ਠੰਢ ਦੇ ਮੱਦੇਨਜ਼ਰ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦਾ ਟਰੱਕ ਰਵਾਨਾ
ਹਰਚੰਦ ਬਰਸਟ ਨੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦਾ ਟਰੱਕ ਕੀਤਾ ਰਵਾਨਾ
Publish Date: Wed, 07 Jan 2026 06:13 PM (IST)
Updated Date: Wed, 07 Jan 2026 06:15 PM (IST)
ਚੇਅਰਮੈਨ ਨੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਯਤਨਾਂ ਦੀ ਕੀਤੀ ਸ਼ਲਾਘਾ
ਗੁਰਮੀਤ ਸਿੰਘ ਸ਼ਾਹੀ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੀ ਅਗਵਾਈ ਹੇਠ ਅੱਜ ਮੰਡੀ ਬੋਰਡ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਭੇਜੀ ਗਈ। ਇਸ ਮੌਕੇ ਹਰਚੰਦ ਸਿੰਘ ਬਰਸਟ ਵੱਲੋਂ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਤੋਂ ਰਾਹਤ ਸਮੱਗਰੀ ਨਾਲ ਭਰੇ ਟਰੱਕ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ, ਜਿਸ ’ਚ ਕੱਪੜੇ ਅਤੇ ਠੰਢ ਦਾ ਹੋਰ ਜ਼ਰੂਰੀ ਸਮਾਨ ਸ਼ਾਮਿਲ ਹੈ। ਇਸ ਦੌਰਾਨ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਸੇਵਾ ਭਾਵਨਾ ਵਾਲੇ ਕਾਰਜ ਹੀ ਸੱਚੀ ਮਨੁੱਖੀ ਸੇਵਾ ਹੁੰਦੇ ਹਨ ਅਤੇ ਸਾਨੂੰ ਸਾਰਿਆਂ ਨੂੰ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਏ ਭਿਆਨਕ ਹੜ੍ਹਾਂ ਕਾਰਨ ਲੋਕਾਂ ਨੂੰ ਭਾਰੀ ਨੁਕਸਾਨ ਝੱਲਣਾ ਪਿਆ ਅਤੇ ਪ੍ਰਭਾਵਿਤ ਲੋਕਾਂ ਦਾ ਦਰਦ ਬਿਆਨ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜ੍ਹ ਪੀੜਤਾਂ ਦੇ ਨਾਲ ਮਜ਼ਬੂਤੀ ਨਾਲ ਖੜੀ ਹੈ ਅਤੇ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਵਿਚ ਕੋਈ ਕਸਰ ਨਹੀਂ ਛੱਡੇਗੀ। ਉਨ੍ਹਾਂ ਸਮੂਹ ਪੰਜਾਬੀਆਂ ਦੇ ਜਜ਼ਬੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਔਖੀ ਘੜੀ ਵਿਚ ਸਾਰੇ ਇੱਕ ਦੂਜੇ ਦੀ ਸਹਾਇਤਾ ਲਈ ਖੜ੍ਹੇ ਰਹੇ ਹਨ। ਇਸ ਮੌਕੇ ਹਰਜੀਤ ਸਿੰਘ ਸੰਧੂ ਜੁਆਇੰਟ ਸਕੱਤਰ ਪੰਜਾਬ ਮੰਡੀ ਬੋਰਡ ਜਤਿੰਦਰ ਸਿੰਘ ਭੰਗੂ ਇੰਜੀਨੀਅਰ ਇਨ ਚੀਫ਼, ਸਵਰਨ ਸਿੰਘ ਜਨਰਲ ਮੈਨੇਜਰ ਸਮੇਤ ਸਮੂੰਹ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਰਹੇ।