ ਦਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਜੀ ਅੰਮ੍ਰਿਤਸਰ ਸਾਹਿਬ ਜੀ, ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ, ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਲੁਧਿਆਣੇ ਵਾਲੇ, ਭਾਈ ਜਸਵਿੰਦਰ ਸਿੰਘ ਜਵੱਦੀ ਟਕਸਾਲ, ਭਾਈ ਗੁਰਮੀਤ ਸਿੰਘ ਦਮਦਮੀ ਟਕਸਾਲ, ਭਾਈ ਸੰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕਾਂ ਨੇ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਇਸ ਦਿਨ ਵਿਸ਼ਾਲ ਗੁਰਬਾਣੀ ਕੰਠ ਮੁਕਾਬਲੇ, ਦਸਤਾਰ ਮੁਕਾਬਲੇ ਅਤੇ ਅੱਖਾਂ ਦੇ ਫਰੀ ਚੈੱਕਅੱਪ ਕੈਂਪ ਦਾ ਆਯੋਜਨ ਕੀਤਾ ਗਿਆ। ਗੁਰੂ ਕਾ ਲੰਗਰ ਇਸ ਮੌਕੇ ਅਤੁੱਟ ਵਰਤਾਇਆ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਧੰਨ ਧੰਨ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦਾ ਜਨਮ ਦਿਹਾੜਾ 3 ਦਸੰਬਰ ਨੂੰ ਇਸ ਅਸਥਾਨ ’ਤੇ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾ ਰਿਹਾ ਹੈ। ਇਸ ਦਿਨ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਇਸ ਉਪਰੰਤ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਭਾਈ ਬਲਬੀਰ ਸਿੰਘ ਪਾਰਸ ਅਤੇ ਅੰਮ੍ਰਿਤਸਰ ਵਾਲੀਆਂ ਬੀਬੀਆਂ ਦਾ ਢਾਡੀ ਜਥਾ, ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਜੀ ਅੰਮ੍ਰਿਤਸਰ ਸਾਹਿਬ ਜੀ, ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਜੀ ਅੰਮ੍ਰਿਤਸਰ ਸਾਹਿਬ, ਭਾਈ ਅਮਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਜੀ ਅੰਮ੍ਰਿਤਸਰ ਸਾਹਿਬ, ਬਾਬਾ ਬੰਤਾ ਸਿੰਘ ਬਿੱਧੀ ਸੰਪ੍ਰਦਾਇ, ਮੀਰੀ ਪੀਰੀ ਖ਼ਾਲਸਾ ਜਥਾ ਜਗਾਧਰੀ ਵਾਲੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਇਸ ਦਿਨ ਵਿਸ਼ਾਲ ਖ਼ੂਨਦਾਨ ਕੈਂਪ ਦਾ ਆਯੋਜਨ ਸਵੇਰੇ 8:00 ਵਜੇ ਤੋਂ ਸ਼ਾਮ 6:00 ਵਜੇ ਤੱਕ ਕੀਤਾ ਜਾਵੇਗਾ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ।