ਪਾਣੀ ਬਚਾਉਣ ਵਾਲੀ ਡੀ.ਐਸ.ਆਰ. ਸਕੀਮ ਬਾਰੇ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸਾਲ 2025 ਦੇ ਸਾਉਣੀ ਸੀਜ਼ਨ ਦੌਰਾਨ 23,410 ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਈ, ਜਿਸ ਤਹਿਤ 2,35,899 ਏਕੜ ਰਕਬਾ ਕਵਰ ਕੀਤਾ ਗਿਆ।
ਪੰਜਾਬੀ ਜਾਗਰਣ ਟੀਮ, ਚੰਡੀਗੜ੍ਹ : ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਝੋਨੇ ਦੀ ਟਿਕਾਊ ਕਾਸ਼ਤ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਐਲਾਨ ਕੀਤਾ ਕਿ ਸੂਬੇ ਨੇ ਸਾਲ 2026-27 ਦੇ ਸਾਉਣੀ ਸੀਜ਼ਨ ਦੌਰਾਨ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਤਕਨੀਕ ਅਧੀਨ ਲਿਆਉਣ ਦਾ ਟੀਚਾ ਮਿਥਿਆ ਹੈ ਅਤੇ ਇਸ ਮਕਸਦ ਲਈ 40 ਕਰੋੜ ਰੁਪਏ ਦੇ ਬਜਟ ਦਾ ਪ੍ਰਬੰਧ ਵੀ ਕੀਤਾ ਗਿਆ ਹੈ।
ਪਾਣੀ ਬਚਾਉਣ ਵਾਲੀ ਡੀ.ਐਸ.ਆਰ. ਸਕੀਮ ਬਾਰੇ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸਾਲ 2025 ਦੇ ਸਾਉਣੀ ਸੀਜ਼ਨ ਦੌਰਾਨ 23,410 ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਈ, ਜਿਸ ਤਹਿਤ 2,35,899 ਏਕੜ ਰਕਬਾ ਕਵਰ ਕੀਤਾ ਗਿਆ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਰੇ ਯੋਗ ਕਿਸਾਨਾਂ ਨੂੰ 1,500 ਰੁਪਏ ਪ੍ਰਤੀ ਏਕੜ ਦੀ ਦਰ ਨਾਲ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ 'ਤੇ 35.38 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਦਿੱਤੀ ਗਈ।
ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ "ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਇਹ ਕਿਸਾਨਾਂ ਦੀ ਅਗਵਾਈ ਵਾਲੀ ਕ੍ਰਾਂਤੀਕਾਰੀ ਮੁਹਿੰਮ ਹੈ। ਸਾਲ 2025-26 ਵਿੱਚ ਇਸ ਸਕੀਮ ਨੂੰ ਕਿਸਾਨ ਵੀਰਾਂ ਤੋਂ ਭਰਵਾਂ ਹੁੰਗਾਰਾ ਮਿਲਿਆ। ਹੁਣ ਸਾਲ 2026-27 ਲਈ 40 ਕਰੋੜ ਰੁਪਏ ਦੀ ਲਾਗਤ ਨਾਲ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਹੇਠ ਲਿਆਉਣ ਦਾ ਟੀਚਾ ਹੈ। ਅਸੀਂ ਕੀਮਤੀ ਭੂਮੀਗਤ ਪਾਣੀ ਨੂੰ ਬਚਾਉਣ ਲਈ ਵਚਨਬੱਧ ਹਾਂ।"
ਸੂਬੇ ਦੇ ਕਿਸਾਨਾਂ ਨੂੰ ਪਾਣੀ ਬਚਾਉਣ ਵਾਲੀ ਡੀਐਸਆਰ ਤਕਨੀਕ ਅਪਣਾਉਣ ਅਤੇ ਪ੍ਰੋਤਸਾਹਨ ਰਾਸ਼ੀ ਦਾ ਲਾਭ ਲੈਣ ਲਈ ਜਲਦੀ ਰਜਿਸਟਰੇਸ਼ਨ ਕਰਵਾਉਣ ਦੀ ਅਪੀਲ ਕਰਦਿਆਂ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਸ ਤਕਨੀਕ ਨੂੰ ਅਪਣਾਉਣ ਦੇ ਚਾਹਵਾਨ ਕਿਸਾਨਾਂ ਲਈ ਆਨਲਾਈਨ ਡੀਐਸਆਰ ਰਜਿਸਟ੍ਰੇਸ਼ਨ ਪੋਰਟਲ ਕਾਰਜਸ਼ੀਲ ਹੈ ਅਤੇ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ।
ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਡੀਐਸਆਰ ਤਕਨੀਕ ਕੱਦੂ ਕਰਕੇ ਅਤੇ ਪਨੀਰੀ ਟ੍ਰਾਂਸਪਲਾਂਟੇਸ਼ਨ ਦੀ ਲੋੜ ਨੂੰ ਖਤਮ ਕਰਦੀ ਹੈ ਅਤੇ ਸਿੰਜਾਈ ਲਈ ਪਾਣੀ ਦੀ ਵਰਤੋਂ ਵਿੱਚ 15-20 ਫ਼ੀਸਦ ਦੀ ਕਮੀ ਲਿਆਉਣ ਦੇ ਨਾਲ-ਨਾਲ ਮਜ਼ਦੂਰੀ ਦੀਆਂ ਲਾਗਤਾਂ ਵਿੱਚ ਮਹੱਤਵਪੂਰਨ ਕਮੀ ਲਿਆਉਂਦੀ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੀ ਵਿਆਪਕ ਰਣਨੀਤੀ ਦਾ ਇੱਕ ਅਹਿਮ ਕਦਮ ਹੈ ਜਿਸਦਾ ਉਦੇਸ਼ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣਾ ਅਤੇ ਆਰਥਿਕ ਪ੍ਰੋਤਸਾਹਨ ਰਾਹੀਂ ਵਾਤਾਵਰਣ-ਪੱਖੀ ਖੇਤੀ ਨੂੰ ਉਤਸ਼ਾਹਿਤ ਕਰਨਾ ਹੈ।