ਧਰਮਗੜ੍ਹ ’ਚ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਪਿੰਡ ਧਰਮਗੜ੍ਹ 'ਚ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Publish Date: Sun, 04 Jan 2026 05:41 PM (IST)
Updated Date: Sun, 04 Jan 2026 05:44 PM (IST)
ਸੁਰਜੀਤ ਸਿੰਘ ਕੁਹਾੜ, ਪੰਜਾਬੀ ਜਾਗਰਣ
ਲਾਲੜੂ : ਦਸਮ ਪਿਤਾ ਤੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਐਤਵਾਰ ਨੂੰ ਪਿੰਡ ਧਰਮਗੜ੍ਹ ਵਿਖੇ ਧੂਮਧਾਮ ਨਾਲ ਮਨਾਇਆ ਗਿਆ। ਗੁਰਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਉਪਰੰਤ ਸ੍ਰੀ ਪੰਜੋਖਰਾ ਸਾਹਿਬ ਤੋਂ ਪੁੱਜੇ ਰਾਗੀ ਜਥੇ ਵੱਲੋਂ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ ਅਤੇ ਨੌਜਵਾਨੀ ਨੂੰ ਸਿੱਖ ਧਰਮ ਨਾਲ ਜੁੜਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਗੋਬਿੰਦ ਸਿੰਘ ਜੀ ਨੇ ਵੱਖਰੀ ਪਛਾਣ ਦਿੱਤੀ ਹੈ, ਜਿਸ ਨੂੰ ਕਾਇਮ ਰੱਖਣਾ ਸਾਡਾ ਫ਼ਰਜ਼ ਹੈ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਅੰਮ੍ਰਿਤਪਾਨ ਕਰ ਕੇ ਗੁਰੂ ਦੇ ਬਾਣੇ ਅਤੇ ਬਾਣੀ ਨਾਲ ਜੁੜਨ ਦੀ ਅਪੀਲ ਕੀਤੀ। ਇਸ ਉਪਰੰਤ ਗਿਆਨੀ ਪ੍ਰੀਤਮ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸਾਏ ਮਾਰਗ ’ਤੇ ਚੱਲਣ ਦਾ ਸੱਦਾ ਦਿੰਦਿਆਂ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਸੰਗਤਾਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਦਿੱਤੀ ਲਾਸਾਨੀ ਕੁਰਬਾਨੀ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਉਸ ਸ਼ਖ਼ਸੀਅਤ ਦੇ ਮਾਲਕ ਸਨ, ਜਿਨ੍ਹਾਂ ਨੇ ਵੱਧ ਰਹੇ ਜੁਲਮ ਨੂੰ ਠੱਲ੍ਹ ਪਾਈ ਅਤੇ ਸਰਬੰਸ ਵਾਰ ਦਿੱਤਾ। ਉਨ੍ਹਾਂ ਕਿਹਾ ਕਿ ਸਾਡਾ ਮੁੱਢਲਾ ਫ਼ਰਜ਼ ਬਣਦਾ ਹੈ ਕਿ ਅਸੀਂ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੀਏ। ਇਸ ਮੌਕੇ ਪਿੰਡ ਧਰਮਗੜ੍ਹ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਦਰਜੀਤ ਸਿੰਘ, ਮਾਸਟਰ ਨੈਬ ਸਿੰਘ, ਗਿਆਨੀ ਜਗਦੀਪ ਸਿੰਘ, ਗੁਰਚਰਨ ਸਿੰਘ, ਹਰਬੰਸ ਸਿੰਘ, ਹਰਦੀਪ ਸਿੰਘ, ਬਲਜੀਤ ਸਿੰਘ, ਕ੍ਰਿਸ਼ਨ ਸਿੰਘ, ਸਰਬਜੀਤ ਸਿੰਘ, ਅਵਜਿੰਦਰ ਸਿੰਘ, ਜਗਤਾਰ ਸਿੰਘ, ਹਰਨੇਕ ਸਿੰਘ, ਜਸਵਿੰਦਰ ਸਿੰਘ ਤੇ ਜਗਜੀਤ ਸਿੰਘ ਰੋਡਾ ਆਦਿ ਹਾਜ਼ਰ ਸਨ।