ਡੀਏ-ਡੀਆਰ ਬਕਾਇਆ ਮਾਮਲੇ 'ਚ ਹਾਈ ਕੋਰਟ ਪੰਜਾਬ ਸਰਕਾਰ ਦੇ ਜਵਾਬ ਤੋਂ ਅਸੰਤੁਸ਼ਟ, ਪੈਨਸ਼ਨਰਾਂ ਦੇ ਬਕਾਏ ਸਬੰਧੀ ਸਰਕਾਰ ਤੋਂ ਪੁੱਛੇ ਸਖ਼ਤ ਸਵਾਲ, ਸੁਣਵਾਈ ਅੱਜ
ਪੰਜਾਬ ਸਰਕਾਰ ਦੇ ਲੱਖਾਂ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀਏ) ਅਤੇ ਮਹਿੰਗਾਈ ਰਾਹਤ (ਡੀਆਰ) ਦੇ ਬਕਾਇਆ ਭੁਗਤਾਨ ਨਾਲ ਜੁੜੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੋਮਵਾਰ ਨੂੰ ਸੂਬਾ ਸਰਕਾਰ ਦੇ ਪੱਖ ’ਤੇ ਗੰਭੀਰ ਸਵਾਲ ਉਠਾਏ।
Publish Date: Tue, 07 Jul 2026 08:21 AM (IST)
Updated Date: Tue, 07 Jul 2026 08:24 AM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ। ਪੰਜਾਬ ਸਰਕਾਰ ਦੇ ਲੱਖਾਂ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀਏ) ਅਤੇ ਮਹਿੰਗਾਈ ਰਾਹਤ (ਡੀਆਰ) ਦੇ ਬਕਾਇਆ ਭੁਗਤਾਨ ਨਾਲ ਜੁੜੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੋਮਵਾਰ ਨੂੰ ਸੂਬਾ ਸਰਕਾਰ ਦੇ ਪੱਖ ’ਤੇ ਗੰਭੀਰ ਸਵਾਲ ਉਠਾਏ।
ਕਾਰਜਕਾਰੀ ਮੁੱਖ ਜੱਜ ਅਸ਼ਵਿਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਡਿਵੀਜ਼ਨ ਬੈਂਚ ਸਾਹਮਣੇ ਸੁਣਵਾਈ ਦੌਰਾਨ ਸਰਕਾਰ ਵੱਲੋਂ ਸੀਨੀਅਰ ਵਕੀਲ ਦੀਪਿੰਦਰ ਸਿੰਘ ਪਟਵਾਲੀਆ ਨੇ ਦਲੀਲ ਦਿੱਤੀ ਕਿ ਡੀਏ ਅਤੇ ਡੀਆਰ ਦੇ ਭੁਗਤਾਨ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਕੇਂਦਰ ਸਰਕਾਰ ਦੀ ਨੀਤੀ ਅਪਣਾਉਣ ਲਈ ਬੱਝੀ ਨਹੀਂ ਹੈ।
ਉਨ੍ਹਾਂ ਕਿਹਾ ਕਿ ਸੂਬੇ ਵਿੱਚ ਇਸ ਸਬੰਧੀ ਵੱਖਰੇ ਕਾਨੂੰਨੀ ਨਿਯਮ ਲਾਗੂ ਹਨ ਅਤੇ ਸਰਕਾਰ ਉਨ੍ਹਾਂ ਅਨੁਸਾਰ ਫ਼ੈਸਲਾ ਲੈਣ ਲਈ ਸੁਤੰਤਰ ਹੈ।
ਬਕਾਇਆ ਭੁਗਤਾਨ ਲਈ ਦਾਇਰ ਹਨ ਪਟੀਸ਼ਨਾਂ
ਸਰਕਾਰ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਹਾਈ ਕੋਰਟ ਨੇ ਕਈ ਸਵਾਲ ਉਠਾਉਂਦਿਆਂ ਕਿਹਾ ਕਿ ਮਾਮਲੇ ਦੇ ਕਾਨੂੰਨੀ ਪਹਿਲੂਆਂ 'ਤੇ ਵਿਸਥਾਰ ਨਾਲ ਸੁਣਵਾਈ ਕੀਤੀ ਜਾਵੇਗੀ। ਇਸ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਸੁਣਵਾਈ 7 ਜੁਲਾਈ ਤੱਕ ਮੁਲਤਵੀ ਕਰ ਦਿੱਤੀ।
ਕਰਮਚਾਰੀਆਂ ਅਤੇ ਪੈਨਸ਼ਨਰਾਂ ਵੱਲੋਂ ਦਾਇਰ ਪਟੀਸ਼ਨਾਂ ਵਿੱਚ ਮੰਗ ਕੀਤੀ ਗਈ ਹੈ ਕਿ ਕੇਂਦਰ ਸਰਕਾਰ ਦੀ ਤਰਜ਼ 'ਤੇ ਉਨ੍ਹਾਂ ਨੂੰ ਡੀਏ ਅਤੇ ਡੀਆਰ ਦਾ ਬਕਾਇਆ ਸਮੇਂ ਸਿਰ ਦਿੱਤਾ ਜਾਵੇ। ਪਟੀਸ਼ਨਕਰਤਾਵਾਂ ਦਾ ਕਹਿਣਾ ਹੈ ਕਿ ਲੰਬੇ ਸਮੇਂ ਤੋਂ ਬਕਾਇਆ ਨਾ ਮਿਲਣ ਕਾਰਨ ਕਰਮਚਾਰੀਆਂ ਅਤੇ ਸੇਵਾਮੁਕਤ ਮੁਲਾਜ਼ਮਾਂ ਨੂੰ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ। ਇਸ ਤੋਂ ਪਹਿਲਾਂ ਵੀ ਹਾਈ ਕੋਰਟ ਸੂਬਾ ਸਰਕਾਰ ਤੋਂ ਕਈ ਵਾਰ ਜਵਾਬ ਮੰਗ ਚੁੱਕਾ ਹੈ।
ਇਕਹਿਰੀ ਬੈਂਚ ਬਕਾਇਆ ਭੁਗਤਾਨ ਦੇ ਹੱਕ ਵਿੱਚ ਹੁਕਮ ਜਾਰੀ ਕਰ ਚੁੱਕੀ ਹੈ, ਜਿਸ ਖ਼ਿਲਾਫ਼ ਸੂਬਾ ਸਰਕਾਰ ਨੇ ਅਪੀਲ ਦਾਇਰ ਕੀਤੀ ਹੋਈ ਹੈ। ਸੁਣਵਾਈ ਦੌਰਾਨ ਸਰਕਾਰ ਦਾ ਕਹਿਣਾ ਹੈ ਕਿ ਸੂਬੇ ਦੀ ਵਿੱਤੀ ਸਥਿਤੀ ਅਤੇ ਲਾਗੂ ਨਿਯਮਾਂ ਨੂੰ ਧਿਆਨ ਵਿੱਚ ਰੱਖ ਕੇ ਹੀ ਫ਼ੈਸਲਾ ਲਿਆ ਜਾ ਸਕਦਾ ਹੈ।