- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
Harjit Singh Grewal ਲੰਬੇ ਸਮੇਂ ਤੋਂ ਭਾਜਪਾ ਤੇ ਆਰਐੱਸਐੱਸ ਨਾਲ ਜੁੜੇ ਹਨ। ਪੰਜਾਬ 'ਚ ਉਹ ਪਾਰਟੀ ਦੇ ਪ੍ਰਮੁੱਖ ਸਿੱਖ ਚਿਹਰਿਆਂ 'ਚੋਂ ਇਕ ਮੰਨੇ ਜਾਂਦੇ ਹਨ। 2013 ਤੋਂ 2017 ਤਕ ਉਹ ਪੰਜਾਬ ਖਾਦੀ ਅਤੇ ਗ੍ਰਾਮੀਣ ਉਦਯੋਗ ਬੋਰਡ ਦੇ ਚੇਅਰਮੈਨ ਰਹੇ। 2017 ਦੀਆਂ ਵਿਧਾਨ ਸਭਾ ਚੋਣਾਂ 'ਚ ਉਨ੍ਹਾਂ ਨੇ ਰਾਜਪੁਰਾ ਸੀਟ ਤੋਂ ਭਾਜਪਾ ਉਮੀਦਵਾਰ ਵਜੋਂ ਚੋਣ ਲੜੀ ਸੀ।

ਰੋਹਿਤ ਕੁਮਾਰ, ਚੰਡੀਗੜ੍ਹ : ਕੇਂਦਰ ਸਰਕਾਰ ਨੇ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੂੰ ਕੌਮੀ ਘੱਟ ਗਿਣਤੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੂੰ ਕੌਮੀ ਘੱਟ ਗਿਣਤੀ ਕਮਿਸ਼ਨ ਦਾ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਕੇਂਦਰ ਸਰਕਾਰ ਦੇ ਸਬੰਧਤ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਚੇਤੇ ਰਹੇ ਕਿ ਇਸ ਤੋਂ ਪਹਿਲਾਂ ਇਕਬਾਲ ਸਿੰਘ ਲਾਲਪੁਰਾ ਨੂੰ ਕੌਮੀ ਘੱਟ ਗਿਣਤੀ ਕਮਿਸ਼ਨ ਦਾ ਚੇਅਰਪਰਸਨ ਨਿਯੁਕਤ ਕੀਤਾ ਗਿਆ ਸੀ। ਸਾਬਕਾ ਪੁਲਿਸ ਅਧਿਕਾਰੀ ਇਕਬਾਲ ਸਿੰਘ ਲਾਲਪੁਰਾ ਨੇ ਪਿਛਲੇ ਦਿਨੀਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਸਤਲੁਜ ਫਿਲਮ ਦੇ ਵਿਵਾਦ ਦੌਰਾਨ ਦਿੱਤੇ ਬਿਆਨਾਂ ਦਾ ਵਿਰੋਧ ਵੀ ਕੀਤਾ ਸੀ।
ਘੱਟ ਗਿਣਤੀ ਮਾਮਲਿਆਂ ਦੇ ਮੰਤਰਾਲੇ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਗਰੇਵਾਲ ਦਾ ਕਾਰਜਕਾਲ ਸੰਭਾਲਣ ਦੀ ਮਿਤੀ ਤੋਂ ਤਿੰਨ ਸਾਲ ਜਾਂ ਅਗਲੇ ਹੁਕਮਾਂ ਤਕ, ਜੋ ਵੀ ਪਹਿਲਾਂ ਹੋਵੇ, ਰਹੇਗਾ। ਕਮਿਸ਼ਨ 'ਚ ਮੁਨਾਵਰੀ ਬੇਗਮ ਨੂੰ ਉਪ-ਚੇਅਰਪਰਸਨ ਤੇ ਗਲੇਨ ਈ. ਡਿਸੂਜ਼ਾ ਟਿਕਲੋ ਨੂੰ ਮੈਂਬਰ ਬਣਾਇਆ ਗਿਆ ਹੈ।
ਹਰਜੀਤ ਸਿੰਘ ਗਰੇਵਾਲ ਲੰਬੇ ਸਮੇਂ ਤੋਂ ਭਾਜਪਾ ਤੇ ਆਰਐੱਸਐੱਸ ਨਾਲ ਜੁੜੇ ਹਨ। ਪੰਜਾਬ 'ਚ ਉਹ ਪਾਰਟੀ ਦੇ ਪ੍ਰਮੁੱਖ ਸਿੱਖ ਚਿਹਰਿਆਂ 'ਚੋਂ ਇਕ ਮੰਨੇ ਜਾਂਦੇ ਹਨ। 2013 ਤੋਂ 2017 ਤਕ ਉਹ ਪੰਜਾਬ ਖਾਦੀ ਅਤੇ ਗ੍ਰਾਮੀਣ ਉਦਯੋਗ ਬੋਰਡ ਦੇ ਚੇਅਰਮੈਨ ਰਹੇ। 2017 ਦੀਆਂ ਵਿਧਾਨ ਸਭਾ ਚੋਣਾਂ 'ਚ ਉਨ੍ਹਾਂ ਨੇ ਰਾਜਪੁਰਾ ਸੀਟ ਤੋਂ ਭਾਜਪਾ ਉਮੀਦਵਾਰ ਵਜੋਂ ਚੋਣ ਲੜੀ ਸੀ। ਉਹ ਭਾਜਪਾ ਦੀ ਕੌਮੀ ਕਾਰਜਕਾਰਨੀ ਦੇ ਮੈਂਬਰ ਵੀ ਰਹਿ ਚੁੱਕੇ ਹਨ ਅਤੇ ਸੂਬਾ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਵੀ ਨਿਭਾ ਚੁੱਕੇ ਹਨ।
ਗਰੇਵਾਲ ਕਿਸਾਨ ਅੰਦੋਲਨ ਦੌਰਾਨ ਕੌਮੀ ਪੱਧਰ ’ਤੇ ਲਗਾਤਾਰ ਸੁਰਖੀਆਂ 'ਚ ਰਹੇ। ਉਨ੍ਹਾਂ ਕੇਂਦਰ ਸਰਕਾਰ ਦਾ ਜ਼ਬਰਦਸਤ ਢੰਗ ਨਾਲ ਬਚਾਅ ਕੀਤਾ ਤੇ ਕਿਸਾਨ ਜਥੇਬੰਦੀਆਂ ਨਾਲ ਕਈ ਦੌਰ ਦੀ ਗੱਲਬਾਤ 'ਚ ਭਾਜਪਾ ਦੀ ਨੁਮਾਇੰਦਗੀ ਕੀਤੀ। ਇਸ ਦੌਰਾਨ ਕਿਸਾਨ ਜਥੇਬੰਦੀਆਂ ਨੇ ਵੀ ਉਨ੍ਹਾਂ ਦੇ ਕਈ ਬਿਆਨਾਂ ਦਾ ਸਖ਼ਤ ਵਿਰੋਧ ਕੀਤਾ। ਜੁਲਾਈ 2021 'ਚ ਬਰਨਾਲਾ ਦੇ ਧਨੌਲਾ ਸਥਿਤ ਉਨ੍ਹਾਂ ਦੇ ਖੇਤ 'ਚ ਪ੍ਰਦਰਸ਼ਨਕਾਰੀਆਂ ਵੱਲੋਂ ਝੋਨੇ ਦੀ ਫਸਲ ਨੂੰ ਪੁੱਟਣ ਦਾ ਮਾਮਲਾ ਵੀ ਕਾਫੀ ਚਰਚਾ 'ਚ ਰਿਹਾ ਸੀ, ਜਿਸ ਤੋਂ ਬਾਅਦ ਐੱਫਆਈਆਰ ਦਰਜ ਕੀਤੀ ਗਈ ਸੀ।
ਜਨਵਰੀ 2022 'ਚ ਫਿਰੋਜ਼ਪੁਰ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਕੁਤਾਹੀ ਮਾਮਲੇ 'ਚ ਗਰੇਵਾਲ ਦੇ ਬਿਆਨ ਵੀ ਸਿਆਸੀ ਬਹਿਸ ਦਾ ਵਿਸ਼ਾ ਬਣੇ ਸਨ। ਇਸ ਤੋਂ ਇਲਾਵਾ ਕਿਸਾਨ ਅੰਦੋਲਨ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਰੇ ਉਨ੍ਹਾਂ ਦੀਆਂ ਟਿੱਪਣੀਆਂ ਨੂੰ ਲੈ ਕੇ ਵੀ ਵਿਵਾਦ ਹੋਇਆ ਸੀ।
ਨਿਯੁਕਤੀ ਤੋਂ ਬਾਅਦ ਗਰੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਉਨ੍ਹਾਂ 'ਤੇ ਜੋ ਭਰੋਸਾ ਜਤਾਇਆ ਗਿਆ ਹੈ, ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਜਨਤਕ ਜੀਵਨ ਵਿੱਚ ਜੋ ਵੀ ਜ਼ਿੰਮੇਵਾਰੀ ਮਿਲੀ ਹੈ, ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਕੋਸ਼ਿਸ਼ ਕੀਤੀ ਹੈ ਅਤੇ ਨਵੀਂ ਜ਼ਿੰਮੇਵਾਰੀ 'ਚ ਵੀ ਉਹ ਸਮਾਜ ਦੇ ਸਾਰੇ ਵਰਗਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖ ਕੇ ਕੰਮ ਕਰਨਗੇ।