ਸਟੇਟ ਬਿਊਰੋ, ਚੰਡੀਗੜ੍ਹ : ਪਟਾਕੇ ਚਲਾਉਣ 'ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਆਪਣੇ ਪਿਛਲੇ ਆਦੇਸ਼ ਨੂੰ ਜਾਰੀ ਰੱਖਦੇ ਹੋਏ ਇਸ ਵਾਰੀ ਵੀ ਦੀਵਾਲੀ ਅਤੇ ਗੁਰਪੁਰਬ ਮੌਕੇ ਰਾਤ ਅੱਠ ਤੋਂ 10 ਵਜੇ ਤਕ ਪਟਾਕੇ ਚਲਾਏ ਜਾਣ ਦਾ ਆਦੇਸ਼ ਦਿੱਤਾ ਹੈ।

ਹਾਈ ਕੋਰਟ ਦੇ ਚੀਫ ਜਸਟਿਸ ਰਾਜੀਵ ਸ਼ਰਮਾ ਦੇ ਬੈਂਚ ਨੇ ਮੰਗਲਵਾਰ ਨੂੰ ਆਪਣੇ ਦੋ ਸਾਲ ਪਹਿਲਾਂ ਲਏ ਗਏ ਨੋਟਿਸ 'ਤੇ ਸੁਣਵਾਈ ਕਰਦੇ ਹੋਏ ਸਾਫ਼ ਕਰ ਦਿੱਤਾ ਕਿ ਸੁਪਰੀਮ ਕੋਰਟ ਪਿਛਲੇ ਸਾਲ ਰਾਤ ਅੱਠ ਤੋਂ 10 ਵਜੇ ਤਕ ਹੀ ਪਟਾਕੇ ਤੇ ਆਤਿਸ਼ਬਾਜ਼ੀ ਚਲਾਉਣ ਦਾ ਸਮਾਂ ਨਿਰਧਾਰਤ ਕਰ ਚੁੱਕੀ ਹੈ।

ਲਿਹਾਜ਼ਾ, ਇਸ ਸਾਲ ਵੀ ਸੁਪਰੀਮ ਕੋਰਟ ਦੇ ਆਦੇਸ਼ਾਂ ਤਹਿਤ ਦੀਵਾਲੀ ਵਾਲੇ ਦਿਨ ਪੰਜਾਬ, ਹਰਿਆਣਾ ਤੇ ਚੰਡੀਗੜ੍ਹ 'ਚ ਇਨ੍ਹਾਂ ਦੋ ਘੰਟਿਆਂ ਦੇ ਵਿਚ ਹੀ ਪਟਾਕੇ ਚਲਾਉਣ ਦੀ ਇਜਾਜ਼ਤ ਹੋਵੇਗੀ। ਮੰਗਲਵਾਰ ਨੂੰ ਹਾਈ ਕੋਰਟ ਨੇ ਕਿਹਾ ਕਿ ਪਿਛਲੇ ਸਾਲ ਸੁਪਰੀਮ ਕੋਰਟ ਨੇ ਜਿਹੜਾ ਸਮਾਂ ਤੈਅ ਕੀਤਾ ਹੈ, ਉਸੇ ਸਮੇਂ ਵਿਚ ਹੀ ਇਸ ਸਾਲ ਦੀਵਾਲੀ ਦੀ ਰਾਤ ਪਟਾਕੇ ਚਲਾਉਣ ਦੀ ਇਜਾਜ਼ਤ ਹੋਵੇਗੀ। ਦੀਵਾਲੀ ਤੋਂ ਪਹਿਲਾਂ ਅਤੇ ਉਸ ਤੋਂ ਬਾਅਦ ਪਟਾਕੇ ਚਲਾਉਣ 'ਤੇ ਪੂਰੀ ਤਰ੍ਹਾਂ ਰੋਕ ਰਹੇਗੀ।

Posted By: Jagjit Singh