v> ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ’ਚ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਘਟਨਾ ’ਤੇ ਦੁੱਖ ਅਤੇ ਨਿਰਾਸ਼ਾ ਦਾ ਪ੍ਰਗਟਾਵਾ ਕੀਤਾ ਤੇ ਨਾਲ ਹੀ ਦਿੱਲੀ ’ਚ ਤਣਾਅ ਦੇ ਮੱਦੇਨਜ਼ਰ ਪੰਜਾਬ ’ਚ ਹਾਈ ਅਲਰਟ ਜਾਰੀ ਕਰਨ ਦੇ ਹੁਕਮ ਦਿੱਤੇ ਹਨ । ਉਨ੍ਹਾਂ ਨੇ ਡੀਜੀਪੀ ਦਿਨਕਰ ਗੁਪਤਾ ਨੂੰ ਇਹ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ ਕਿ ਸੂਬੇ ’ਚ ਕਿਸੇ ਵੀ ਕੀਮਤ ’ਤੇ ਅਮਨ ਕਾਨੂੰਨ ਦੀ ਹਾਲਤ ਭੰਗ ਨਾ ਹੋਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਜਿਸ ਤਰ੍ਹਾਂ ਦੀ ਘਟਨਾ ਹੋਈ, ਉਹ ਬੇਹੱਦ ਦੁਖਦਾਈ ਸੀ। ਕੁਝ ਤੱਤਾਂ ਵੱਲੋਂ ਹਿੰਸਾ ਕਰਨ ਦੀ ਘਟਨਾ ਨੂੰ ਕਦੇ ਵੀ ਸਵੀਕਾਰ ਨਹੀਂ ਕੀਤਾ ਜਾ ਸਕਦਾ। ਕਿਸਾਨਾਂ ਨੂੰ ਤੁਰੰਤ ਦਿੱਲੀ ਤੋਂ ਬਾਹਰ ਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਕਿਸਾਨ ਅੰਦੋਲਨ ਨੂੰ ਧੱਕਾ ਲੱਗੇਗਾ ਤੇ ਸ਼ਾਂਤੀਪੂੁੂਰਨ ਤਰੀਕੇ ਨਾਲ ਅੰਦੋਲਨ ਕਰ ਰਹੇ ਕਿਸਾਨਾਂ ਅਤੇ ਕਿਸਾਨ ਆਗੂਆਂ ਦੀਆਂ ਸਦਭਾਵਨਾਂ ਦੀਆਂ ਕੋਸ਼ਿਸ਼ਾਂ ਨੂੰ ਨਕਾਰ ਦੇਵੇਗਾ। ਉਨ੍ਹਾਂ ਕਿਹਾ ਕਿ ਲੋਕਤੰਤਰ ’ਚ ਇਸ ਤਰ੍ਹਾਂ ਦੀ ਹਿੰਸਾ ਦੀਆਂ ਘਟਨਾਵਾਂ ਨੂੰ ਕਿਸੇ ਤਰੀਕੇ ਨਾਲ ਉੱਚਿਤ ਨਹੀਂ ਠਹਿਰਾਇਆ ਜਾ ਸਕਦਾ। ਗਣਤੰਤਰ ਦਿਵਸ ਮੌਕੇ ਇਸ ਤਰ੍ਹਾਂ ਦੀ ਘਟਨਾ ’ਤੇ ਪੰਜਾਬ ਦੇ ਕਈ ਹੋਰ ਆਗੂੂਆਂ ਨੇ ਵੀ ਨਿਰਾਸ਼ਾ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਇਸ ਤੋਂ ਪਹਿਲਾਂ ਵੀ ਕਿਸਾਨਾਂ ਨੂੰ ਟਰੈਕਟਰ ਪਰੇਡ ਦੌਰਾਨ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਸੀ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਾਲੇ ਕੋਈ ਬਿਆਨ ਨਹੀਂ ਆਇਆ ਹੈ।

Posted By: Sunil Thapa