ਡੇਰਾਬੱਸੀ ਹਲਕੇ ’ਚ ਸਿਹਤ ਕ੍ਰਾਂਤੀ ਨੂੰ ਵੱਡਾ ਬਲ, ਤਿੰਨ ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ
ਡੇਰਾਬੱਸੀ ਹਲਕੇ ਵਿਚ ਸਿਹਤ ਕ੍ਰਾਂਤੀ ਨੂੰ ਵੱਡਾ ਬਲ, ਤਿੰਨ ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ
Publish Date: Sun, 29 Mar 2026 06:30 PM (IST)
Updated Date: Sun, 29 Mar 2026 06:33 PM (IST)

ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉੱਚ ਦਰਜੇ ਦੀਆਂ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਵਾਅਦੇ ਨੂੰ ਨਿਭਾਉਂਦੇ ਹੋਏ ਡੇਰਾਬੱਸੀ ਹਲਕੇ ’ਚ ਤਿੰਨ ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਇਸ ਨਾਲ ਹੁਣ ਹਲਕੇ ’ਚ ਕੁੱਲ 22 ਆਮ ਆਦਮੀ ਕਲੀਨਿਕ ਸਫ਼ਲਤਾਪੂਰਵਕ ਚੱਲ ਰਹੇ ਹਨ, ਜੋ ਹਰ ਰੋਜ਼ ਸੈਂਕੜਿਆਂ ਮਰੀਜ਼ਾਂ ਨੂੰ ਲਾਭ ਪਹੁੰਚਾ ਰਹੇ ਹਨ। ਇਸ ਮੌਕੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਹਲਕੇ ਦੇ ਨਿਵਾਸੀਆਂ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ ਕਿਉਂਕਿ ਹੁਣ ਆਮ ਲੋਕਾਂ ਨੂੰ ਛੋਟੀ-ਮੋਟੀ ਬਿਮਾਰੀਆਂ ਲਈ ਦੂਰ ਦਰਾਜ਼ ਦੇ ਹਸਪਤਾਲਾਂ ਵਿਚ ਜਾਣ ਦੀ ਲੋੜ ਨਹੀਂ ਰਹੀ। ਵਿਧਾਇਕ ਰੰਧਾਵਾ ਨੇ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿਚ ਮੁਫ਼ਤ ਡਾਕਟਰੀ ਜਾਂਚ, ਲੈਬ ਟੈਸਟ ਅਤੇ ਦਵਾਈਆਂ ਦੀ ਸਹੂਲਤ ਉਪਲਬੱਧ ਕਰਵਾਈ ਜਾ ਰਹੀ ਹੈ, ਜਿਸ ਨਾਲ ਲੋਕਾਂ ਦਾ ਸਮਾਂ ਅਤੇ ਪੈਸਾ ਦੋਵੇਂ ਬਚ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖਲੱਖ ਇਹ ਹੈ ਕਿ ਹਰ ਵਿਅਕਤੀ ਤੱਕ ਬੁਨਿਆਦੀ ਸਿਹਤ ਸੇਵਾਵਾਂ ਆਸਾਨੀ ਨਾਲ ਪਹੁੰਚਣ। ਇਸ ਉਪਲਬੱਧੀ ਲਈ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਖ਼ਾਸ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਦੀ ਦੂਰਦਰਸ਼ੀ ਸੋਚ ਅਤੇ ਵਚਨਬੱਧਤਾ ਕਰਕੇ ਹੀ ਪੰਜਾਬ ਵਿਚ ਸਿਹਤ ਖੇਤਰ ’ਚ ਇਤਿਹਾਸਕ ਬਦਲਾਅ ਆ ਰਹੇ ਹਨ। ਉਨ੍ਹਾਂ ਹੋਰ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਡੇਰਾਬੱਸੀ ਹਲਕੇ ਵਿਚ ਵਿਕਾਸ ਕਾਰਜ ਇਸੇ ਤਰ੍ਹਾਂ ਜਾਰੀ ਰਹਿਣਗੇ ਅਤੇ ਲੋਕਾਂ ਦੀਆਂ ਮੁੱਢਲੀਆਂ ਜ਼ਰੂਰਤਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ। ਆਮ ਆਦਮੀ ਕਲੀਨਿਕਾਂ ਦੀ ਇਹ ਲੜੀ ਸਿਹਤ ਸੇਵਾਵਾਂ ਨੂੰ ਮਜ਼ਬੂਤ ਬਣਾਉਣ ਵੱਲ ਇਕ ਮਹੱਤਵਪੂਰਨ ਕਦਮ ਹੈ, ਜਿਸ ਨਾਲ ਹਰ ਵਰਗ ਦੇ ਲੋਕਾਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ।