ਗੁਰਪ੍ਰੀਤ ਸਿੰਘ ਵਿਰਕ ਨੇ ਨਗਰ ਕੌਂਸਲ ਦੇ ਪ੍ਰਧਾਨ ਵਜੋਂ ਸੰਭਾਲੀ ਕਮਾਨ ਗੁਰਪ੍ਰੀਤ ਸਿੰਘ ਵਿਰਕ ਨੇ ਨਗਰ ਕੌਂਸਲ ਦੇ ਪ੍ਰਧਾਨ ਵਜੋਂ ਸੰਭਾਲੀ ਕਮਾਨ,
Publish Date: Mon, 20 Jul 2026 07:51 PM (IST)
Updated Date: Mon, 20 Jul 2026 07:52 PM (IST)
ਤਰਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਜ਼ੀਰਕਪੁਰ : ਨਗਰ ਕੌਂਸਲ ਜ਼ੀਰਕਪੁਰ ਦੇ ਨਵੇਂ ਚੁਣੇ ਗਏ ਪ੍ਰਧਾਨ ਗੁਰਪ੍ਰੀਤ ਸਿੰਘ ਵਿਰਕ ਨੇ ਧਾਰਮਿਕ ਮਰਿਆਦਾ ਅਨੁਸਾਰ ਸ੍ਰੀ ਸੁਖਮਨੀ ਸਾਹਿਬ ਦੇ ਭੋਗ ਉਪਰੰਤ ਰਸਮੀ ਤੌਰ ’ਤੇ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਤੇ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਕੌਰ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਸਮਾਗਮ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਡੇਰਾਬੱਸੀ ਹਲਕੇ ਦੀਆਂ ਤਿੰਨਾਂ ਨਗਰ ਕੌਂਸਲਾਂ ’ਚ ਲੋਕਾਂ ਨੇ ਯੋਗ, ਇਮਾਨਦਾਰ ਤੇ ਪੜ੍ਹੇ-ਲਿਖੇ ਨੁਮਾਇੰਦਿਆਂ ਦੀ ਟੀਮ ਨੂੰ ਚੁਣਿਆ ਹੈ। ਇਹ ਟੀਮ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਨੂੰ ਨਵੀਂ ਦਿਸ਼ਾ ਤੇ ਰਫ਼ਤਾਰ ਦੇਵੇਗੀ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ’ਚ ਰਾਜਨੀਤੀ ਲਈ ਕੋਈ ਥਾਂ ਨਹੀਂ ਹੋਣੀ ਚਾਹੀਦੀ, ਇਸ ਲਈ ਸਾਰੇ ਕੌਂਸਲਰਾਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਲੋਕ ਸਮੱਸਿਆਵਾਂ ਦੇ ਹੱਲ ਲਈ ਮਿਲਜੁਲ ਕੇ ਯਤਨ ਕਰਨੇ ਚਾਹੀਦੇ ਹਨ। ਵਿਧਾਇਕ ਨੇ ਸਪੱਸ਼ਟ ਕੀਤਾ ਕਿ ਨਗਰ ਕੌਂਸਲ ਦੇ ਦਫ਼ਤਰ ਹਰ ਨਾਗਰਿਕ ਲਈ ਖੁੱਲ੍ਹੇ ਰਹਿਣਗੇ ਤੇ ਹਰ ਸ਼ਿਕਾਇਤ ਦਾ ਨਿਪਟਾਰਾ ਪਾਰਦਰਸ਼ੀ ਤੇ ਸਮੇਂ ਸਿਰ ਕੀਤਾ ਜਾਵੇਗਾ। ---------- ਨਾਜਾਇਜ਼ ਕਬਜ਼ਿਆਂ ਤੇ ਬੇਨਿਯਮੀਆਂ ’ਤੇ ਜ਼ੀਰੋ ਟੋਲਰੈਂਸ ਅਹੁਦਾ ਸੰਭਾਲਣ ਤੋਂ ਬਾਅਦ ਪ੍ਰਧਾਨ ਗੁਰਪ੍ਰੀਤ ਸਿੰਘ ਵਿਰਕ ਨੇ ਸ਼ਹਿਰ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜ਼ੀਰਕਪੁਰ ਨੂੰ ਸਾਫ਼-ਸੁਥਰਾ, ਸੁੰਦਰ ਤੇ ਕਬਜ਼ਾ ਮੁਕਤ ਬਣਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ। ਉਨ੍ਹਾਂ ਕਿਹਾ ਕਿ ਪ੍ਰਧਾਨ ਕਿਸੇ ਇਕ ਵਾਰਡ ਦਾ ਨਹੀਂ, ਬਲਕਿ ਪੂਰੇ ਸ਼ਹਿਰ ਦਾ ਹੁੰਦਾ ਹੈ, ਇਸ ਲਈ ਹਰ ਫ਼ੈਸਲਾ ਲੋਕ ਹਿੱਤ ’ਚ ਲਿਆ ਜਾਵੇਗਾ। ਸ਼ਹਿਰ ’ਚ ਨਾਜਾਇਜ਼ ਕਬਜ਼ਿਆਂ ਤੇ ਗ਼ੈਰ-ਕਾਨੂੰਨੀ ਉਸਾਰੀਆਂ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਜਾਵੇਗੀ। ਇਸ ਤੋਂ ਇਲਾਵਾ, ਪਿਛਲੇ ਸਮੇਂ ਦੌਰਾਨ ਹੋਏ ਵਿਕਾਸ ਕਾਰਜਾਂ ਤੇ ਖਰਚੇ ਗਏ ਸਰਕਾਰੀ ਫੰਡਾਂ ਦੀ ਨਿਰਪੱਖ ਜਾਂਚ ਕਰਵਾਈ ਜਾਵੇਗੀ ਤੇ ਕਿਸੇ ਵੀ ਬੇਨਿਯਮੀ ਲਈ ਜ਼ਿੰਮੇਵਾਰ ਵਿਅਕਤੀਆਂ ਤੋਂ ਜਵਾਬ ਤਲਬ ਕੀਤਾ ਜਾਵੇਗਾ। ------------ ਜਲ ਨਿਕਾਸੀ ਦੀ ਸਮੱਸਿਆ ਦਾ ਹੋਵੇਗਾ ਸਥਾਈ ਹੱਲ ਬਰਸਾਤ ਦੌਰਾਨ ਸ਼ਹਿਰ ’ਚ ਪਾਣੀ ਭਰਨ ਦੀ ਗੰਭੀਰ ਸਮੱਸਿਆ ’ਤੇ ਚਰਚਾ ਕਰਦਿਆਂ ਪ੍ਰਧਾਨ ਵਿਰਕ ਨੇ ਐਲਾਨ ਕੀਤਾ ਕਿ ਨਾਭਾ ਸਾਹਿਬ ਤੋਂ ਅੱਡਾ ਝੁੱਗੀਆਂ ਤੱਕ ਵੱਡੀਆਂ ਡਰੇਨੇਜ ਪਾਈਪਾਂ ਵਿਛਾਉਣ ਦਾ ਪ੍ਰੋਜੈਕਟ ਜਲਦ ਸ਼ੁਰੂ ਕੀਤਾ ਜਾਵੇਗਾ। ਕੁਦਰਤੀ ਨਾਲਿਆਂ ’ਤੇ ਬਣੀਆਂ ਰੁਕਾਵਟਾਂ ਹਟਾ ਕੇ ਪਾਣੀ ਦੇ ਕੁਦਰਤੀ ਵਹਾਅ ਨੂੰ ਬਹਾਲ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਪਾਣੀ ਭਰਨ ਦੀ ਸਮੱਸਿਆ ਤੋਂ ਸਥਾਈ ਨਿਜਾਤ ਮਿਲ ਸਕੇ। ਇਸ ਮੌਕੇ ਪੀਆਰਟੀਸੀ ਦੇ ਵਾਈਸ ਚੇਅਰਮੈਨ ਬਲਵਿੰਦਰ ਸਿੰਘ, ਆਪ ਆਗੂ ਲੱਕੀ ਨਾਭਾ, ਸਮੂਹ ਕੌਂਸਲਰ, ਵਾਰਡ ਇੰਚਾਰਜ, ਪਾਰਟੀ ਅਹੁਦੇਦਾਰ, ਸਰਪੰਚ ਤੇ ਵੱਡੀ ਗਿਣਤੀ ’ਚ ਸ਼ਹਿਰ ਵਾਸੀ ਹਾਜ਼ਰ ਸਨ।