'ਜਿਨ੍ਹਾਂ ਹੱਥਾਂ 'ਚ ਕਿਤਾਬਾਂ ਹੋਣੀਆਂ ਚਾਹੀਦੀਆਂ ਸਨ, ਉੱਥੇ ਨਸ਼ਾ', ਕਪੂਰਥਲਾ ਦੀ ਘਟਨਾ 'ਤੇ ਰਵਨੀਤ ਬਿੱਟੂ ਦਾ ਸਰਕਾਰ 'ਤੇ ਵੱਡਾ ਹਮਲਾ ਸਾਬਕਾ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਪੂਰਥਲਾ ਦੇ ਸੁਭਾਨਪੁਰ ਵਿੱਚ 10 ਅਤੇ 13 ਸਾਲ ਦੇ ਦੋ ਸਕੇ ਭਰਾਵਾਂ ਦੇ ਨਸ਼ੇ ਦੀ ਲਪੇਟ ਵਿੱਚ ਆਉਣ ਦੇ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਬਿੱਟੂ ਨੇ ਕਿਹਾ ਕਿ ਜਿਨ੍ਹਾਂ ਹੱਥਾਂ ਵਿੱਚ ਕਲਮ ਅਤੇ ਕਿਤਾਬਾਂ ਹੋਣੀਆਂ ਚਾਹੀਦੀਆਂ ਸਨ, ਉਨ੍ਹਾਂ ਵਿੱਚ ਨਸ਼ਾ ਪਹੁੰਚਣਾ ਪੰਜਾਬ ਦੇ ਭਵਿੱਖ ਲਈ ਬੇਹੱਦ ਚਿੰਤਾਜਨਕ ਹੈ। ਉਨ੍ਹਾਂ ਇਸ ਨੂੰ ਸੂਬਾ ਸਰਕਾਰ ਦੀ ਗੰਭੀਰ ਨਾਕਾਮੀ ਕਰਾਰ ਦਿੱਤਾ।
Publish Date: Fri, 23 Oct 2026 10:58 AM (IST)
Updated Date: Fri, 23 Oct 2026 11:00 AM (IST)
ਰੋਹਿਤ ਕੁਮਾਰ, ਚੰਡੀਗੜ੍ਹ : ਸਾਬਕਾ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਪੂਰਥਲਾ ਦੇ ਸੁਭਾਨਪੁਰ ਵਿੱਚ 10 ਅਤੇ 13 ਸਾਲ ਦੇ ਦੋ ਸਕੇ ਭਰਾਵਾਂ ਦੇ ਨਸ਼ੇ ਦੀ ਲਪੇਟ ਵਿੱਚ ਆਉਣ ਦੇ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਬਿੱਟੂ ਨੇ ਕਿਹਾ ਕਿ ਜਿਨ੍ਹਾਂ ਹੱਥਾਂ ਵਿੱਚ ਕਲਮ ਅਤੇ ਕਿਤਾਬਾਂ ਹੋਣੀਆਂ ਚਾਹੀਦੀਆਂ ਸਨ, ਉਨ੍ਹਾਂ ਵਿੱਚ ਨਸ਼ਾ ਪਹੁੰਚਣਾ ਪੰਜਾਬ ਦੇ ਭਵਿੱਖ ਲਈ ਬੇਹੱਦ ਚਿੰਤਾਜਨਕ ਹੈ। ਉਨ੍ਹਾਂ ਇਸ ਨੂੰ ਸੂਬਾ ਸਰਕਾਰ ਦੀ ਗੰਭੀਰ ਨਾਕਾਮੀ ਕਰਾਰ ਦਿੱਤਾ।
‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ’ਤੇ ਚੁੱਕੇ ਸਵਾਲ ਸੋਸ਼ਲ ਮੀਡੀਆ ’ਤੇ ਜਾਰੀ ਆਪਣੇ ਬਿਆਨ ਵਿੱਚ ਰਵਨੀਤ ਬਿੱਟੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਮੁਹਿੰਮ ਤਹਿਤ ਕੀਤੇ ਜਾ ਰਹੇ ਵੱਡੇ-ਵੱਡੇ ਦਾਅਵੇ ਖੋਖਲੇ ਸਾਬਤ ਹੋ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਪ੍ਰਭਾਵਸ਼ਾਲੀ ਕਾਰਵਾਈ ਕਰਨ ਦੀ ਬਜਾਏ ਇਸ਼ਤਿਹਾਰਾਂ ਅਤੇ ਪ੍ਰਚਾਰ ਤੱਕ ਸੀਮਤ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਸੁਭਾਨਪੁਰ ਵਿੱਚ ਦੋ ਮਾਸੂਮ ਸਕੇ ਭਰਾਵਾਂ ਦਾ ਨਸ਼ੇ ਦੀ ਦਲਦਲ ਵਿੱਚ ਫਸਣਾ ਸਿਰਫ਼ ਇੱਕ ਘਟਨਾ ਨਹੀਂ, ਸਗੋਂ ਪੰਜਾਬ ਦੇ ਭਵਿੱਖ ਲਈ ਚਿੰਤਾ ਦਾ ਵਿਸ਼ਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ ਰਵਨੀਤ ਬਿੱਟੂ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਨੂੰ ਸੱਤਾ ਦੇ ਨਸ਼ੇ ਵਿੱਚੋਂ ਬਾਹਰ ਆ ਕੇ ਸੂਬੇ ਦੀ ਜ਼ਮੀਨੀ ਹਕੀਕਤ ਦੇਖਣੀ ਚਾਹੀਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੀ ਨਾਕਾਮੀ ਅਤੇ ਅਣਦੇਖੀ ਕਾਰਨ ਮਾਸੂਮ ਬੱਚਿਆਂ ਦੀ ਜ਼ਿੰਦਗੀ ਖ਼ਤਰੇ ਵਿੱਚ ਪੈ ਰਹੀ ਹੈ।
ਬਿੱਟੂ ਨੇ ਕਿਹਾ ਕਿ ਨਸ਼ਿਆਂ ਵਰਗੀ ਗੰਭੀਰ ਸਮੱਸਿਆ ਨਾਲ ਨਜਿੱਠਣ ਲਈ ਸਿਰਫ਼ ਦਾਅਵੇ ਅਤੇ ਪ੍ਰਚਾਰ ਕਾਫ਼ੀ ਨਹੀਂ ਹਨ। ਇਸ ਲਈ ਠੋਸ ਕਦਮ ਚੁੱਕਣ ਅਤੇ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਕਾਰਵਾਈ ਕਰਨ ਦੀ ਲੋੜ ਹੈ।