ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਪਾਰਟੀ ਦੀ ਵਪਾਰ ਵਿੰਗ ਦੀ ਪ੍ਰਧਾਨ ਨੀਨਾ ਮਿੱਤਲ ਨੇ ਰੇਤ ਮਾਫ਼ੀਆ ਵੱਲੋਂ ਬੇਖ਼ੌਫ ਹੋ ਕੇ ਵਸੂਲੇ ਜਾਂਦੇ ਗੁੰਡਾ ਟੈਕਸ ਦਾ ਵਿਰੋਧ ਅਤੇ ਸ਼ਿਕਾਇਤ ਕਰਨ ਵਾਲੀ ਮੁਬਾਰਕਪੁਰ ਕ੍ਰੈਸ਼ਰ ਐਸੋਸੀਏਸ਼ਨ ਦੇ ਅਹੁਦੇਦਾਰਾਂ 'ਤੇ ਹੀ ਮਾਈਨਿੰਗ ਵਿਭਾਗ ਦੀ ਕਾਰਵਾਈ ਦਾ ਸਖ਼ਤ ਨੋਟਿਸ ਲੈਂਦਿਆਂ ਇਸ ਨੂੰ ਰੇਤ ਮਾਫ਼ੀਆ ਦੇ ਦਬਾਅ ਹੇਠ ਬਦਲੇ ਦੀ ਕਾਰਵਾਈ ਕਰਾਰ ਦਿੱਤਾ ਹੈ।

ਚੀਮਾ ਨੇ ਕਿਹਾ ਕਿ ਸ਼ਿਕਾਇਤਕਰਤਾ ਅਤੇ ਕ੍ਰੈਸ਼ਰ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਰਣਜੀਤ ਸਿੰਘ ਤੇਜਾ ਅਤੇ ਮੀਤ ਪ੍ਰਧਾਨ ਬਿ੍ਜ ਮੋਹਨ ਦੇ ਸਕਰੀਨਿੰਗ ਪਲਾਂਟਾਂ ਨੂੰ ਮਾਈਨਿੰਗ ਵਿਭਾਗ ਵੱਲੋਂ ਸੀਲ ਕਰਨਾ ਸਿੱਧੇ ਤੌਰ 'ਤੇ ਰੇਤ ਮਾਫ਼ੀਆ ਵਿਰੁੱਧ ਉੱਠਦੀਆਂ ਆਵਾਜ਼ਾਂ ਨੂੰ ਦਬਾਉਣ ਦੀ 'ਸਰਕਾਰੀ ਕੋਸ਼ਿਸ਼' ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ 'ਆਪ' ਵਿਧਾਇਕਾਂ ਅਤੇ ਆਗੂਆਂ ਦਾ ਵਫ਼ਦ ਸੂਬੇ 'ਚ ਬੇਲਗ਼ਾਮ ਹੋਏ ਰੇਤ ਮਾਫ਼ੀਆ ਨੂੰ ਨੱਥ ਪਾਉਣ ਲਈ ਦਬਾਅ ਪਾਵੇਗਾ। ਜੇਕਰ ਰੇਤ ਮਾਫ਼ੀਆ ਨੂੰ ਸਰਕਾਰੀ ਸਰਪ੍ਰਸਤੀ ਜਾਰੀ ਰਹੀ ਤਾਂ ਆਮ ਆਦਮੀ ਪਾਰਟੀ ਕੈਪਟਨ ਅਮਰਿੰਦਰ ਸਿੰਘ ਦੇ ਘਰ ਦਾ ਘਿਰਾਓ ਕਰੇਗੀ। ਨੀਨਾ ਮਿੱਤਲ ਨੇ ਕਿਹਾ ਕਿ ਗੁੰਡਾ ਟੈਕਸ ਵਿਰੁੱਧ ਸ਼ਿਕਾਇਤ ਕਰਨ ਵਾਲੇ ਕਾਰੋਬਾਰੀਆਂ ਵਿਰੁੱਧ ਤੁਰੰਤ ਮਾਈਨਿੰਗ ਵਿਭਾਗ ਦੀ ਕਾਰਵਾਈ ਨੇ ਸਾਬਤ ਕਰ ਦਿੱਤਾ ਹੈ ਕਿ ਸਰਕਾਰੀ ਤੰਤਰ ਅਤੇ ਮਾਫ਼ੀਆ ਕਿਸ ਹੱਦ ਤਕਘਿਓ-ਖਿਚੜੀ ਹਨ।