ਚੰਡੀਗੜ੍ਹ : ਅੱਜ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਦੇ ਸਿਵਲ ਹਸਪਤਾਲ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 2 ਮੈਡੀਕਲ ਰਾਹਤ ਵੈਨਾਂ ਨੂੰ ਰਵਾਨਾ ਕੀਤਾ। ਇਨ੍ਹਾਂ ਵੈਨਾਂ 'ਚ ਮੈਡੀਕਲ ਸਪੈਸ਼ਲਿਸਟ, ਚਮੜੀ ਰੋਗਾਂ ਦੇ ਮਾਹਿਰ ਤੇ ਗਾਇਨੀ ਦੇ ਮੈਡੀਕਲ ਅਫਸਰਾਂ ਤੋਂ ਇਲਾਵਾ ਪੈਰਾ-ਮੈਡੀਕਲ ਸਟਾਫ ਦੀਆਂ ਟੀਮਾਂ ਵੀ ਭੇਜੀਆਂ ਗਈਆਂ ਹਨ।

ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਇਹ ਮੈਡੀਕਲ ਰਾਹਤ ਵੈਨਾਂ ਰੋਪੜ, ਜਲੰਧਰ ਤੇ ਕਪੂਰਥਲਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਪੀੜਤ ਮਰੀਜ਼ਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਨਾਉਣਗੀਆਂ, ਜਿਸ ਲਈ ਵੈਨਾਂ ਦੇ ਨਾਲ ਸਪੈਸ਼ਲਿਸਟਾਂ ਡਾਕਟਰਾਂ ਨੂੰ ਵੀ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੈਡੀਕਲ ਕੈਂਪਾਂ 'ਚ ਮਿਲਣ ਵਾਲੀਆਂ ਦਵਾਈਆਂ ਤੋਂ ਇਲਾਵਾ ਹਰ ਵੈਨ ਵਿਚ 5000 ਵਿਅਕਤੀਆਂ ਅਤੇ ਲਗਪਗ 2000 ਬੱਚਿਆਂ ਨੂੰ ਇਲਾਜ ਸੁਵਿਧਾਵਾਂ ਦੇਣ ਲਈ ਵੱਖ-ਵੱਖ ਦਵਾਈਆਂ ਹਨ ਤੇ ਪਾਣੀ ਦੀਆਂ ਬਿਮਾਰੀਆਂ ਨੂੰ ਰੋਕਣ ਲਈ 2 ਲੱਖ ਕਲੋਰੀਨ ਦੀਆਂ ਗੋਲੀਆਂ ਵੀ ਭੇਜੀਆਂ ਗਈਆਂ ਹਨ।

ਸਿਹਤ ਮੰਤਰੀ ਨੇ ਮੈਡੀਕਲ ਕੈਂਪਾਂ ਦੀ ਜਾਣਕਾਰੀ ਦਿੰਦਿਆ ਦੱਸਿਆ ਕਿ ਸਿਹਤ ਵਿਭਾਗ ਵੱਲੋਂ 18 ਅਗਸਤ ਤੋਂ ਲੈ ਕੇ 28 ਅਗਸਤ ਤਕ 8 ਜ਼ਿਲ੍ਹਿਆਂ 'ਚ ਲਵਾਏ ਮੈਡੀਕਲ ਕੈਂਪਾਂ 'ਚ ਲਗਪਗ 17,000 ਮਰੀਜ਼ਾਂ ਦੀ ਜਾਂਚ ਕੀਤੀ ਜਾ ਚੁੱਕੀ ਹੈ ਤੇ ਇਨ੍ਹਾਂ ਮਰੀਜ਼ਾਂ 'ਚ ਬੁਖਾਰ, ਦਸਤ, ਉਲਟੀਆਂ, ਚਮੜੀ ਤੇ ਹੋਰ ਰੋਗਾਂ ਦਾ ਸ਼ਿਕਾਇਤ ਹੋਣ 'ਤੇ ਇਲਾਜ ਕੀਤਾ ਜਾ ਰਿਹਾ ਹੈ।

ਸਿਹਤ ਮੰਤਰੀ ਨੇ ਦੱਸਿਆ ਕਿ ਹੜ੍ਹਾਂ ਕਾਰਨ ਮੱਛਰਾਂ ਨਾਲ ਹੋਣ ਵਾਲੀਆਂ ਬਿਮਾਰੀਆਂ ਦੇ ਪੁਖਤਾ ਢੰਗ ਨਾਲ ਇਲਾਜ ਲਈ 74 ਵੈਕਟਰ ਬੋਰਨ ਟੀਮਾਂ ਦਾ ਗਠਨ ਕੀਤੀਆਂ ਗਈਆਂ ਹਨ ਜੋ ਖੜ੍ਹੇ ਪਾਣੀ ਵਾਲੀਆਂ ਥਾਵਾਂ ’ਤੇ ਲਾਰਵੀਸਾਈਡ ਤੇ ਕੀਟਨਾਸ਼ਕ ਦਵਾਈਆਂ ਦਾ ਛਿੜਕਾਅ ਕਰ ਰਹੇ ਹਨ।

ਉਨ੍ਹਾਂ ਇਹ ਵੀ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਸ਼ਹਿਰਾਂ ਤੇ ਪਿੰਡਾਂ ਵਿਚ ਸਥਾਨਕ ਸਰਕਾਰਾਂ ਤੇ ਪੇਂਡੂ ਵਿਕਾਸ ਵਿਭਾਗ ਨਾਲ ਮਿਲ ਕੇ ਸਾਂਝੇ ਰੂਪ 'ਚ ਕੰਮ ਕਰ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਜਲੰਧਰ ਤੇ ਕਪੂਰਥਲਾ ਦੇ ਜ਼ਿਆਦਾ ਪ੍ਰਭਾਵਿਤ ਇਲਾਕਿਆਂ ਨੂੰ ਕਵਰ ਕਰਨ ਲਈ ਪਹਿਲਾਂ ਹੀ ਪ੍ਰਤੀ ਪਿੰਡ ਕ੍ਰਮਵਾਰ 20 ਤੇ 21 ਮੈਡੀਕਲ ਮੋਬਾਈਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਤੇ ਸਿਵਲ ਸਰਜਨਾਂ ਨੂੰ ਮੈਡੀਕਲ ਕੈਂਪਾਂ ਦੇ ਕੰਮ-ਕਾਜ 'ਤੇ ਸਖਤ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ।

ਸਿੱਧੂ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪਹਿਲਾਂ ਹੀ ਲਗਪਗ 60 ਲੱਖ ਕਲੋਰੀਨ ਦੀਆਂ ਗੋਲੀਆ ਖਰੀਦੀਆਂ ਗਈਆਂ ਸਨ ਤੇ ਹੁਣ ਹੜ੍ਹਾਂ ਦੀ ਸਥਿਤੀ ਨੂੰ ਦੇਖਦਿਆਂ 17 ਲੱਖ ਹੋਰ ਕਲੋਰੀਨ ਦੀਆਂ ਗੋਲੀਆਂ ਦੀ ਖਰੀਦ ਕੀਤੀ ਗਈ ਹੈ। ਦੂਸ਼ਿਤ ਪਾਣੀ ਤੋਂ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਣ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਐਂਬੂਲੈਂਸਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਗੰਭੀਰ ਮਰੀਜ਼ਾਂ ਨੂੰ ਸਰਕਾਰੀ ਹਸਪਤਾਲਾਂ 'ਚ ਲਿਜਾ ਕੇ ਇਲਾਜ ਕਰਵਾਇਆ ਜਾ ਸਕੇ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹੜ੍ਹਾਂ 'ਚ ਨੁਕਸਾਨੇ ਗਏ ਖੇਤਰਾਂ 'ਚ ਕਿਸੇ ਵੀ ਤਰ੍ਹਾਂ ਦੀ ਸਿਹਤ ਸਹੂਲਤ ਲੈਣ ਲਈ ਟੋਲ ਫ੍ਰੀ ਨੰਬਰ 104 `ਤੇ ਸੰਪਰਕ ਕੀਤਾ ਜਾ ਸਕਦਾ ਹੈ।

Posted By: Jaskamal