ਹਰਜੋਤ ਬੈਂਸ ਦਾ SGPC 'ਤੇ ਵੱਡਾ ਹਮਲਾ, ਕਿਹਾ- ਇੱਕ ਪਰਿਵਾਰ ਦੀ ਨਿੱਜੀ ਜਗੀਰ ਨਹੀਂ ਬਣਨ ਦੇਵਾਂਗੇ ਸਿੱਖਾਂ ਦੀ ਸਰਬਉੱਚ ਸੰਸਥਾ
ਉਨ੍ਹਾਂ ਕਿਹਾ ਕਿ ਇਹ ਸ਼ਰਮਨਾਕ ਹੈ ਕਿ ਜਿਸ ਸੰਸਥਾ ਦਾ ਕੰਮ ਕੌਮ ਦੇ ਹਿੱਤਾਂ ਦੀ ਰੱਖਿਆ ਕਰਨਾ ਸੀ, ਉਹ ਅੱਜ ਸਿਰਫ਼ ਇਕ ਪਰਿਵਾਰ ਦੀ ਜੀ ਹਜੂਰੀ ਤੇ ਉਨ੍ਹਾਂ ਦੇ ਸਿਆਸੀ ਹਿੱਤਾਂ ਨੂੰ ਪੂਰਾ ਕਰਨ ਦਾ ਅੱਡਾ ਬਣ ਕੇ ਰਹਿ ਗਈ ਹੈ।
Publish Date: Thu, 19 Feb 2026 08:42 AM (IST)
Updated Date: Thu, 19 Feb 2026 08:49 AM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ: ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ (ਐੱਸਜੀਪੀਸੀ) ’ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਤੇ ਮੌਜੂਦਾ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਲਗਾਏ ਗਏ ਗੰਭੀਰ ਦੋਸ਼ਾਂ ’ਤੇ ਚਿੰਤਾ ਪ੍ਰਗਟਾਈ ਗਈ ਹੈ। ਉਨ੍ਹਾਂ ਕਿਹਾ ਕਿ ਗਿਆਨੀ ਰਘਬੀਰ ਸਿੰਘ ਵੱਲੋਂ ਐੱਸਜੀਪੀਸੀ ’ਤੇ ਗੁਰੂ ਘਰ ਦੀਆਂ ਜ਼ਮੀਨਾਂ ਨੂੰ ਵੇਚਣ ਤੇ ਕੀਮਤੀ ਧਾਰਮਿਕ ਗ੍ਰੰਥਾਂ ਦੇ ਗਾਇਬ ਹੋਣ ਵਰਗੇ ਜਿਹੜੇ ਦੋਸ਼ ਲਗਾਏ ਗਏ ਹਨ, ਉਨ੍ਹਾਂ ਨੇ ਪੂਰੀ ਦੁਨੀਆ ’ਚ ਬੈਠੀ ਸਿੱਖ ਸੰਗਤ ਨੂੰ ਝੰਜੋੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਸ਼ਰਮਨਾਕ ਹੈ ਕਿ ਜਿਸ ਸੰਸਥਾ ਦਾ ਕੰਮ ਕੌਮ ਦੇ ਹਿੱਤਾਂ ਦੀ ਰੱਖਿਆ ਕਰਨਾ ਸੀ, ਉਹ ਅੱਜ ਸਿਰਫ਼ ਇਕ ਪਰਿਵਾਰ ਦੀ ਜੀ ਹਜੂਰੀ ਤੇ ਉਨ੍ਹਾਂ ਦੇ ਸਿਆਸੀ ਹਿੱਤਾਂ ਨੂੰ ਪੂਰਾ ਕਰਨ ਦਾ ਅੱਡਾ ਬਣ ਕੇ ਰਹਿ ਗਈ ਹੈ।
ਉਨ੍ਹਾਂ ਕਿਹਾ ਕਿ ਜਦੋਂ ਕੋਈ ਆਮ ਵਿਅਕਤੀ ਨਹੀਂ, ਬਲਕਿ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਵਰਗੇ ਸਤਿਕਾਰਯੋਗ ਸ਼ਖਸੀਅਤ ਭ੍ਰਿਸ਼ਟਾਚਾਰ ਤੇ ਭਾਈ-ਭਤੀਜਾਵਾਦ ’ਤੇ ਸਵਾਲ ਚੁੱਕਦੀ ਹੈ, ਤਾਂ ਸਪੱਸ਼ਟ ਹੋ ਜਾਂਦਾ ਹੈ ਕਿ ਪਾਣੀ ਸਿਰ ਤੋਂ ਨਿਕਲ ਚੁੱਕਾ ਹੈ। ਉਨ੍ਹਾਂ ਕਿਹਾ ਕਿ ਐੱਸਜੀਪੀਸੀ ਅੱਜ ਸਿੱਖ ਕੌਮ ਦੀ ਆਵਾਜ਼ ਬਣਨ ਦੀ ਬਜਾਏ ਬਾਦਲ ਪਰਿਵਾਰ ਦੇ ਰਿਮੋਟ ਕੰਟਰੋਲ ਨਾਲ ਚੱਲ ਰਹੀ ਹੈ। ਕੌਮ ਦੀ ਜਾਇਦਾਦ ਨੂੰ ਨਿੱਜੀ ਤਿਜੋਰੀਆਂ ’ਚ ਬਦਲਣ ਦੀਆਂ ਕੋਸ਼ਿਸ਼ਾਂ ਨੂੰ ਹੁਣ ਹੋਰ ਬਰਦਾਸ਼ਤ ਨਹੀਂ ਕੀਤਾ ਜਾਏਗਾ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਸਾਰੇ ਗੰਭੀਰ ਦੋਸ਼ਾਂ ਦੀ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਸੰਗਤ ਦੇ ਸਾਹਮਣੇ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋ ਸਕੇ। ਇਸਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਐੱਸਜੀਪੀਸੀ ਨੂੰ ਇਕ ਪਰਿਵਾਰ ਦੇ ਕਬਜ਼ੇ ’ਚੋਂ ਮੁਕਤ ਕਰਵਾਇਆ ਜਾਣਾ ਚਾਹੀਦਾ ਹੈ ਤਾਂ ਜੋ ਇਹ ਸੰਸਥਾ ਦੁਬਾਰਾ ਆਪਣੇ ਮਾਣਮੱਤੇ ਇਤਿਹਾਸ ਦੇ ਮੁਤਾਬਕ ਪੂਰੀ ਸਿੱਖ ਕੌਮ ਦੀ ਭਲਾਈ ਲਈ ਕੰਮ ਕਰ ਸਕੇ।