ਜੇਐੱਨਐੱਨ, ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇਤਾ ਤੇ ਸਾਬਕਾ ਕੇਂਦਰੀ ਫੂਡ ਪ੍ਰੋਸੈਂਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਕੈਬਨਿਟ ਦੇ ਅਹੁਦੇ ਤੋਂ ਆਪਣੇ ਅਸਤੀਫ਼ੇ ਨੂੰ ਲੈ ਕੇ ਫਿਰ ਸਫਾਈ ਦਿੱਤੀ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਕਿਹਾ, ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਕਿਹਾ ਸੀ ਕਿ ਇਹ ਬਿੱਲ ਸਾਰਿਆਂ ਪੱਖਾਂ ਤੋਂ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਸੰਸਦ 'ਚ ਪੇਸ਼ ਕੀਤਾ ਜਾਵੇ ਪਰ ਉਨ੍ਹਾਂ ਦੀ ਅਪੀਲ 'ਤੇ ਧਿਆਨ ਨਹੀਂ ਦਿੱਤਾ ਗਿਆ।

ਹਰਸਿਮਰਤ ਨੇ ਕਿਹਾ, 'ਮੈਂ ਸਰਕਾਰ ਨੂੰ ਕਿਹਾ ਕਿ ਕਿਸਾਨ ਸਮੇਤ ਸਾਰੇ ਪੱਖਾਂ 'ਤੇ ਹਿੱਤਧਾਰਕਾਂ ਨਾਲ ਵਿਚਾਰ-ਵਟਾਂਦਰਾ ਤੋਂ ਬਾਅਦ ਹੀ ਕਿਸਾਨੀ ਬਿੱਲ ਲਿਆਏ ਜਾਣ। ਇਸ 'ਚ ਸਿਆਸਤ ਕੀ ਹੈ? ਮੈਂ ਇਸ ਬਾਰੇ ਕਿਹਾ, ਪਰ ਇਸ ਨੂੰ ਨਹੀਂ ਮੰਨਿਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ 'ਚ ਹੀ ਨਹੀਂ ਹੋਰ ਸੂਬਿਆਂ 'ਚ ਵੀ ਕਿਸਾਨ ਇਨ੍ਹਾਂ ਬਿੱਲਾਂ ਦਾ ਵਿਰੋਧ ਕਰ ਰਹੇ ਹਨ। ਨਾ ਸਿਰਫ਼ ਪੰਜਾਬ ਬਲਕਿ ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼ ਤੇ ਮਹਾਰਾਸ਼ਟਰ 'ਚ ਵੀ ਕਿਸਾਨ ਅੰਦੋਲਨ ਕਰ ਰਹੇ ਹਨ। ਦੱਖਣੀ ਭਾਰਤ 'ਚ ਵੀ ਇਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਹੈੈ।

ਦੱਸ ਦੇਈਏ ਕਿ ਹਰਸਿਮਰਤ ਕੌਰ ਬਾਦਲ ਨੇ ਵੀਰਵਾਰ ਨੂੰ ਕਿਸਾਨੀ ਆਰਡੀਨੈਂਸ ਦੇ ਵਿਰੋਧ 'ਚ ਕੇਂਦਰੀ ਕੈਬਨਿਟ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ।

Posted By: Amita Verma