ਹਰਸਿਮਰਤ ਬਾਦਲ ਦਾ ‘ਆਪ’ ਸਰਕਾਰ ’ਤੇ ਵੱਡਾ ਹਮਲਾ: ਪੇਪਰ ਲੀਕ ਮਾਮਲੇ ’ਚ ਪਰਦਾ ਪਾਉਣ ਦਾ ਲਾਇਆ ਦੋਸ਼
ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਹਰਸਿਮਰਤ ਕੌਰ ਬਾਦਲ ਨੇ ਦੋਸ਼ ਲਾਇਆ ਹੈ ਕਿ ਫਾਰਮੇਸੀ ਅਫਸਰਾਂ ਦੀ ਭਰਤੀ ਪ੍ਰੀਖਿਆ ਦੇ ਪੇਪਰ ਲੀਕ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਸੱਚਾਈ 'ਤੇ ਪਰਦਾ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਕੈਨਰ ਪੈਨ ਰਾਹੀਂ ਪ੍ਰਸ਼ਨ ਪੱਤਰ ਬਾਹਰ ਭੇਜਣ ਦੀ ਗੱਲ ਕੀਤੀ ਜਾ ਰਹੀ ਹੈ, ਜਦਕਿ ਐਫਆਈਆਰ ਵਿੱਚ ਅਜਿਹੇ ਕਿਸੇ ਸਕੈਨਰ ਪੈਨ ਦਾ ਜ਼ਿਕਰ ਨਹੀਂ ਹੈ।
Publish Date: Tue, 28 Jul 2026 08:05 AM (IST)
Updated Date: Tue, 28 Jul 2026 08:08 AM (IST)
ਪੰਜਾਬੀ ਜਾਗਰਣ, ਬਿਊਰੋ, ਚੰਡੀਗੜ੍ਹ। ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਹਰਸਿਮਰਤ ਕੌਰ ਬਾਦਲ ਨੇ ਦੋਸ਼ ਲਾਇਆ ਹੈ ਕਿ ਫਾਰਮੇਸੀ ਅਫਸਰਾਂ ਦੀ ਭਰਤੀ ਪ੍ਰੀਖਿਆ ਦੇ ਪੇਪਰ ਲੀਕ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਸੱਚਾਈ 'ਤੇ ਪਰਦਾ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਕੈਨਰ ਪੈਨ ਰਾਹੀਂ ਪ੍ਰਸ਼ਨ ਪੱਤਰ ਬਾਹਰ ਭੇਜਣ ਦੀ ਗੱਲ ਕੀਤੀ ਜਾ ਰਹੀ ਹੈ, ਜਦਕਿ ਐਫਆਈਆਰ ਵਿੱਚ ਅਜਿਹੇ ਕਿਸੇ ਸਕੈਨਰ ਪੈਨ ਦਾ ਜ਼ਿਕਰ ਨਹੀਂ ਹੈ।
ਹਰਸਿਮਰਤ ਬਾਦਲ ਨੇ ਐਫਆਈਆਰ ਦੀ ਕਾਪੀ ਜਾਰੀ ਕਰਦਿਆਂ ਦਾਅਵਾ ਕੀਤਾ ਕਿ ਇਸ ਵਿੱਚ ਕੇਵਲ ਹੈੱਡਫੋਨ ਅਤੇ ਬਲੂਟੁੱਥ ਯੰਤਰ ਬਰਾਮਦ ਹੋਣ ਦਾ ਜ਼ਿਕਰ ਹੈ। ਉਨ੍ਹਾਂ ਕਿਹਾ ਕਿ ਸੱਚਾਈ ਸਾਹਮਣੇ ਲਿਆਉਣ ਲਈ ਮਾਮਲੇ ਦੀ ਜਾਂਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਈ ਜਾਵੇ ਤਾਂ ਜੋ ਪ੍ਰੀਖਿਆ ਦੇਣ ਵਾਲੇ ਕਰੀਬ 7 ਹਜ਼ਾਰ ਉਮੀਦਵਾਰਾਂ ਨੂੰ ਇਨਸਾਫ਼ ਮਿਲ ਸਕੇ।
ਅਕਾਲੀ ਆਗੂ ਨੇ ਦੋਸ਼ ਲਾਇਆ ਕਿ 'ਆਪ' ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਹੋਰ ਸੂਬਿਆਂ ਵਿੱਚ ਪ੍ਰਦਰਸ਼ਨਾਂ ਦਾ ਸਮਰਥਨ ਕਰਦੇ ਹਨ ਪਰ ਪੰਜਾਬ ਵਿੱਚ ਪੇਪਰ ਲੀਕ ਮਾਮਲਿਆਂ ਲਈ ਜਵਾਬਦੇਹ ਮੰਤਰੀਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ।
ਉਨ੍ਹਾਂ ਦਾਅਵਾ ਕੀਤਾ ਕਿ ਫਾਰਮੇਸੀ ਪ੍ਰੀਖਿਆ ਤੋਂ ਇਲਾਵਾ ਨਾਇਬ ਤਹਿਸੀਲਦਾਰ, ਟੀਈਟੀ, ਪੰਜਾਬ ਸਕੂਲ ਸਿੱਖਿਆ ਬੋਰਡ ਦੀ 12ਵੀਂ ਜਮਾਤ ਦੀ ਅੰਗਰੇਜ਼ੀ, ਖੇਤੀਬਾੜੀ ਵਿਕਾਸ ਅਫਸਰ ਅਤੇ ਗਰੁੱਪ-ਬੀ ਭਰਤੀ ਸਮੇਤ ਛੇ ਪੇਪਰ ਲੀਕ ਹੋਏ, ਜਿਨ੍ਹਾਂ ਨਾਲ ਕਰੀਬ ਪੰਜ ਲੱਖ ਵਿਦਿਆਰਥੀ ਪ੍ਰਭਾਵਿਤ ਹੋਏ।
ਉਨ੍ਹਾਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਜਵਾਬਦੇਹ ਮੰਤਰੀਆਂ ਨੂੰ ਅਹੁਦਿਆਂ ਤੋਂ ਹਟਾਇਆ ਜਾਵੇ।